NHRC takes strong view on allegations of custodial torture in Punjab, seeks report from Punjab government and police
ਪੰਜਾਬ ‘ਚ ਹਿਰਾਸਤੀ ਤਸ਼ੱਦਦ ਦੇ ਦੋਸ਼ਾਂ ‘ਤੇ NHRC ਸਖ਼ਤ, ਪੰਜਾਬ ਸਰਕਾਰ ਤੇ ਪੁਲਸ ਕੋਲੋਂ ਮੰਗੀ ਰਿਪੋਰਟ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਪੰਜਾਬ ਪੁਲਸ ਵੱਲੋਂ ਇੱਕ ਪੀੜਤ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਹਿਰਾਸਤ ਦੌਰਾਨ ਕਥਿਤ ਤੌਰ ‘ਤੇ ਕੀਤੀ ਕੁੱਟਮਾਰ, ਤਸ਼ੱਦਦ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲੇ ‘ਤੇ ਸਖ਼ਤ ਨੋਟਿਸ ਲਿਆ ਹੈ। ਇਹ ਕਾਰਵਾਈ ਰਾਜ ਸਭਾ ਮੈਂਬਰ ਸ਼੍ਰੀ ਤਰੁਣ ਚੁੱਘ ਵੱਲੋਂ ਦਾਇਰ ਕੀਤੀ ਗਈ ਇੱਕ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ, ਸੰਗਰੂਰ ਦੇ ਸੁਨਾਮ ਅਧੀਨ ਪੈਂਦੇ ਪਿੰਡ ਸ਼ੇਰੋਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਪੀੜਤ ਵਿਅਕਤੀ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਵਿਰੁੱਧ ਰੋਸ ਪ੍ਰਗਟਾਇਆ ਜਾ ਰਿਹਾ ਸੀ। ਵਿਰੋਧ ਵਜੋਂ ਉਸ ਨੇ ਕਾਲਾ ਝੰਡਾ ਦਿਖਾਇਆ ਸੀ, ਜਿਸ ਤੋਂ ਤੁਰੰਤ ਬਾਅਦ ਪੁਲਸ ਨੇ ਉਸ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂਨਗੋ ਦੀ ਪ੍ਰਧਾਨਗੀ ਹੇਠਲੇ ਬੈਂਚ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਪੰਜਾਬ, ਐਸਪੀ ਸੰਗਰੂਰ ਅਤੇ ਜ਼ਿਲ੍ਹਾ ਮੈਜਿਸਟਰੇਟ (ਡੀਐਮ) ਸੰਗਰੂਰ ਨੂੰ ਤੁਰੰਤ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੈਂਚ ਨੇ ਇਨ੍ਹਾਂ ਸਾਰੇ ਉੱਚ ਅਧਿਕਾਰੀਆਂ ਨੂੰ ਅਗਲੇ ਦੋ ਹਫ਼ਤਿਆਂ ਦੇ ਅੰਦਰ-ਅੰਦਰ ਹਰ ਇੱਕ ਨੁਕਤੇ ‘ਤੇ ਕਾਰਵਾਈ ਦੀ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਕਮਿਸ਼ਨ ਨੇ ਪੀੜਤ ਦੀ ਤੁਰੰਤ ਡਾਕਟਰੀ ਜਾਂਚ ਕਰਵਾਉਣ ਅਤੇ ਸਬੰਧਤ ਪੁਲਸ ਥਾਣੇ ਦੀ ਸੀਸੀਟੀਵੀ ਫੁਟੇਜ ਨੂੰ ਪੈੱਨ ਡਰਾਈਵ ਵਿੱਚ ਸੁਰੱਖਿਅਤ ਰੱਖ ਕੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਪੁਲਸ ਨੂੰ ਐੱਫ.ਆਈ.ਆਰ., ਹਿਰਾਸਤ ਦੇ ਰਿਕਾਰਡ, ਪੁੱਛਗਿੱਛ ਦੌਰਾਨ ਮੌਜੂਦ ਰਹਿਣ ਵਾਲੇ ਪੁਲਸ ਮੁਲਾਜ਼ਮਾਂ ਦੇ ਵੇਰਵੇ ਅਤੇ ਪੀੜਤ ਦੇ ਪਰਿਵਾਰ ਨਾਲ ਸਬੰਧਤ ਦੋਸ਼ਾਂ ‘ਤੇ ਵੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਕਮਿਸ਼ਨ ਨੇ ਇਸ ਘਟਨਾ ਨਾਲ ਜੁੜੇ ਸਾਰੇ ਇਲੈਕਟ੍ਰਾਨਿਕ ਅਤੇ ਮੈਡੀਕਲ ਸਬੂਤਾਂ ਨੂੰ ਤੁਰੰਤ ਪ੍ਰਭਾਵ ਨਾਲ ਸੁਰੱਖਿਅਤ ਰੱਖਣ ਦੀ ਹਦਾਇਤ ਕੀਤੀ ਹੈ।

