People will not let AAP enter villages after the election code of conduct comes into force: Kewal Singh Dhillon
ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ‘ਆਪ’ ਨੂੰ ਪਿੰਡਾਂ ’ਚ ਵੜਨ ਨਹੀਂ ਦੇਣਗੇ ਲੋਕ : ਕੇਵਲ ਸਿੰਘ ਢਿੱਲੋਂ
ਨਵੀਂ ਦਿੱਲੀ/ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ ਹੈ ਅਤੇ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਕੇਵਲ ਸਿੰਘ ਢਿੱਲੋਂ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕੱਟੜ ਈਮਾਨਦਾਰੀ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ‘ਆਮ ਆਦਮੀ ਪਾਰਟੀ’ ਦੀ ਸਰਕਾਰ ਪੰਜਾਬ ਵਿੱਚ ਨਸ਼ਾ ਖ਼ਤਮ ਕਰਨ ’ਚ ਪੂਰੀ ਤਰ੍ਹਾਂ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ । ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਲੋਕ ‘ਆਪ’ ਦੇ ਨੁਮਾਇੰਦਿਆਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦੇਣਗੇ। ਇਸ ਮੌਕੇ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਵੀ ਮੌਜੂਦ ਸਨ। ਢਿੱਲੋਂ ਨੇ ਤਰਨਤਾਰਨ ਦੇ ਖਾਲੜਾ ਸਰਹੱਦੀ ਖੇਤਰ ਵਿੱਚ 15 ਕਿਲੋ ਹੈਰੋਇਨ ਸਮੇਤ ਫੜੇ ਗਏ ਪੁਲਸ ਮੁਲਾਜ਼ਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਘਟਨਾ ਸਰਕਾਰ ਦੇ ਨਸ਼ਾ ਵਿਰੋਧੀ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇ ਰੱਖਵਾਲੇ ਹੀ ਨਸ਼ੇ ਦੇ ਸੌਦਾਗਰ ਬਣ ਜਾਣਗੇ, ਤਾਂ ਪੰਜਾਬ ਦੀ ਜਵਾਨੀ ਨੂੰ ਕੌਣ ਬਚਾਏਗਾ? ਜਿਹੜੇ ਮੁੱਖ ਮੰਤਰੀ ਭਗਵੰਤ ਮਾਨ ਵੱਡੀਆਂ-ਵੱਡੀਆਂ ਰੈਲੀਆਂ ‘ਚ ਨਸ਼ੇ ਖ਼ਤਮ ਕਰਨ ਦੀਆਂ ਡੀਂਗਾਂ ਮਾਰਦੇ ਸਨ, ਅੱਜ ਉਨ੍ਹਾਂ ਦੇ ਪ੍ਰਸ਼ਾਸਨ ਦਾ ਇਹ ਹਾਲ ਹੈ ਕਿ ਨਸ਼ਾ ਰੋਕਣ ਵਾਲੇ ਹੀ ਨਸ਼ਾ ਤਸਕਰੀ ‘ਚ ਲੱਗੇ ਹੋਏ ਹਨ। ਉਨ੍ਹਾਂ ਬੀਐੱਸਐੱਫ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਵੱਡੀ ਖੇਪ ਨੂੰ ਫੜ ਕੇ ‘ਆਪ’ ਸਰਕਾਰ ਦੀ ਪੋਲ ਖੋਲ੍ਹ ਦਿੱਤੀ, ਨਹੀਂ ਤਾਂ ਇਹ 15 ਕਿੱਲੋ ਜ਼ਹਿਰ ਪੰਜਾਬ ਦੇ ਕਿੰਨੇ ਹੀ ਘਰਾਂ ਦੇ ਚਿਰਾਗ ਬੁਝਾ ਦਿੰਦਾ। ਉਨ੍ਹਾਂ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਉਰਫ਼ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਕੀਤੀ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੱਤਿਆਵਾਂ ਅਤੇ ਪੁਲਿਸ ਥਾਣਿਆਂ ’ਤੇ ਗ੍ਰਨੇਡ ਹਮਲਿਆਂ ਦੀਆਂ ਘਟਨਾਵਾਂ ਲੋਕਾਂ ਦੀ ਸੁਰੱਖਿਆ ਲਈ ਗੰਭੀਰ ਚੁਣੌਤੀ ਹਨ। ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ਸਿਰ ਕਰਜ਼ੇ ਦਾ ਬੋਝ ਵਧਿਆ ਹੈ ਅਤੇ ਭ੍ਰਿਸ਼ਟਾਚਾਰ ਕਾਰਨ ਉਦਯੋਗ ਸੂਬੇ ਤੋਂ ਬਾਹਰ ਜਾ ਰਹੇ ਹਨ। ਉਨ੍ਹਾਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮੁੱਦਾ ਵੀ ਉਠਾਇਆ।

