Preparations to seal borders ahead of elections; high-level inter-state police meeting held under the chairmanship of IG Bhullar
ਚੋਣਾਂ ਤੋਂ ਪਹਿਲਾਂ ਸਰਹੱਦਾਂ ‘ਤੇ ਸੀਲਬੰਦੀ ਦੀ ਤਿਆਰੀ, IG ਭੁੱਲਰ ਦੀ ਪ੍ਰਧਾਨਗੀ ਹੇਠ ਅੰਤਰਰਾਜੀ ਪੁਲਸ ਦੀ ਉੱਚ ਪੱਧਰੀ ਬੈਠਕ
ਪਠਾਨਕੋਟ (ਆਵਾਜ਼ਿ ਕੌਮ ਬਿਊਰੋ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਹੱਦੀ ਰਾਜਾਂ ਦੀ ਪੁਲਸ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਦੇ ਉਦੇਸ਼ ਨਾਲ ਅੱਜ ਇੱਕ ਅੰਤਰਰਾਜੀ ਪੁਲਸ ਤਾਲਮੇਲ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐੱਸ., ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਕੀਤੀ ਗਈ। ਮੀਟਿੰਗ ਵਿੱਚ ਡਾ.ਪੱਲਵੀ ਡਿਪਟੀ ਕਮਿਸ਼ਨਰ ਪਠਾਨਕੋਟ ਸਮੇਤ ਡੀ.ਆਈ.ਜੀ. ਬਾਰਡਰ ਸਕਿਉਰਟੀ ਫੋਰਸ, (BSF) ਅਤੇ ਵੱਖ-ਵੱਖ ਪੁਲਸ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚਾੜ੍ਹਨ ਲਈ ਵੱਖ-ਵੱਖ ਰਾਜਾਂ ਦੀ ਪੁਲਸ ਵਿਚਕਾਰ ਆਪਸੀ ਸਹਿਯੋਗ ਅਤੇ ਸੂਚਨਾ ਦੇ ਆਦਾਨ-ਪ੍ਰਦਾਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਹੱਦੀ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਅਤੇ ਨਾਕਾਬੰਦੀ ਕਰਨ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ, ਅਪਰਾਧਿਕ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਸਾਂਝੀ ਪੈਟਰੋਲਿੰਗ ਨੂੰ ਯਕੀਨੀ ਬਣਾਉਣ ਸਬੰਧੀ ਰਣਨੀਤੀ ਤਿਆਰ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਪੁਲਸ ਅਧਿਕਾਰੀਆਂ ਵਿਚਕਾਰ ਰੀਅਲ-ਟਾਈਮ ਸੂਚਨਾ ਸਾਂਝੀ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਤੁਰੰਤ ਕਾਰਵਾਈ ਕਰਨ ਲਈ ਪ੍ਰਭਾਵਸ਼ਾਲੀ ਤਾਲਮੇਲ ਬਣਾਈ ਰੱਖਣ ਬਾਰੇ ਵੀ ਵਿਚਾਰ ਕੀਤਾ ਗਿਆ। ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐੱਸ., ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਅਤੇ ਮਜ਼ਬੂਤ ਬਣਾਉਣ ਲਈ ਵੱਖ-ਵੱਖ ਰਾਜਾਂ ਦੀ ਪੁਲਸ ਵਿਚਕਾਰ ਨਜ਼ਦੀਕੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਵਿਸ਼ੇਸ਼ ਨਾਕਾਬੰਦੀ, ਚੈਕਿੰਗ, ਪੈਟਰੋਲਿੰਗ ਅਤੇ ਸ਼ੱਕੀ ਵਿਅਕਤੀਆਂ ਤੇ ਗਤੀਵਿਧੀਆਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ। ਸਾਰੇ ਸਬੰਧਤ ਪੁਲਸ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਪੁਲਸ ਵੱਲੋਂ ਆਗਾਮੀ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਲੋੜੀਂਦਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਮੰਤਵ ਲਈ ਦੂਜੇ ਰਾਜਾਂ ਦੀ ਪੁਲਿਸ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਿਆ ਜਾਵੇਗਾ।

