Motorcycle bought on Diwali; dragged for 40 feet by a tipper truck, youth dies
ਦੀਵਾਲੀ ਦੇ ਦਿਨ ਖ਼ਰੀਦਿਆ ਸੀ ਮੋਟਰਸਾਈਕਲ! ਟਿੱਪਰ ਵਾਲੇ ਨੇ 40 ਫੁੱਟ ਤਕ ਘੜੀਸਿਆ, ਨੌਜਵਾਨ ਦੀ ਮੌਤ
ਨਡਾਲਾ (ਆਵਾਜ਼ਿ ਕੌਮ ਬਿਊਰੋ)-ਨਡਾਲਾ-ਸੁਭਾਨਪੁਰ ਰੋਡ ‘ਤੇ ਨਡਾਲਾ ਵਿਖੇ ਸ਼ਰਮਾ ਪੈਟਰੋਲ ਪੰਪ ਦੇ ਸਾਹਮਣੇ ਮਿੱਟੀ ਨਾਲ ਲੱਦੇ ਇਕ ਟਿੱਪਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ‘ਚ ਇਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਉਕਤ ਮੋਟਰਸਾਈਕਲ ਨੌਜਵਾਨ ਨੇ ਦੀਵਾਲੀ ਦੇ ਦਿਨ ਹੀ ਖ਼ਰੀਦਿਆ ਸੀ। ਜਾਣਕਾਰੀ ਮੁਤਾਬਕ ਟਿੱਪਰ ਨੰਬਰ ਪੀ. ਬੀ. 06 ਵੀ-5107 ਨਡਾਲਾ ਚੌਕ ਤੋਂ ਸੁਭਾਨਪੁਰ ਵੱਲ ਜਾ ਰਿਹਾ ਸੀ। ਇਸ ਦੌਰਾਨ ਟਿੱਪਰ ਨੇ ਅੱਗੇ ਜਾ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਸੜਕ ‘ਤੇ ਡਿੱਗ ਪਏ ਅਤੇ ਟਿੱਪਰ ਮੋਟਰਸਾਈਕਲ ਸਮੇਤ ਉਨ੍ਹਾਂ ਨੂੰ ਕਰੀਬ 40-50 ਫੁੱਟ ਤੱਕ ਘੜੀਸਦਾ ਲੈ ਗਿਆ। ਇਸ ਹਾਦਸੇ ‘ਚ ਮੋਟਰਸਾਈਕਲ ਦੇ ਪਿੱਛੇ ਬੈਠੇ ਰਜਿੰਦਰ ਸਿੰਘ (25) ਪੁੱਤਰ ਪਿਆਰਾ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਲਾ ਰਿਹਾ ਰਾਹੁਲ ਪੁੱਤਰ ਮਨਜੀਤ ਸਿੰਘ ਦੋਵੇਂ ਵਾਸੀ ਪਿੰਡ ਹੈਬਤਪੁਰ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਰਾਹੁਲ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਅਤੇ ਰਾਹਗੀਰਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਜ਼ਖ਼ਮੀ ਰਾਹੁਲ ਨੇ ਦੱਸਿਆ ਕਿ ਉਹ ਆਪਣੇ ਦੋਸਤ ਨਾਲ ਸੁਭਾਨਪੁਰ ਵੱਲ ਜਾ ਰਹੇ ਸਨ ਕਿ ਪਿੱਛੋਂ ਆ ਰਹੇ ਟਿੱਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਸਬੰਧੀ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਨੌਨਿਹਾਲ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ‘ਤੇ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ। ਉੱਧਰ ਨਡਾਲਾ ਪੁਲਸ ਚੌਕੀ ਦੇ ਇੰਚਾਰਜ ਬਲਜਿੰਦਰ ਸਿੰਘ ਵੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਮ੍ਰਿਤਕ ਨੌਜਵਾਨ ਦੇ ਚਾਚਾ ਧਰਮਿੰਦਰ ਕੁਮਾਰ ਵਾਸੀ ਹੈਬਤਪੁਰ ਨੇ ਸਵਾਲ ਉਠਾਉਂਦਿਆਂ ਦੱਸਿਆ ਕਿ ਇਸ ਸੜਕ ’ਤੇ ਨੋ ਐਂਟਰੀ ਤਹਿਤ ਪ੍ਰਸ਼ਾਸਨ ਵੱਲੋਂ ਦਿਨ ਸਮੇਂ ਟਿੱਪਰਾਂ ਦੀ ਆਵਾਜਾਈ ’ਤੇ ਪਾਬੰਦੀ ਲਗਾਈ ਹੋਈ ਹੈ ਪਰ ਇਸ ਦੇ ਬਾਵਜੂਦ ਟਿੱਪਰ ਲਗਾਤਾਰ ਬੇਰੋਕ-ਟੋਕ ਚੱਲ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਦਿਨ ਸਮੇਂ ਟਿੱਪਰਾਂ ਦੀ ਆਵਾਜਾਈ ’ਤੇ ਲੱਗੀ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ ਤੇ ਅਜਿਹੇ ਵਾਹਨਾਂ ਦੀ ਆਵਾਜਾਈ ਬੰਦ ਕਰਵਾਈ ਜਾਵੇ ਤਾਂ ਜੋ ਭਵਿੱਖ ਵਿੱਚ ਹੋਣ ਵਾਲੇ ਅਜਿਹੇ ਦਰਦਨਾਕ ਹਾਦਸਿਆਂ ਨੂੰ ਰੋਕਿਆ ਜਾ ਸਕੇ।

