Politics on 328 Sacred Saroops Must Stop Immediately – Jathedar Gargajj
328 ਪਾਵਨ ਸਰੂਪਾਂ ਦੇ ਮਾਮਲੇ ’ਚ ਕੀਤੀ ਜਾ ਰਹੀ ਸਿਆਸਤ ਤੁਰੰਤ ਬੰਦ ਕੀਤੀ ਜਾਵੇ – ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅੰਮ੍ਰਿਤਸਰ, 12 ਜਨਵਰੀ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 328 ਪਾਵਨ ਸਰੂਪਾਂ ਨਾਲ ਜੁੜੇ ਮਾਮਲੇ ’ਚ ਹੋ ਰਹੀ ਰਾਜਨੀਤੀ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਹੈ ਕਿ ਇਹ ਬਹੁਤ ਹੀ ਸੰਜੀਦਾ ਅਤੇ ਸੰਵੇਦਨਸ਼ੀਲ ਮਾਮਲਾ ਹੈ, ਜਿਸ ’ਚ ਕਿਸੇ ਵੀ ਤਰ੍ਹਾਂ ਦੀ ਸਿਆਸਤ ਪੰਥਕ ਮਰਯਾਦਾ ਦੇ ਖ਼ਿਲਾਫ਼ ਹੈ ਅਤੇ ਇਸਨੂੰ ਤੁਰੰਤ ਬੰਦ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ ਅਤੇ ਦੁਨੀਆ ਭਰ ਵਿੱਚ ਵੱਸਦਾ ਹਰ ਸਿੱਖ ਅਤੇ ਗੁਰੂ ਨਾਨਕ ਨਾਮ ਲੇਵਾ ਗੁਰੂ ਸਾਹਿਬ ਪ੍ਰਤੀ ਅਪਾਰ ਸ਼ਰਧਾ ਅਤੇ ਸਤਿਕਾਰ ਰੱਖਦਾ ਹੈ। ਪਾਵਨ ਸਰੂਪਾਂ ਨਾਲ ਸੰਬੰਧਿਤ ਮਾਮਲੇ ਨੂੰ ਰਾਜਨੀਤਕ ਲਾਭ ਲਈ ਵਰਤਣਾ ਪੰਥਕ ਹਿਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਬਰਾਬਰ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ 328 ਪਾਵਨ ਸਰੂਪਾਂ ਦੇ ਮਾਮਲੇ ਦੀ ਪੜਤਾਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ. ਈਸ਼ਰ ਸਿੰਘ ਦੀ ਅਗਵਾਈ ਹੇਠ ਪੜਤਾਲ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। ਕਮਿਸ਼ਨ ਦੀ ਰਿਪੋਰਟ ਵਿੱਚ ਸਪੱਸ਼ਟ ਤੌਰ ’ਤੇ ਦਰਸਾਇਆ ਗਿਆ ਹੈ ਕਿ ਸਬੰਧਤ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪਾਵਨ ਸਰੂਪ ਸੰਗਤਾਂ ਨੂੰ ਦਿੱਤੇ ਗਏ, ਪਰ ਉਨ੍ਹਾਂ ਦੀ ਬਣਦੀ ਭੇਟਾ ਟਰਸਟ ਫੰਡਾਂ ਵਿੱਚ ਜਮ੍ਹਾਂ ਨਹੀਂ ਕਰਵਾਈ ਗਈ ਅਤੇ ਨਾ ਹੀ ਕੋਈ ਬਿੱਲ ਕੱਟੇ ਗਏ। ਇਹ ਮਾਮਲਾ ਕੁਝ ਭ੍ਰਿਸ਼ਟ ਮੁਲਾਜ਼ਮਾਂ ਵੱਲੋਂ ਪੈਸਿਆਂ ਦੇ ਘਪਲੇ ਨਾਲ ਜੁੜਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਨਜ਼ੂਰ ਕੀਤੀ ਗਈ ਸ. ਈਸ਼ਰ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ 16 ਦੋਸ਼ੀਆਂ ਦੇ ਨਾਮ ਸਪੱਸ਼ਟ ਤੌਰ ’ਤੇ ਦਰਜ ਹਨ, ਜਿਨ੍ਹਾਂ ਨੂੰ ਦੋਸ਼ੀ ਮੰਨਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਭਾਗੀ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਯਾਦ ਦਿਵਾਇਆ ਕਿ 17 ਨਵੰਬਰ 2020 ਨੂੰ ਉਸ ਸਮੇਂ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਇਤਿਹਾਸਕ ਮੰਚ ਤੋਂ ਇਸ ਮਾਮਲੇ ਨੂੰ ਪ੍ਰਬੰਧਕੀ ਭ੍ਰਿਸ਼ਟਾਚਾਰ ਕਰਾਰ ਦਿੰਦਿਆਂ ਦੋਸ਼ੀ ਮੁਲਾਜ਼ਮਾਂ ਦੀ ਬਰਖਾਸਤਗੀ ਦੀ ਪੁਸ਼ਟੀ ਕੀਤੀ ਸੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਚੁਣੀ ਹੋਈ ਕੇਂਦਰੀ ਸੰਸਥਾ ਹੈ ਅਤੇ ਇਸ ਦੇ ਅਧਿਕਾਰ ਖੇਤਰ ਵਿੱਚ ਸਰਕਾਰੀ ਦਖ਼ਲ ਕਦੇ ਵੀ ਸਵੀਕਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਅੱਗੇ ਕੀਤਾ ਜਾਵੇਗਾ। ਹਾਲਾਂਕਿ, ਮੌਜੂਦਾ ਮਾਮਲੇ ਨੂੰ ਲੈ ਕੇ ਸੰਗਤਾਂ ਵਿੱਚ ਪੈਦਾ ਹੋ ਰਹੀ ਉਲਝਣ ਅਤੇ ਪੰਥਕ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੂੰ ਅਧਿਕਾਰਤ ਕੀਤਾ ਗਿਆ ਹੈ ਕਿ ਉਹ ਕੇਵਲ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਬਣਦਾ ਸਹਿਯੋਗ ਦੇਣ।
ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਸਰਕਾਰ ਨੂੰ SGPC ਪਾਸੋਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੀ ਲੋੜ ਪੈਂਦੀ ਹੈ ਤਾਂ ਉਹ SGPC ਦੇ ਚੰਡੀਗੜ੍ਹ ਸਥਿਤ ਸਬ-ਦਫ਼ਤਰ ਵਿੱਚ, SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਹਾਜ਼ਰੀ ਵਿੱਚ ਪ੍ਰਦਾਨ ਕੀਤੀ ਜਾਵੇਗੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਸ. ਈਸ਼ਰ ਸਿੰਘ ਪੜਤਾਲ ਕਮਿਸ਼ਨ ਨੇ ਆਪਣੀ ਰਿਪੋਰਟ ਦੇ ਚੌਥੇ ਭਾਗ ਦੇ ਪੰਨਾ ਨੰਬਰ 231 ’ਤੇ ਸਪੱਸ਼ਟ ਤੌਰ ’ਤੇ ਲਿਖਿਆ ਹੈ ਕਿ ਕੋਈ ਵੀ ਰਾਜਨੀਤਕ ਪਾਰਟੀ ਇਸ ਮਾਮਲੇ ਤੋਂ ਸਿਆਸੀ ਲਾਭ ਉਠਾਉਣ ਦੀ ਕੋਸ਼ਿਸ਼ ਨਾ ਕਰੇ। ਅਜਿਹਾ ਕਰਨ ਵਾਲੀ ਕੋਈ ਵੀ ਧਿਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਜਵਾਬਦੇਹ ਹੋਵੇਗੀ ਅਤੇ ਪੰਥ ਦੋਖੀ ਮੰਨੀ ਜਾਵੇਗੀ।
ਉਨ੍ਹਾਂ ਇਹ ਵੀ ਗੰਭੀਰ ਨੋਟਿਸ ਲਿਆ ਕਿ ਪਿਛਲੇ ਦਿਨਾਂ ਦੌਰਾਨ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ’ਤੇ ਕੁਝ ਬੁਲਾਰਿਆਂ ਅਤੇ ਬੁੱਧੀਜੀਵੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਬੰਧੀ ਅਣਉਚਿਤ ਅਤੇ ਅਦਬਹੀਣ ਸ਼ਬਦਾਵਲੀ ਵਰਤੀ ਜਾ ਰਹੀ ਹੈ, ਜੋ ਗੁਰਸਿੱਖਾਂ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ।
ਉਨ੍ਹਾਂ ਸਖ਼ਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਮਾਮਲੇ ਦੇ ਅੰਤਿਮ ਨਤੀਜੇ ਆਉਣ ਤੱਕ ਕੋਈ ਵੀ ਸਿਆਸੀ ਧਿਰ, ਸੰਸਥਾ, ਵਿਅਕਤੀ ਜਾਂ ਬੁਲਾਰਾ ਕਿਸੇ ਵੀ ਤਰ੍ਹਾਂ ਦੀ ਇਲਜ਼ਾਮਬਾਜ਼ੀ ਜਾਂ ਬਿਆਨਬਾਜ਼ੀ ਨਾ ਕਰੇ। ਜੇਕਰ ਇਸਦੇ ਬਾਵਜੂਦ ਅਜਿਹਾ ਕੀਤਾ ਗਿਆ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
