“Panthic Interference and Harm to Punjab’s Interests Will Not Be Tolerated, Say Tarsem Singh & Manpreet Singh Iyali”
ਪੰਥਕ ਦਖ਼ਲਅੰਦਾਜ਼ੀ ਅਤੇ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ: ਤਰਸੇਮ ਸਿੰਘ ਤੇ ਮਨਪ੍ਰੀਤ ਸਿੰਘ ਇਯਾਲੀ

ਚੰਡੀਗੜ੍ਹ, 26 ਜੂਨ 2026 – ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪੰਥ ਅਤੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਆਪਣਾ ਪੱਖ ਰੱਖਿਆ।
ਦੋਵਾਂ ਆਗੂਆਂ ਨੇ ਕਿਹਾ ਕਿ ਪੰਥਕ ਦਖ਼ਲਅੰਦਾਜ਼ੀ ਅਤੇ ਪੰਜਾਬ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਸਵੀਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਟਕਰਾਅ ਦੀ ਰਾਜਨੀਤੀ ਛੱਡ ਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ।
ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਤਿੰਨ ਮੁੱਖ ਮੁੱਦਿਆਂ ਨੂੰ ਉਭਾਰਿਆ, ਜਿਨ੍ਹਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚਕਾਰ ਚੱਲ ਰਿਹਾ ਵਿਵਾਦ, ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਸਬੰਧੀ ਲਿਆਂਦੇ ਜਾ ਰਹੇ ਕਾਨੂੰਨੀ ਕਦਮ ਅਤੇ ਭਾਖੜਾ ਡੈਮ ਦੇ ਵਧਦੇ ਜਲ ਪੱਧਰ ਨੂੰ ਲੈ ਕੇ ਪੰਜਾਬ ਵਿੱਚ ਬਣ ਰਹੀ ਸਥਿਤੀ ਸ਼ਾਮਲ ਰਹੀ।
ਆਗੂਆਂ ਨੇ ਦੋਸ਼ ਲਾਇਆ ਕਿ ਮਹਾਰਾਸ਼ਟਰ ਸਰਕਾਰ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣ ਲਈ ਨਵਾਂ ਕਾਨੂੰਨ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਭਾਖੜਾ ਡੈਮ ਦੇ ਵਧਦੇ ਜਲ ਪੱਧਰ ਨੂੰ ਲੈ ਕੇ ਵੀ ਚਿੰਤਾ ਜਤਾਈ ਅਤੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਹੜ੍ਹਾਂ ਦਾ ਖ਼ਤਰਾ ਵਧ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਲੋੜੀਂਦੇ ਕਦਮ ਨਹੀਂ ਚੁੱਕੇ ਜਾ ਰਹੇ।
