“Talks Between Uttarakhand Administration and Nihang Singhs Successful”
ਉਤਰਾਖੰਡ ਪ੍ਰਸ਼ਾਸਨ ਅਤੇ ਨਿਹੰਗ ਸਿੰਘਾਂ ਵਿੱਚਕਾਰ ਗੱਲਬਾਤ ਰਹੀ ਸਫਲ

ਪਾਉਂਟਾ ਸਾਹਿਬ, 26 ਜੂਨ 2026 – ਉਤਰਾਖੰਡ ਵਿੱਚ ਚੱਲ ਰਹੇ ਵਿਵਾਦ ਦੇ ਮੱਦੇਨਜ਼ਰ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਉਤਰਾਖੰਡ ਪ੍ਰਸ਼ਾਸਨ ਅਤੇ ਨਿਹੰਗ ਸਿੰਘਾਂ ਵਿਚਾਲੇ ਇੱਕ ਅਹਿਮ ਮੀਟਿੰਗ ਹੋਈ, ਜੋ ਸਕਾਰਾਤਮਕ ਮਾਹੌਲ ਵਿੱਚ ਸਫਲ ਰਹੀ।
ਮੀਟਿੰਗ ਦੌਰਾਨ ਨਿਹੰਗ ਸਿੰਘਾਂ ਨੇ ਐੱਸਐੱਸਪੀ ਹਰਿਦੁਆਰ ਨੂੰ ਆਪਣਾ ਮੰਗ ਪੱਤਰ ਸੌਂਪਿਆ। ਇਸ ਮੌਕੇ ਐੱਸਐੱਸਪੀ ਨਵਨੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਨਿਹੰਗ ਸਿੰਘਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਮੰਗਾਂ ‘ਤੇ ਦੋ ਦਿਨਾਂ ਦੇ ਅੰਦਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਤੋਂ ਬਾਅਦ ਨਿਹੰਗ ਸਿੰਘਾਂ ਨੇ ਕਿਹਾ ਕਿ ਉਹ ਅਗਲੇ ਦੋ ਦਿਨ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਹੀ ਰਹਿਣਗੇ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਭਰੋਸੇ ਦੇ ਅਮਲ ਦੀ ਉਡੀਕ ਕਰਨਗੇ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਨਿਹੰਗ ਸਿੰਘਾਂ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਨੂੰ ਰਿਹਾਅ ਕਰਵਾਉਣ ਉਪਰੰਤ ਆਪਣੇ ਨਾਲ ਪੰਜਾਬ ਵਾਪਸ ਲੈ ਕੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਮੀਟਿੰਗ ਹਾਲੀਆ ਘਟਨਾਕ੍ਰਮ ਤੋਂ ਬਾਅਦ ਬਣੇ ਤਣਾਅਪੂਰਨ ਮਾਹੌਲ ਨੂੰ ਸ਼ਾਂਤੀਪੂਰਵਕ ਢੰਗ ਨਾਲ ਸੁਲਝਾਉਣ ਵੱਲ ਇੱਕ ਅਹਿਮ ਕਦਮ ਵਜੋਂ ਦੇਖੀ ਜਾ ਰਹੀ ਹੈ।
