New orders issued regarding the DA issue for Punjab employees; read the High Court’s verdict
ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ ‘ਤੇ ਆ ਗਏ ਨਵੇਂ ਹੁਕਮ, ਪੜ੍ਹੋ ਹਾਈਕੋਰਟ ਨੇ ਕੀ ਸੁਣਾਇਆ ਫ਼ੈਸਲਾ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਡੀ. ਏ. ਮਾਮਲੇ ਨੂੰ ਲੈ ਕੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਪਣਾਇਆ ਹੈ। ਅੱਜ ਮਾਮਲੇ ਸਬੰਧੀ ਹੋਈ ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਅਦਾਲਤ ‘ਚ ਨਿੱਜੀ ਤੌਰ ‘ਤੇ ਪੇਸ਼ ਹੋਏ। ਅਦਾਲਤ ਨੇ ਮੁੱਖ ਸਕੱਤਰ ਨੂੰ ਅਵਮਾਣਨਾ ਨੋਟਿਸ ਵੀ ਜਾਰੀ ਕੀਤਾ। ਮੁੱਖ ਸਕੱਤਰ ਨੇ ਰਿਪੋਰਟ ‘ਚ ਕਿਹਾ ਕਿ ਹਾਈਕੋਰਟ ਦੇ 3 ਅਗਸਤ ਦੇ ਫ਼ੈਸਲੇ ‘ਤੇ ਕੋਈ ਰੋਕ ਨਹੀਂ ਹੈ। ਹੁਕਮਾਂ ਅਨੁਸਾਰ ਸਰਕਾਰ ਨੂੰ ਬਕਾਇਆ ਰਕਮ 6 ਫ਼ੀਸਦੀ ਸਲਾਨਾ ਵਿਆਜ ਸਮੇਤ ਅਦਾ ਕਰਨੀ ਪਵੇਗੀ। ਅਦਾਲਤ ਨੇ ਸਵਾਲ ਕੀਤਾ ਕਿ ਹੁਣ ਤੱਕ ਪੰਜਾਬ ਸਰਕਾਰ ਵਲੋਂ ਇਸ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਪੀਲ ਕਿਉਂ ਨਹੀਂ ਲਾਈ ਗਈ? ਹਾਈਕੋਰਟ ਨੇ ਸਾਫ਼ ਕੀਤਾ ਕਿ ਜਦੋਂ ਤੱਕ ਸੁਪਰੀਮ ਕੋਰਟ ‘ਚ ਸੁਣਵਾਈ ਨਹੀਂ ਹੁੰਦੀ, ਉਦੋਂ ਤੱਕ ਸਰਕਾਰ ਹਾਈਕੋਰਟ ਦਾ ਹੁਕਮ ਮੰਨੇ ਕਿਉਂਕਿ ਸਰਕਾਰ ਹੁਣ ਤੱਕ ਨਹੀਂ ਦੱਸ ਸਕੀ ਕਿ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਕੀਤੀ ਗਈ। ਅਦਾਲਤ ਨੇ ਇਸ ਮਾਮਲੇ ਸਬੰਧੀ ਸਰਕਾਰ ਨੂੰ 17 ਨਵੰਬਰ ਤੱਕ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਦੀ ਸੁਣਵਾਈ ਦੌਰਾਨ ਅਦਾਲਤ ‘ਚ ਦਾਇਰ ਹਲਫ਼ਨਾਮੇ ‘ਚ ਸੂਬਾ ਸਰਕਾਰ ਨੇ ਮੰਨਿਆ ਸੀ ਕਿ 1 ਜੁਲਾਈ 2021 ਤੋਂ 30 ਸਤੰਬਰ 2026 ਤੱਕ ਡੀ. ਏ. ਅਤੇ ਮਹਿੰਗਾਈ ਰਾਹਤ ਦੇ ਬਕਾਏ ਦੀ ਦੇਣਦਾਰੀ 22,818 ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਜੇਕਰ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਬਰਾਬਰ ਦਰ ਨਾਲ ਮਹਿੰਗਾਈ ਭੱਤਾ ਦਿੱਤਾ ਜਾਂਦਾ ਹੈ ਤਾਂ 4,712 ਕਰੋੜ ਦਾ ਸਰਕਾਰੀ ਖਜ਼ਾਨੇ ‘ਤੇ ਬੋਝ ਪਵੇਗਾ। ਦੋਹਾਂ ਦਾਅਵਿਆਂ ਨੂੰ ਮਿਲਾ ਕੇ ਸੂਬੇ ਦੀ ਕੁੱਲ ਬਕਾਇਆ ਦੇਣਦਾਰੀ ਕਰੀਬ 32,418 ਕਰੋੜ ਰੁਪਏ ਹੋਵੇਗੀ।

