No double standard on Majithia’s bail, court will decide: Talbir Gill

ਮਜੀਠੀਆ ਦੀ ਜ਼ਮਾਨਤ ’ਤੇ ਡਬਲ ਸਟੈਂਡਰਡ ਨਹੀਂ, ਫੈਸਲਾ ਅਦਾਲਤ ਕਰੇਗੀ: ਤਲਬੀਰ ਗਿੱਲ

ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਨੇਤਾ ਤਲਬੀਰ ਗਿੱਲ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਭ ਤੋਂ ਪਹਿਲਾਂ ਮੀਡੀਆ ਕਰਮੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅੱਜ ਦੀ ਪ੍ਰੈਸ ਕਾਨਫਰੰਸ ਦਾ ਮੁੱਖ ਮੁੱਦਾ ਦੇਸ਼ ਦੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ।
ਤਲਬੀਰ ਗਿੱਲ ਨੇ ਕਿਹਾ ਕਿ ਭਾਜਪਾ ਸਰਕਾਰ ਪਹਿਲਾਂ ਵੀ ਤਿੰਨ ਕਾਲੇ ਖੇਤੀ ਕਾਨੂੰਨ ਲੈ ਕੇ ਆਈ ਸੀ, ਜਿਨ੍ਹਾਂ ਦੇ ਖ਼ਿਲਾਫ਼ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਡਟ ਗਏ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਕਜੁੱਟਤਾ ਕਾਰਨ ਸਰਕਾਰ ਨੂੰ ਝੁਕਣਾ ਪਿਆ, ਪਰ ਭਾਜਪਾ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਅਜੇ ਵੀ ਖ਼ਤਮ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹੁਣ ਟਰੰਪ ਵੱਲੋਂ ਟਵੀਟ ਆ ਰਹੇ ਹਨ ਅਤੇ ਮੋਦੀ ਸਰਕਾਰ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ, ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਕਿਹੜੀ ਡੀਲ ਹੋਈ ਹੈ। ਤਲਬੀਰ ਗਿੱਲ ਨੇ ਮੰਗ ਕੀਤੀ ਕਿ ਇਹ ਸਮਝੌਤੇ ਜਨਤਕ ਕੀਤੇ ਜਾਣ, ਕਿਉਂਕਿ ਇਸ ਦਾ ਸਿੱਧਾ ਅਸਰ ਦੇਸ਼ ਦੇ ਕਿਸਾਨਾਂ ’ਤੇ ਪੈ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਕਿਸਾਨੀ ਨੂੰ ਖਤਮ ਕਰਕੇ ਆਪਣੇ ਪੂੰਜੀਪਤੀ ਦੋਸਤਾਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ। ਤਲਬੀਰ ਗਿੱਲ ਨੇ ਕਿਹਾ ਕਿ ਜੇ ਇਹ ਨਵੇਂ ਸਮਝੌਤੇ ਲਾਗੂ ਹੋਏ ਤਾਂ ਇਹ ਮੁੜ ਕਾਲੇ ਖੇਤੀ ਕਾਨੂੰਨਾਂ ਵਰਗੀ ਸਥਿਤੀ ਪੈਦਾ ਕਰ ਸਕਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਦੇਸ਼ ਦੀ ਕਿਸਾਨੀ ਅਤੇ ਫਸਲਾਂ ਲਈ ਬਹੁਤ ਘਾਤਕ ਸਾਬਤ ਹੋਵੇਗਾ ਅਤੇ ਇਸ ਖ਼ਿਲਾਫ਼ ਸਾਰਿਆਂ ਨੂੰ ਇਕੱਠੇ ਹੋ ਕੇ ਕਿਸਾਨਾਂ ਦੇ ਨਾਲ ਖੜ੍ਹਨਾ ਪਵੇਗਾ। ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਹਮਲਿਆਂ ’ਤੇ ਬੋਲਦਿਆਂ ਤਲਬੀਰ ਗਿੱਲ ਨੇ ਕਿਹਾ ਕਿ ਕਿਸੇ ਦੀ ਜ਼ਮਾਨਤ ਹੋਣਾ ਜਾਂ ਨਾ ਹੋਣਾ ਅਦਾਲਤੀ ਪ੍ਰਕਿਰਿਆ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਇਸ ਮਾਮਲੇ ’ਚ ਕੋਈ ਡਬਲ ਸਟੈਂਡਰਡ ਨਹੀਂ ਹੈ। ਸੱਚ ਅਤੇ ਝੂਠ ਦਾ ਫੈਸਲਾ ਅਦਾਲਤ ਟਰਾਇਲ ਦੌਰਾਨ ਕਰੇਗੀ ਅਤੇ ਪਾਰਟੀ ਅਦਾਲਤੀ ਫੈਸਲੇ ਦਾ ਸਤਿਕਾਰ ਕਰੇਗੀ। ਮਜੀਠਾ ਹਲਕੇ ਦੀ ਸਿਆਸਤ ਬਾਰੇ ਗੱਲ ਕਰਦਿਆਂ ਤਲਬੀਰ ਗਿੱਲ ਨੇ ਕਿਹਾ ਕਿ ਉਹ ਜਦੋਂ ਤੋਂ ਹਲਕਾ ਇੰਚਾਰਜ ਬਣੇ ਹਨ, ਮੈਦਾਨ ਖਾਲੀ ਨਹੀਂ ਰਿਹਾ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ’ਚੋਂ ਡਰ ਦਾ ਮਾਹੌਲ ਖਤਮ ਹੋ ਰਿਹਾ ਹੈ ਅਤੇ ਆਮ ਲੋਕ ਬਿਨਾਂ ਕਿਸੇ ਦਬਾਅ ਦੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਸੋਸ਼ਲ ਮੀਡੀਆ ’ਤੇ ਹੋ ਰਹੀ ਟਰੋਲਿੰਗ ਬਾਰੇ ਤਲਬੀਰ ਗਿੱਲ ਨੇ ਕਿਹਾ ਕਿ ਟਰੋਲਿੰਗ ਸਿਰਫ ਮੋਬਾਈਲਾਂ ਤੱਕ ਸੀਮਿਤ ਹੈ, ਗਰਾਊਂਡ ’ਤੇ ਅਕਾਲੀ ਦਲ ਦੀ ਕੋਈ ਮੌਜੂਦਗੀ ਨਹੀਂ ਹੈ। ਉਨ੍ਹਾਂ ਕਿਹਾ ਕਿ 2015 ਦੀਆਂ ਬੇਅਦਬੀ ਘਟਨਾਵਾਂ ਤੋਂ ਬਾਅਦ ਲੋਕਾਂ ਨੇ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਤਲਬੀਰ ਗਿੱਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਈ ਵੱਡੇ ਖੁਲਾਸੇ ਸਾਹਮਣੇ ਆਉਣਗੇ ਅਤੇ ਭਾਜਪਾ ਨਾਲ ਗੱਠਜੋੜ ਸਬੰਧੀ ਸੱਚ ਵੀ ਜਨਤਾ ਦੇ ਸਾਹਮਣੇ ਆਵੇਗਾ। ਉਨ੍ਹਾਂ ਦੋਹਰਾਇਆ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਲੜਾਈ ਲੜਦੀ ਰਹੇਗੀ ਅਤੇ ਕਿਸਾਨਾਂ ਤੇ ਆਮ ਲੋਕਾਂ ਦੇ ਹੱਕਾਂ ਲਈ ਸੜਕ ਤੋਂ ਲੈ ਕੇ ਅਦਾਲਤ ਤੱਕ ਸੰਘਰਸ਼ ਕਰੇਗੀ