Political activity intensifies in Punjab ahead of the elections! Sukhbir Badal to launch a door-to-door campaign starting October 6
ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ ਕੈਂਪੇਨ ਸ਼ੁਰੂ ਕਰਨਗੇ ਸੁਖਬੀਰ ਬਾਦਲ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਘਰ-ਘਰ ਪ੍ਰਚਾਰ ਮੁਹਿੰਮ ਪ੍ਰੋਗਰਾਮ 6 ਅਕਤੂਬਰ ਤੋਂ ਸ਼ੁਰੂ ਹੋਵੇਗਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਬੱਸ ਯਾਤਰਾ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ। ਘਰ-ਘਰ ਪ੍ਰਚਾਰ ਮੁਹਿੰਮ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼ੁਰੂ ਕਰਨਗੇ ਅਤੇ ਇਹ ਅਟਾਰੀ ਤੋਂ ਸ਼ੁਰੂ ਹੋਵੇਗੀ ਤੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਚਲਾਈ ਜਾਵੇਗੀ, ਜਿਸ ਦੌਰਾਨ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਵਾਸਤੇ ਸੁਝਾਅ ਲਏ ਜਾਣਗੇ ਤਾਂ ਜੋ ਅਕਾਲੀ ਦਲ ਦਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਸਕੇ। ਇਹ ਚੋਣ ਮਨੋਰਥ ਪੱਤਰ 1 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਠਿੰਡਾ ਦੇ ਐੱਮ. ਪੀ. ਹਰਸਿਮਰਤ ਕੌਰ ਬਾਦਲ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਵਿਰੋਧੀ ਮਹਿਲਾ ਮੁਹਿੰਮ ਮਾਵਾਂ ਧੀਆਂ ਦਾ ਸਤਿਕਾਰ ਦਾ ਦੂਜਾ ਪੜਾਅ ਸ਼ੁਰੂ ਕਰਨਗੇ। ਇਸ ਪ੍ਰੋਗਰਾਮ ਦਾ ਨਾਂ ਮਾਵਾਂ ਧੀਆਂ ਦੀ ਲਲਕਾਰ, ਬੰਦ ਕਰੋ ਨਸ਼ਾ ਵਪਾਰ ਹੋਵਗਾ ਤੇ ਸੂਬੇ ਦੇ ਹਰ ਘਰ ਤੱਕ ਪਹੁੰਚ ਕਰੇਗੀ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ’ਤੇ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚਾਹਲਾਂ ਪਿੰਡ ਵਿਚ ਵਿਸ਼ਾਲ ਜਨਤਕ ਰੈਲੀ ਕੀਤੀ ਜਾਵੇਗੀ। ਇਹ ਐਲਾਨ ਅੱਜ ਇੱਥੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਡਾ. ਦਲਜੀਤ ਸਿੰਘ ਚੀਮਾ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਵੇਰਵੇ ਸਾਂਝੇ ਕਰਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਇਹ ਫ਼ੈਸਲੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਹਲਕਾ ਇੰਚਾਰਜਾਂ ਤੇ ਆਬਜ਼ਰਵਰਾਂ ਦੀ ਮੀਟਿੰਗ ਵਿਚ ਹੋਏ ਫੈਸਲੇ ਮੁਤਾਬਕ ਲਏ ਗਏ ਹਨ। ਇਨ੍ਹਾਂ ਆਗੂਆਂ ਨੇ ਦੱਸਿਆ ਕਿ 6 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਪ੍ਰਚਾਰ ਮੁਹਿੰਮ ਦੌਰਾਨ ਲੋਕਾਂ ਤੋਂ ਰਾਏ ਲਈ ਜਾਵੇਗੀ ਕਿ ਪਾਰਟੀ ਦੇ ਚੋਣ ਮਨੋਰਥ ਵਿਚ ਕੀ-ਕੀ ਸ਼ਾਮਲ ਕੀਤਾ ਜਾਵੇ। ਇਸ ਤੋਂ ਪਹਿਲਾਂ ਚੋਣ ਮਨੋਰਥ ਪੱਤਰ ਕਮੇਟੀ ਨੇ ਪਾਰਟੀ ਦੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਵਿੰਗਾਂ ਤੋਂ ਸੁਝਾਅ ਲਏ ਤੇ ਉਹ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਤੇ ਸਰਕਾਰੀ ਮੁਲਾਜ਼ਮਾਂ ਨਾਲ ਮੀਟਿੰਗਾਂ ਦੇ ਦੌਰ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਜ਼ੋਰ ਲੋਕਾਂ ਤੋਂ ਫੀਡਬੈਕ ਲੈਣ ’ਤੇ ਰਹੇਗਾ ਤਾਂ ਜੋ ਅਸੀਂ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਦੌਰ ਵਿਚ ਲਿਜਾ ਸਕੀਏ। ਉਨ੍ਹਾਂ ਦੱਸਿਆ ਕਿ ਇਹ ਸਾਰੇ ਪ੍ਰੋਗਰਾਮ 25 ਅਕਤੂਬਰ ਨੂੰ ਸੰਪੂਰਨ ਹੋਣਗੇ। ਭੂੰਦੜ ਤੇ ਡਾ. ਚੀਮਾ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਦੀ ਬੱਸ ਯਾਤਰਾ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗੀ ਜਿਸ ਦੌਰਾਨ ਸੁਖਬੀਰ ਸਿੰਘ ਬਾਦਲ ਰੋਜ਼ਾਨਾ ਦੋ ਤੋਂ ਤਿੰਨ ਹਲਕੇ ਕਵਰ ਕਰਨਗੇ। ਡਾ. ਚੀਮਾ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਅਤੇ ਇਸ ਦੇ ਆਗੂਆਂ ਦੇ ਖਿਲਾਫ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਕੀਤੇ ਜਾਂਦੇ ਕੂੜ ਪ੍ਰਚਾਰ ਨੂੰ ਲੈ ਕੇ 10 ਮੈਂਬਰੀ ਵਕੀਲਾਂ ਦੀ ਕਮੇਟੀ ਗਠਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਇਸ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ ਜੋ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨਾਲ ਸਲਾਹ ਮਸ਼ਵਰਾ ਕਰ ਕੇ ਫੈਸਲੇ ਲੈਣਗੇ। ਇਸ ਦੌਰਾਨ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਸਿਰਫ 25 ਰੁਪਏ ਦਾ ਵਾਧਾ ਕਰ ਕੇ 2610 ਰੁਪਏ ਪ੍ਰਤੀ ਕੁਇੰਟਲ ਭਾਅ ਤੈਅ ਕਰਨ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਕੀਮਤ ਕਿਸਾਨਾਂ ਦੀ ਲਾਗਤ ਮੁਤਾਬਕ ਨਹੀਂ ਹੈ ਤੇ ਪਿਛਲੇ 17 ਸਾਲਾਂ ਵਿਚ ਸਭ ਤੋਂ ਘੱਟ ਕੀਤਾ ਗਿਆ ਵਾਧਾ ਹੈ। ਭੂੰਦੜ ਨੇ ਕੇਂਦਰ ਸਰਕਾਰ ਨੂੰ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਅਤੇ ਇਸ ਦੀ ਫੌਰੀ ਸਮੀਖਿਆ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਬਚਾਉਣ ਵਾਸਤੇ ਅਜਿਹਾ ਜ਼ਰੂਰੀ ਹੈ ਕਿਉਂਕਿ ਇਹ ਖੇਤਰ ਬਹੁਤ ਗੰਭੀਰ ਸੰਕਟ ਵਿਚੋਂ ਲੰਘ ਰਿਹਾ ਹੈ।

