“Major Step Towards Panthic Unity as Three Organisations Join Punar-Surjit”
“ਪੰਥਕ ਏਕਤਾ ਵੱਲ ਵੱਡਾ ਕਦਮ, ਤਿੰਨ ਜਥੇਬੰਦੀਆਂ ਪੁਨਰ-ਸੁਰਜੀਤ ਨਾਲ ਜੁੜੀਆਂ”

ਜਲੰਧਰ, 17 ਜੂਨ 2026 – ਪੰਥਕ ਅਤੇ ਸਿਆਸੀ ਏਕਤਾ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਜਲੰਧਰ ਦੇ ਗੁਰੂ ਤੇਗ ਬਹਾਦਰ ਨਗਰ ਵਿਖੇ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਕਈ ਸਿੱਖ ਰਾਜਸੀ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਥਕ ਏਕਤਾ ਲਈ ਪਹਿਲਾ ਪੜਾਅ ਸਫਲਤਾਪੂਰਵਕ ਪਾਰ ਕਰ ਲਿਆ ਗਿਆ ਹੈ।
ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਤੋਂ ਇਲਾਵਾ ਯੁਨਾਈਟਡ ਅਕਾਲੀ ਦਲ, ਇੰਟਰਨੈਸ਼ਨਲ ਪੰਥਕ ਅਕਾਲੀ ਦਲ ਅਤੇ ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਮੁੱਖ ਆਗੂਆਂ ਨੇ ਹਿੱਸਾ ਲਿਆ। ਚਰਚਾ ਦੌਰਾਨ ਸਾਰੇ ਆਗੂ ਇਸ ਗੱਲ ‘ਤੇ ਸਹਿਮਤ ਨਜ਼ਰ ਆਏ ਕਿ ਪੰਜਾਬ ਅਤੇ ਪੰਥ ਦੇ ਲੰਮੇ ਸਮੇਂ ਤੋਂ ਲਟਕ ਰਹੇ ਮਸਲਿਆਂ ਦੇ ਹੱਲ ਲਈ ਇੱਕ ਸਾਂਝੇ ਏਜੰਡੇ ਅਤੇ ਇੱਕ ਝੰਡੇ ਹੇਠ ਇਕੱਠੇ ਹੋਣਾ ਸਮੇਂ ਦੀ ਮੁੱਖ ਲੋੜ ਹੈ।
ਇੰਟਰਨੈਸ਼ਨਲ ਪੰਥਕ ਅਕਾਲੀ ਦਲ ਦੇ ਆਗੂ ਭਾਈ ਜਸਵੀਰ ਸਿੰਘ ਰੋਡੇ ਨੇ ਕਿਹਾ ਕਿ ਤਿੰਨ ਜਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨਾਲ ਚੱਲਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸਨੂੰ ਪੰਥਕ ਏਕਤਾ ਵੱਲ ਇੱਕ ਮਹੱਤਵਪੂਰਨ ਕਦਮ ਕਰਾਰ ਦਿੱਤਾ।
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਨਾਲ ਏਕਤਾ ਦਾ ਮੁੱਢ ਬੱਝ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਰ ਧਿਰਾਂ ਨੂੰ ਵੀ ਇਸ ਕਾਫ਼ਲੇ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੇ ਆਗੂਆਂ ਨੂੰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਮੀਟਿੰਗ ਵਿੱਚ ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਭਾਈ ਜਸਵੀਰ ਸਿੰਘ ਰੋਡੇ, ਗੁਰਦੀਪ ਸਿੰਘ ਬਠਿੰਡਾ, ਗੁਰਿੰਦਰ ਸਿੰਘ ਬਾਜਵਾ ਸਮੇਤ ਕਈ ਪ੍ਰਮੁੱਖ ਪੰਥਕ ਅਤੇ ਸਿਆਸੀ ਆਗੂ ਮੌਜੂਦ ਰਹੇ। ਆਗੂਆਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਥਕ ਅਤੇ ਰਾਜਸੀ ਤਾਕਤਾਂ ਨੂੰ ਇੱਕ ਮੰਚ ‘ਤੇ ਲਿਆਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
