“Punjab Human Rights Commission Takes Suo Motu Notice of Lathicharge Case”
“ਲਾਈਨਮੈਨ ਯੂਨੀਅਨ ‘ਤੇ ਲਾਠੀਚਾਰਜ ਮਾਮਲੇ ਦਾ ਹਿਊਮਨ ਰਾਈਟਸ ਕਮਿਸ਼ਨ ਨੇ ਲਿਆ ਨੋਟਿਸ”

08 ਜੂਨ 2026, ਚੰਡੀਗੜ੍ਹ – ਪਟਿਆਲਾ ਵਿੱਚ 2600 ਅਪ੍ਰੈਂਟਿਸਸ਼ਿਪ ਲਾਈਨਮੈਨ ਯੂਨੀਅਨ ਦੇ ਧਰਨੇ ਦੌਰਾਨ ਹੋਏ ਲਾਠੀਚਾਰਜ ਦੇ ਮਾਮਲੇ ‘ਚ ਪੰਜਾਬ ਹਿਊਮਨ ਰਾਈਟਸ ਕਮਿਸ਼ਨ ਨੇ ਸੂ-ਮੋਟੋ ਕਾਰਵਾਈ ਕਰਦਿਆਂ ਨੋਟਿਸ ਜਾਰੀ ਕੀਤਾ ਹੈ।
ਕਮਿਸ਼ਨ ਨੇ ਪ੍ਰਾਰੰਭਿਕ ਤੌਰ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ‘ਤੇ ਸਵਾਲ ਉਠਾਏ ਹਨ। ਇਸ ਸਬੰਧੀ ਡੀਆਈਜੀ ਪਟਿਆਲਾ ਰੇਂਜ ਨੂੰ ਨੋਟਿਸ ਭੇਜ ਕੇ ਵਿਸਥਾਰਪੂਰਵਕ ਜਵਾਬ ਮੰਗਿਆ ਗਿਆ ਹੈ।
ਹਿਊਮਨ ਰਾਈਟਸ ਕਮਿਸ਼ਨ ਨੇ ਪੁੱਛਿਆ ਹੈ ਕਿ ਧਰਨਾਕਾਰੀਆਂ ਨੂੰ ਹਟਾਉਣ ਜਾਂ ਸਥਿਤੀ ਨੂੰ ਕਾਬੂ ਕਰਨ ਲਈ ਹੋਰ ਕਾਨੂੰਨੀ ਅਤੇ ਸ਼ਾਂਤੀਪੂਰਨ ਰਾਹ ਕਿਉਂ ਨਹੀਂ ਅਪਣਾਏ ਗਏ। ਕਮਿਸ਼ਨ ਨੇ ਇਹ ਵੀ ਜਾਣਨਾ ਚਾਹਿਆ ਹੈ ਕਿ ਲਾਠੀਚਾਰਜ ਕਰਨ ਦੀ ਲੋੜ ਕਿਉਂ ਪਈ।
ਇਹ ਮਾਮਲਾ ਉਸ ਵੇਲੇ ਚਰਚਾ ਵਿੱਚ ਆਇਆ ਸੀ ਜਦੋਂ ਪਟਿਆਲਾ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸ ਲਾਈਨਮੈਨਾਂ ਅਤੇ ਪੁਲਿਸ ਵਿਚਾਲੇ ਟਕਰਾਅ ਹੋ ਗਿਆ ਸੀ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਦੇ ਜ਼ਖ਼ਮੀ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ।
ਹੁਣ ਹਿਊਮਨ ਰਾਈਟਸ ਕਮਿਸ਼ਨ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਮਾਮਲੇ ਦੀ ਜਾਂਚ ਅਤੇ ਅਗਲੀ ਕਾਰਵਾਈ ‘ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।
