Parvinder Singh Jhota’s last rites performed 26 days after his murder; massive crowd turns out
ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ ਗਿਣਤੀ ‘ਚ ਉਮੜਿਆ ਸੈਲਾਬ
ਮਾਨਸਾ (ਆਵਾਜ਼ਿ ਕੌਮ ਬਿਊਰੋ)-ਮਾਨਸਾ ਵਿਚ ਗੋਲ਼ੀਆਂ ਮਾਰ ਕਤਲ ਕੀਤੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਨੂੰ ਅੱਜ ਅੰਤਿਮ ਵਿਦਾਈ ਦਿੱਤੀ ਗਈ। 26 ਦਿਨਾਂ ਬਾਅਦ ਅੱਜ ਦੀਵਾਲੀ ਵਾਲੇ ਦਿਨ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਚਕੇਰੀਆਂ ਰੋਡ ‘ਤੇ ਬਣੇ ਉਨ੍ਹਾਂ ਦੇ ਜੱਦੀ ਖੇਤਾਂ ਵਿਚ ਕੀਤਾ ਗਿਆ। ਹਜ਼ਾਰਾਂ ਲੋਕਾਂ ਨੇ ਪਹੁੰਚ ਪਰਵਿੰਦਰ ਸਿੰਘ ਝੋਟਾ ਨੂੰ ਅੰਤਿਮ ਵਿਦਾਈ ਦਿੱਤੀ। ਪਰਵਿੰਦਰ ਸਿੰਘ ਝੋਟਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਵੱਡੇ ਮੁੰਡੇ ਅਤੇ ਪਿਤਾ ਨੇ ਦਿੱਤੀ। ਇਥੇ ਦੱਸ ਦੇਈਏ ਕਿ ਬੀਤੇ ਦਿਨ ਪਰਵਿੰਦਰ ਸਿੰਘ ਝੋਟਾ ਦਾ ਪੀ. ਜੀ. ਆਈ. ਵਿਖੇ ਪੋਸਟਮਾਰਟਮ ਕੀਤਾ ਗਿਆ ਸੀ। ਪੋਸਟਮਾਰਟਮ ਮਗਰੋਂ ਅੱਜ ਸਵੇਰੇ ਫੁੱਲਾਂ ਨਾਲ ਸਜੀ ਇਕ ਵਿਸ਼ੇਸ਼ ਐਂਬੂਲੈਂਸ ਰਾਹੀਂ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਮਾਨਸਾ ਲਿਆਂਦਾ ਗਿਆ। ਐਂਬੂਲੈਂਸ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ ਅਤੇ ਉਸ ‘ਤੇ ਪਰਵਿੰਦਰ ਝੋਟਾ ਦੀਆਂ ਤਸਵੀਰਾਂ ਲਗਾਈਆਂ ਗਈਆਂ ਸਨ। ਰਸਤੇ ‘ਚ ਵੱਖ-ਵੱਖ ਥਾਵਾਂ ‘ਤੇ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ। ਮਾਨਸਾ ਪਹੁੰਚਣ ਤੋਂ ਬਾਅਦ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਸਭ ਤੋਂ ਪਹਿਲਾਂ ਧਰਨੇ ਵਾਲੀ ਥਾਂ ਰਾਹੀਂ ਉਨ੍ਹਾਂ ਦੇ ਜੱਦੀ ਘਰ ਲਿਆਂਦਾ ਗਿਆ ਹੈ, ਜਿੱਥੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਲੋਕਾਂ ਵੱਲੋਂ ਅੰਤਿਮ ਦਰਸ਼ਨ ਕੀਤੇ ਗਏ। ਇਸ ਤੋਂ ਬਾਅਦ ਫੁੱਲਾਂ ਨਾਲ ਸਜਾਈ ਟਰੈਕਟਰ-ਟਰਾਲੀ ‘ਚ ਮ੍ਰਿਤਕ ਦੇਹ ਰੱਖ ਕੇ ਸ਼ਹਿਰ ਵਿੱਚੋਂ ਅੰਤਿਮ ਯਾਤਰਾ ਕੱਢੀ ਗਈ। ਇਸ ਦੌਰਾਨ ਜਿੱਥੇ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਹੈ, ਉਥੇ ਹੀ ਬੱਚਿਆਂ ਦਾ ਵੀ ਬੇਹੱਦ ਬੁਰਾ ਹਾਲ ਹੋਇਆ ਪਿਆ ਹੈ। ਇਸ ਦੌਰਾਨ ਜਥੇਬਦੀਆਂ ਵੱਲੋਂ ‘ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ ਲਗਾਏ ਗਏ। ਪਰਵਿੰਦਰ ਸਿੰਘ ਝੋਟਾ ਦੇ ਬੱਚਿਆਂ ਨੇ ਵੀ ਭਾਵੁਕ ਹੋ ਕੇ ਪਿਤਾ ਨੂੰ ਅੰਤਿਮ ਵਿਦਾਈ ਦਿੰਦੇ ਹੋਏ ਜੈਕਾਰੇ ਲਾਉਂਦਿਆਂ ਪਰਵਿੰਦਰ ਝੋਟਾ ਅਮਰ ਰਹੇ ਦੇ ਨਾਅਰੇ ਲਾਏ। ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ‘ਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵੱਲੋਂ ਪਰਵਿੰਦਰ ਸਿੰਘ ਝੋਟਾ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਸੀ। ਇਸ ਕਾਰਨ ਉਨ੍ਹਾਂ ਦਾ ਅੰਤਿਮ ਸਸਕਾਰ ਕਰੀਬ 26 ਦਿਨਾਂ ਬਾਅਦ ਹੋ ਸਕਿਆ। ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਵੱਲੋਂ ਮਾਨਸਾ ਦੇ ਐੱਸ. ਐੱਸ. ਪੀ. ਵੈਭਵ ਚੌਧਰੀ ਦੇ ਤਬਾਦਲੇ ਅਤੇ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮੰਗ ਨੂੰ ਲੈ ਕੇ ਉਹ ਭੁੱਖ ਹੜਤਾਲ ‘ਤੇ ਵੀ ਬੈਠੇ ਹਨ। ਉਨ੍ਹਾਂ ਦਾ ਇਲਜ਼ਾਮ ਸੀ ਕਿ ਇਲਾਕੇ ‘ਚ ਨਸ਼ਿਆਂ ਨੂੰ ਰੋਕਣ ’ਚ ਪੁਲਸ ਦੀ ਨਾਕਾਮੀ ਕਾਰਨ ਉਨ੍ਹਾਂ ਦੇ ਪੁੱਤਰ ਦੀ ਜਾਨ ਗਈ। ਇਥੇ ਇਹ ਵੀ ਦੱਸ ਦੇਈਏ ਕਿ ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਪਰਵਿੰਦਰ ਝੋਟਾ ਦੇ ਕਤਲ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਪੂਰਾ ਇਨਸਾਫ਼ ਮਿਲਣ ਤੱਕ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ। ਪਰਿਵਾਰ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਉਨ੍ਹਾਂ ਵੱਲੋਂ ਸ਼ੁਰੂ ਕੀਤੀ ਗਈ ਆਵਾਜ਼ ਨੂੰ ਵੀ ਅੱਗੇ ਬੁਲੰਦ ਕੀਤਾ ਜਾਵੇਗਾ। ਇਸ ਤਰ੍ਹਾਂ 26 ਦਿਨਾਂ ਦੇ ਇੰਤਜ਼ਾਰ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਹੋ ਗਿਆ ਪਰ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਅਜੇ ਵੀ ਜਾਰੀ ਹੈ।

