Major incident in Moga: Gunfire erupts between two factions on the evening of Diwali
ਮੋਗਾ ‘ਚ ਵੱਡੀ ਵਾਰਦਾਤ : ਦੀਵਾਲੀ ਵਾਲੀ ਸ਼ਾਮ ਦੋ ਧੜਿਆਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ
ਮੋਗਾ (ਆਵਾਜ਼ਿ ਕੌਮ ਬਿਊਰੋ)-ਮੋਗਾ ਦੇ ਬਾਘਾਪੁਰਾਣਾ ਦੇ ਖੇਤਰ ਬਸਤੀ ਵਿੱਚ ਦੀਵਾਲੀ ਵਾਲੀ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਗੱਡੀਆਂ ‘ਤੇ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਚਲਾਉਣ ਤੋਂ ਬਾਅਦ ਉਕਤ ਲੋਕ ਮੌਕੇ ਤੋਂ ਫ਼ਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ, ਦੋ ਧੜਿਆਂ ਵਿਚਕਾਰ ਆਪਸੀ ਰੰਜਿਸ਼ ਦੇ ਚੱਲਦਿਆਂ ਕਰੀਬ 7 ਤੋਂ 8 ਰਾਊਂਡ ਫਾਇਰ ਕੀਤੇ ਗਏ ਸਨ। ਇਸ ਘਟਨਾ ਦੌਰਾਨ ਆਪਣੇ ਘਰ ਦੀ ਛੱਤ ‘ਤੇ ਖੜ੍ਹਾ ਇੱਕ ਵਿਅਕਤੀ ਗੋਲੀਆਂ ਦੀ ਲਪੇਟ ਵਿੱਚ ਆਉਣ ਕਾਰਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਦੀ ਪਛਾਣ 35 ਸਾਲਾ ਜਗਜੀਤ ਸਿੰਘ ਵਾਸੀ ਬਾਘਾਪੁਰਾਣਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਬਾਘਾਪੁਰਾਣਾ ਪੁਲਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਵਿਅਕਤੀ ਨੂੰ ਬਾਘਾਪੁਰਾਣਾ ਦੇ ਸਰਕਾਰੀ ਹਸਪਤਾਲ ਤੋਂ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁੱਜੇ ਡੀਐਸਪੀ ਬਾਘਾਪੁਰਾਣਾ ਜਸਵਰਿੰਦਰ ਸਿੰਘ ਖੈਹਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਫਾਇਰਿੰਗ ਦੌਰਾਨ ਜਗਜੀਤ ਸਿੰਘ ਜ਼ਖ਼ਮੀ ਹੋਇਆ ਹੈ, ਜਿਸ ਦੀ ਹਾਲਤ ਠੀਕ ਹੈ। ਉਸ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

