Major stir in Punjab politics! Amidst discussions of an alliance, Captain Amarinder Singh meets PM Modi
ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ! ਗੱਠਜੋੜ ਦੀਆਂ ਚਰਚਾਵਾਂ ਵਿਚਾਲੇ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿਚ ਹਲਚਲ ਤੇਜ਼ ਹੋ ਚੁੱਕੀ ਹੈ। ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਸਬੰਧੀ ਚੱਲ ਰਹੀਆਂ ਚਰਚਾਵਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਇਕ ‘ਸੀਕ੍ਰੇਟ ਮੀਟਿੰਗ’ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ, ਇਹ ਮੁਲਾਕਾਤ ਬੁੱਧਵਾਰ ਨੂੰ ਨਵੀਂ ਦਿੱਲੀ ਵਿਚ ਹੋਈ ਸੀ। ਫ਼ਿਲਹਾਲ ਇਸ ਮੀਟਿੰਗ ਨਾਲ ਜੁੜੀ ਕੋਈ ਤਸਵੀਰ ਜਾਂ ਕੋਈ ਅਧਿਕਾਰਤ ਬਿਆਨ ਤਾਂ ਸਾਹਮਣੇ ਨਹੀਂ ਆਇਆ, ਪਰ ਇਕ ਮੀਡੀਆ ਰਿਪੋਰਟ ਮੁਤਾਬਕ, ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਮੁਲਾਕਾਤ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਕੈਪਟਨ ਨੇ ਇਹ ਆਖ਼ਿਆ ਹੈ ਕਿ ਇਸ ਮੀਟਿੰਗ ਦੌਰਾਨ ਦੋਹਾਂ ਵਿਚਾਲੇ ਕੋਈ ਸਿਆਸੀ ਚਰਚਾ ਨਹੀਂ ਹੋਈ ਸੀ। ਇਹ ਮੀਟਿੰਗ ਅਜਿਹੇ ਸਮੇਂ ਵਿਚ ਹੋਈ ਹੈ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵਿਚਾਲੇ ਮੀਟਿੰਗ ਹੋਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ, ਦੋਹਾਂ ਪਾਰਟੀਆਂ ਵੱਲੋਂ ਇਹ ਇਸ ਬਾਰੇ ਖੁੱਲ੍ਹ ਕੇ ਕੋਈ ਬਿਆਨਬਾਜ਼ੀ ਨਹੀਂ ਕੀਤੀ ਜਾ ਰਹੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਵਕਾਲਤ ਕਰਦੇ ਰਹੇ ਹਨ ਤੇ ਅਜਿਹੇ ਮੌਕੇ ‘ਤੇ ਅਚਾਨਕ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਹੋਣਾ ਬਹੁਤ ਵੱਡੀ ਗੱਲ ਮੰਨੀ ਜਾ ਰਹੀ ਹੈ।

