ਖਹਿਰਾ ਨੇ ਆਪ ਸਰਕਾਰ ‘ਤੇ ਸਰਕਾਰੀ ਮਸ਼ੀਨਰੀ ਦੇ ਦੁਰਉਪਯੋਗ ਦੇ ਲਗਾਏ ਦੋਸ਼

16 ਫ਼ਰਵਰੀ 2026, ਜਲੰਧਰ – ਭੁਲੱਥ ਤੋਂ ਵਿਧਾਇਕ ਅਤੇ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੋਗਾ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਦੇ ਨਾਂ ‘ਤੇ ਹੋਈ ਰੈਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਰੈਲੀ ਲਈ ਸਰਕਾਰੀ ਬੱਸਾਂ, ਵਾਹਨਾਂ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਦਾ ਖੁੱਲ੍ਹਾ ਦੁਰਉਪਯੋਗ ਕੀਤਾ ਗਿਆ ਜਿਸ ਨਾਲ ਆਮ ਜਨਤਾ ਨੂੰ ਭਾਰੀ ਪਰੇਸ਼ਾਨੀ ਝੱਲਣੀ ਪਈ।
ਖਹਿਰਾ ਦੇ ਮੁਤਾਬਕ ਕਈ ਜ਼ਿਲ੍ਹਿਆਂ ਵਿੱਚ ਸਰਕਾਰੀ ਆਵਾਜਾਈ ਸੇਵਾਵਾਂ ਪ੍ਰਭਾਵਿਤ ਹੋਈਆਂ ਅਤੇ ਵਿਦਿਆਰਥੀਆਂ, ਕਰਮਚਾਰੀਆਂ ਤੇ ਰੋਜ਼ਾਨਾ ਯਾਤਰੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਸਿਆਸੀ ਪ੍ਰਚਾਰ ਕਰਨਾ ਗਲਤ ਹੈ ਅਤੇ ਇਹ ਰਾਜਨੀਤਕ ਨੈਤਿਕਤਾ ਦੇ ਖ਼ਿਲਾਫ਼ ਹੈ। ਖਹਿਰਾ ਨੇ ਕਿਹਾ ਕਿ ਜੇ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਸੱਚਮੁੱਚ ਵਚਨਬੱਧ ਹੈ ਤਾਂ ਇਸਨੂੰ ਜ਼ਮੀਨੀ ਪੱਧਰ ‘ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਦਲੀਲ ਦਿੱਤੀ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਨਸ਼ਿਆਂ ਦੀ ਲਤ ਅਤੇ ਓਵਰਡੋਜ਼ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਜੋ ਸਰਕਾਰ ਦੇ ਦਾਅਵਿਆਂ ‘ਤੇ ਸਵਾਲ ਖੜੇ ਕਰਦੇ ਹਨ।
ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਵਿਰੁੱਧ ਕੀਤੀ ਗਈ ਅਸਲ ਕਾਰਵਾਈ ਦੀ ਪਾਰਦਰਸ਼ੀ ਰਿਪੋਰਟ ਜਾਰੀ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਸਰੋਤਾਂ ਦਾ ਇਸਤੇਮਾਲ ਸਿਰਫ਼ ਲੋਕ ਭਲਾਈ ਲਈ ਹੀ ਹੋਵੇ ਅਤੇ ਰਾਜਨੀਤਿਕ ਰੈਲੀਆਂ ਲਈ ਜਨਤਕ ਧਨ ਦੀ ਵਰਤੋਂ ਤੁਰੰਤ ਰੋਕੀ ਜਾਵੇ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਤਕਰਾਰ ਤੇਜ਼ ਹੋਣ ਦੀ ਸੰਭਾਵਨਾ ਹੈ ਕਿਉਂਕਿ ਨਸ਼ਿਆਂ ਦਾ ਮਸਲਾ ਸੂਬੇ ਵਿੱਚ ਲੰਬੇ ਸਮੇਂ ਤੋਂ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ।

