ਨਾਨਕਸ਼ਾਹੀ ਸੰਮਤ ੫੫੮ ਦਾ ਕੈਲੰਡਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਰੀ

06 ਮਾਰਚ 2026, ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਨਾਨਕਸ਼ਾਹੀ ਸੰਮਤ ੫੫੮ (ਸੰਨ 2026-27) ਦਾ ਕੈਲੰਡਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਥਕ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਜਾਰੀ ਕੀਤਾ। ਇਸ ਵਾਰ ਦਾ ਕੈਲੰਡਰ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ ਸ੍ਰੀ ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਹੈ।
ਜਥੇਦਾਰ ਗੜਗੱਜ ਨੇ ਸੰਗਤ ਨੂੰ ਅਪੀਲ ਕੀਤੀ ਕਿ ਸਿੱਖਾਂ ਦਾ ਨਵਾਂ ਵਰ੍ਹਾ 1 ਚੇਤ ਤੋਂ ਸ਼ੁਰੂ ਹੁੰਦਾ ਹੈ ਅਤੇ ਇਸ ਦਿਨ ਹਰ ਗੁਰਦੁਆਰਾ ਸਾਹਿਬ ਵਿੱਚ ਗੁਰਮਤਿ ਸਮਾਗਮ ਕਰਕੇ ਇਸ ਦੀ ਆਰੰਭਤਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਸਿੱਖਾਂ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦਾ ਹੈ ਅਤੇ ਗੁਰਪੁਰਬ ਤੇ ਹੋਰ ਇਤਿਹਾਸਕ ਦਿਹਾੜੇ ਇਸੇ ਅਨੁਸਾਰ ਮਨਾਉਣਾ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਨੇ ਨਾਨਕਸ਼ਾਹੀ ਕੈਲੰਡਰ ਨੂੰ ਹਰ ਗੁਰੂ-ਘਰ ਅਤੇ ਘਰਾਂ ਵਿੱਚ ਲਗਾਉਣ ਦੀ ਵੀ ਅਪੀਲ ਕੀਤੀ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਨਕਸ਼ਾਹੀ ਸੰਮਤ ੫੫੮ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਸਾਲ ਭਗਤ ਰਵਿਦਾਸ ਜੀ ਦਾ 650 ਸਾਲਾ ਜਨਮ ਦਿਹਾੜਾ ਅਤੇ ਸ੍ਰੀ ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਚੜ੍ਹਦੀ ਕਲਾ ਨਾਲ ਮਨਾਈ ਜਾਵੇਗੀ। ਉਨ੍ਹਾਂ ਨੇ ਭਾਈ ਤਾਰਾ ਸਿੰਘ ਵਾਂ ਦੇ 300 ਸਾਲਾ ਸ਼ਹੀਦੀ ਸ਼ਤਾਬਦੀ ਬਾਰੇ ਵੀ ਜ਼ਿਕਰ ਕੀਤਾ ਅਤੇ 11 ਤੋਂ 14 ਮਾਰਚ ਤੱਕ ਪਿੰਡ ਵਾਂ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸੰਗਤ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ 13 ਮਾਰਚ ਦੀ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਣ ਵਾਲੇ ਗੁਰਮਤਿ ਸਮਾਗਮ ਵਿੱਚ ਪੁੱਜਣ ਲਈ ਵੀ ਕਿਹਾ।
ਇਸ ਮੌਕੇ SGPC ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੇਜਰ ਸਿੰਘ ਢਿੱਲੋਂ, ਰਾਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਫੁੰਮਣ ਸਿੰਘ, ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਹਰਪਾਲ ਸਿੰਘ ਜੱਲ੍ਹਾ ਅਤੇ ਹੋਰ ਮੌਜੂਦ ਸਨ।

