Five Panthic Organizations to Submit Memorandum to Home Minister on 14 July: Giani Harpreet Singh
ਪੰਜ ਪੰਥਕ ਜਥੇਬੰਦੀਆਂ ਵੱਲੋਂ 14 ਜੁਲਾਈ ਨੂੰ ਗ੍ਰਹਿ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਜਾਵੇਗਾ : ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ, 13 ਜੁਲਾਈ 2026 – ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜ ਪੰਥਕ ਜਥੇਬੰਦੀਆਂ ਵੱਲੋਂ 14 ਜੁਲਾਈ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਨਾਮ ਇੱਕ ਸਾਂਝਾ ਮੰਗ ਪੱਤਰ ਸੌਂਪਿਆ ਜਾਵੇਗਾ, ਜਿਸ ਵਿੱਚ ਸਿੱਖ ਪੰਥ ਨਾਲ ਜੁੜੇ ਤਿੰਨ ਮਹੱਤਵਪੂਰਨ ਮੁੱਦੇ ਉਠਾਏ ਜਾਣਗੇ।
ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਪਹਿਲੀ ਮੰਗ ਫ਼ਿਲਮ ‘ਪੰਜਾਬ 95’ ਨੂੰ ਕਿਸੇ ਵੀ ਸੈਂਸਰ ਕੱਟ ਤੋਂ ਬਿਨਾਂ ਰਿਲੀਜ਼ ਕਰਨ ਦੀ ਹੋਵੇਗੀ, ਤਾਂ ਜੋ ਦਰਸ਼ਕਾਂ ਤੱਕ ਇਸ ਦਾ ਮੂਲ ਰੂਪ ਪਹੁੰਚ ਸਕੇ।
ਦੂਜੀ ਮੰਗ ਜਸਵੰਤ ਸਿੰਘ ਖਾਲੜਾ ਕਤਲ ਕੇਸ ਨਾਲ ਸਬੰਧਤ ਫਰਾਰ ਦੋਸ਼ੀਆਂ ਅਤੇ ਕਥਿਤ ਸਜ਼ਾ ਮੁਆਫ਼ੀ ਦੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਕੀਤੀ ਜਾਵੇਗੀ, ਤਾਂ ਜੋ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ।

ਤੀਜੀ ਅਤੇ ਅਹਿਮ ਮੰਗ ‘ਪੰਜਾਬ ਸੱਚ, ਜਵਾਬਦੇਹੀ ਅਤੇ ਮੇਲ-ਮਿਲਾਪ ਕਮਿਸ਼ਨ’ (Punjab Truth, Accountability and Reconciliation Commission) ਦੇ ਗਠਨ ਦੀ ਹੋਵੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਮਿਸ਼ਨ ਰਾਹੀਂ ਪੰਜਾਬ ਦੇ ਪੁਰਾਣੇ ਮਾਮਲਿਆਂ ਦੀ ਸੱਚਾਈ ਸਾਹਮਣੇ ਲਿਆਉਣ, ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਸਮਾਜ ਵਿੱਚ ਮੇਲ-ਮਿਲਾਪ ਦਾ ਰਾਹ ਪੱਧਰਾ ਕਰਨ ਵੱਲ ਕਦਮ ਚੁੱਕੇ ਜਾਣ।
ਉਨ੍ਹਾਂ ਕਿਹਾ ਕਿ ਪੰਜਾਂ ਪੰਥਕ ਜਥੇਬੰਦੀਆਂ ਇਨ੍ਹਾਂ ਮੰਗਾਂ ਨੂੰ ਸਾਂਝੇ ਤੌਰ ‘ਤੇ ਸਰਕਾਰ ਦੇ ਧਿਆਨ ਵਿੱਚ ਲਿਆਉਣਗੀਆਂ ਅਤੇ ਉਮੀਦ ਹੈ ਕਿ ਇਨ੍ਹਾਂ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।
