Orders issued to stop the salaries of employees showing negligence in SIR
SIR ’ਚ ਲਾਪ੍ਰਵਾਹੀ ਕਰਨ ਵਾਲੇ ਕਰਮਚਾਰੀਆਂ ਦੀ ਤਨਖਾਹ ਬੰਦ ਕਰਨ ਦੇ ਹੁਕਮ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਐੱਸ. ਆਈ. ਆਰ. (ਸਪੈਸ਼ਲ ਇੰਟੈਂਸਿਵ ਰੀਵਿਜ਼ਨ) ਦੇ ਕੰਮ ’ਚ ਜ਼ਿਲਾ ਪ੍ਰਸ਼ਾਸਨ ਵੱਲੋਂ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਕੰਮ ’ਚ ਜਿੱਥੇ ਕੁਝ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ ਤਾਂ ਉੱਥੇ ਹੀ ਕੁਝ ਕਰਮਚਾਰੀ ਲਾਪ੍ਰਵਾਹੀ ਨਾਲ ਕੰਮ ਕਰ ਰਹੇ ਹਨ, ਅਜਿਹੇ ਹੀ ਕਰਮਚਾਰੀਆਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਐੱਸ. ਡੀ. ਐੱਮ. ਅੰਮ੍ਰਿਤਸਰ (ਟੂ) ਗੁਰਮੰਦਰ ਸਿੰਘ ਵੱਲੋਂ ਸਬੰਧਤ ਵਿਭਾਗ ਨੂੰ ਕਰਮਚਾਰੀਆਂ ਦੀ ਤਨਖਾਹ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਐੱਸ. ਡੀ. ਐੱਮ. ਵੱਲੋਂ ਆਪਣੇ ਦਫ਼ਤਰ ’ਚ ਉਨ੍ਹਾਂ ਸਾਰੇ ਕਰਮਚਾਰੀਆਂ ਨੂੰ ਤਲਬ ਕੀਤਾ ਗਿਆ ਜੋ ਅਲੱਗ-ਅਲੱਗ ਵਿਭਾਗਾਂ ਨਾਲ ਸਬੰਧਤ ਹਨ ਅਤੇ ਐੱਸ. ਆਈ. ਆਰ. ਦੀ ਡਿਊਟੀ ’ਚ ਓਨੀ ਗੰਭੀਰਤਾ ਨਾਲ ਕੰਮ ਨਹੀਂ ਕਰ ਰਹੇ ਜਿੰਨੀ ਗੰਭੀਰਤਾ ਨਾਲ ਕੰਮ ਕੀਤਾ ਜਾਣਾ ਚਾਹੀਦਾ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ. ਡੀ. ਐੱਮ. ਗੁਰਮੰਦਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਕਰਮਚਾਰੀਆਂ ਨੇ ਐੱਸ. ਆਈ. ਆਰ. ਦੀ ਡਿਊਟੀ ’ਚ ਵਧੀਆ ਕੰਮ ਕੀਤਾ ਸੀ, ਉਨ੍ਹਾਂ ਨੂੰ ਆਜ਼ਾਦੀ ਦਿਹਾੜੇ ’ਤੇ ਜ਼ਿਲਾ ਪ੍ਰਸ਼ਾਸਨ ਨੇ ਸਨਮਾਨਿਤ ਕੀਤਾ ਹੈ ਪਰ ਜੋ ਕਰਮਚਾਰੀ ਲਾਪ੍ਰਵਾਹੀ ਨਾਲ ਕੰਮ ਕਰ ਰਹੇ ਹਨ, ਉਨ੍ਹਾਂ ਖਿਲਾਫ ਸਖ਼ਤ ਵਿਭਾਗੀ ਐਕਸ਼ਨ ਲਿਆ ਜਾ ਰਿਹਾ ਹੈ ਅਤੇ ਤਨਖਾਹ ਬੰਦ ਕਰਨ ਤੋਂ ਇਲਾਵਾ ਹੋਰ ਕਾਰਵਾਈ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਐੱਸ. ਆਈ. ਆਰ. ’ਚ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਸਹਿਯੋਗ ਕਰਨ ਕਿਉਂਕਿ ਬਹੁਤ ਸਾਰੇ ਮਾਮਲਿਆਂ ’ਚ ਸਾਹਮਣੇ ਆਇਆ ਹੈ ਕਿ ਲੋਕ ਜ਼ਰੂਰੀ ਦਸਤਾਵੇਜ਼ ਕਰਮਚਾਰੀਆਂ ਨੂੰ ਨਹੀਂ ਦੇ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਵੋਟ ਕੱਟਣ ਦੀ ਸੰਭਾਵਨਾ ਰਹਿੰਦੀ ਹੈ।

