Proposal to increase Lok Sabha seats by 50% approved by the Cabinet
ਲੋਕ ਸਭਾ ਸੀਟਾਂ 50% ਵਧਾਉਣ ਦਾ ਪ੍ਰਸਤਾਵ ਕੈਬਨਿਟ ਤੋਂ ਮਨਜ਼ੂਰ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਲੋਕ ਸਭਾ ਸੀਟਾਂ ਵਿਚ 50% ਵਾਧੇ ਦੇ ਪ੍ਰਸਤਾਵ ਨੂੰ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ। ਲੋਕ ਸਭਾ ਵਿਚ ਅਜੇ 543 ਸੀਟਾਂ ਹਨ। 50% ਵਾਧੇ ਤੋਂ ਬਾਅਦ ਇਹ 815 ਹੋ ਜਾਣਗੀਆਂ। ਭਾਵ 272 ਸੀਟਾਂ ਵਧਣਗੀਆਂ। ਵਧਾਈਆਂ ਗਈਆਂ ਸਾਰੀਆਂ ਸੀਟਾਂ ਔਰਤਾਂ ਲਈ ਰਾਖਵੀਆਂ ਕੀਤੀਆਂ ਜਾ ਸਕਦੀਆਂ ਹਨ। ਕੁੱਲ ਸੀਟਾਂ ਦੀ ਇਹ ਗਿਣਤੀ ਅਗਲੇ 25 ਸਾਲਾਂ ਤੱਕ ਨਹੀਂ ਬਦਲੇਗੀ। ਸਰਕਾਰ ਇਸ ਬਿੱਲ ਨੂੰ 30 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿਚ ਪਾਸ ਕਰਵਾਉਣਾ ਚਾਹੁੰਦੀ ਹੈ। ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਵਿਰੋਧੀ ਧਿਰ ਨੂੰ ਬਿੱਲ ’ਤੇ ਬਹਿਸ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸੰਸਦ ਮੈਂਬਰਾਂ ਨੂੰ ਮੇਰੀ ਅਪੀਲ ਹੈ ਕਿ ਉਹ ਸੰਸਦ ਦਾ ਸੁਚਾਰੂ ਸੰਚਾਲਨ ਯਕੀਨੀ ਬਣਾਉਣ। ਸਾਨੂੰ ਆਪਣੇ ਲੋਕਤੰਤਰ ’ਤੇ ਮਾਣ ਹੈ ਅਤੇ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸੰਸਦ ਸੁਚਾਰੂ ਢੰਗ ਨਾਲ ਚੱਲੇ। ਨਵੇਂ ਬਿੱਲ ਵਿਚ ਵਧਾਈਆਂ ਗਈਆਂ ਸੀਟਾਂ ਦੇ ਨਵੇਂ ਸਿਰਿਓਂ ਨਿਰਧਾਰਨ ਲਈ 2011 ਦੀ ਮਰਦਮਸ਼ੁਮਾਰੀ ਦੀ ਵਰਤੋਂ ਕਰਨ ਦਾ ਪ੍ਰਸਤਾਵ ਹੈ। ਸੂਤਰਾਂ ਅਨੁਸਾਰ, ਸਰਕਾਰ ਨੇ ਸੂਬਿਆਂ ਦੀਆਂ ਸੀਟਾਂ ਦੀ ਮੌਜੂਦਾ ਗਿਣਤੀ ਵਿਚ ਬਦਲਾਅ ਕੀਤੇ ਬਿਨਾਂ ਸੰਸਦੀ ਹਲਕਿਆਂ ਦਾ ਨਵੇਂ ਸਿਰਿਓਂ ਨਿਰਧਾਰਨ ਕਰਨ ਦਾ ਪ੍ਰਸਤਾਵ ਰੱਖਿਆ ਹੈ। ਸੱਤਾਧਾਰੀ ਧਿਰ ਦਾ ਕਹਿਣਾ ਹੈ ਕਿ ਇਸ ਕਦਮ ਨਾਲ 2029 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੰਸਦ ਅਤੇ ਰਾਜ ਵਿਧਾਨ ਸਭਾਵਾਂ ’ਚ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਦਾ ਰਾਹ ਸਾਫ਼ ਹੋਵੇਗਾ। ਸਰਕਾਰ ਨੇ ਇਸ ਤੋਂ ਪਹਿਲਾਂ ਅਪ੍ਰੈਲ ’ਚ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਇਹ ਬਿੱਲ ਪੇਸ਼ ਕੀਤਾ ਸੀ, ਪਰ ਇਸ ਨੂੰ ਲੋਕ ਸਭਾ ਦੀ ਮਨਜ਼ੂਰੀ ਨਹੀਂ ਮਿਲ ਸਕੀ ਸੀ। ਹੁਣ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਸ ਕੋਲ ਇਸ ਬਿੱਲ ਨੂੰ ਪਾਸ ਕਰਵਾਉਣ ਲਈ ਲੋੜੀਂਦੀ ਗਿਣਤੀ ਵਿਚ ਸੰਸਦ ਮੈਂਬਰਾਂ ਦਾ ਸਮਰਥਨ ਹੈ। ਸੰਵਿਧਾਨ ਸੋਧ ਬਿੱਲ ਨੂੰ ਪਾਸ ਕਰਵਾਉਣ ਲਈ ਸੰਸਦ ਦੇ ਦੋਵਾਂ ਸਦਨਾਂ ਵਿਚ ਦੋ-ਤਿਹਾਈ ਬਹੁਮਤ ਜ਼ਰੂਰੀ ਹੈ। ਸੂਤਰਾਂ ਅਨੁਸਾਰ, ਦ੍ਰਵਿੜ ਮੁਨੇਤਰ ਕਸ਼ਗਮ (ਡੀ. ਐੱਮ. ਕੇ.), ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਅਤੇ ਭਾਰਤ ਰਾਸ਼ਟਰ ਸਮਿਤੀ (ਬੀ. ਆਰ. ਐੱਸ.) ਵੱਲੋਂ ਇਸ ਬਿੱਲ ਦਾ ਸਮਰਥਨ ਕੀਤੇ ਜਾਣ ਦੀ ਉਮੀਦ ਹੈ। ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਸ਼ਨੀਵਾਰ ਨੂੰ ਵਿਰੋਧੀ ਪਾਰਟੀਆਂ ਦੀ ਮੀਟਿੰਗ ਸੱਦੀ ਹੈ, ਜਿਸ ਵਿਚ ਇਸ ਸੰਭਾਵੀ ਬਿੱਲ ਨਾਲ ਜੁੜੀ ਰਣਨੀਤੀ ’ਤੇ ਚਰਚਾ ਕੀਤੀ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਵਿਰੋਧੀ ਗੱਠਜੋੜ ‘ਇੰਡੀਆ’ ਦੇ ਸਹਿਯੋਗੀ ਪਾਰਟੀਆਂ ਦੇ ਸਦਨ ਦੇ ਨੇਤਾ ਮੀਟਿੰਗ ਵਿਚ ਮੌਜੂਦ ਰਹਿਣਗੇ, ਪਰ ਡੀ. ਐੱਮ. ਕੇ., ਆਮ ਆਦਮੀ ਪਾਰਟੀ ਅਤੇ ਬੀਜੂ ਜਨਤਾ ਦਲ (ਬੀ. ਜੇ. ਡੀ.) ਸਮੇਤ ਉਨ੍ਹਾਂ ਪਾਰਟੀਆਂ ਨੂੰ ਵੀ ਇਸ ਮੀਟਿੰਗ ਵਿਚ ਸੱਦਾ ਦਿੱਤਾ ਗਿਆ ਹੈ, ਜੋ ਸੱਤਾਧਾਰੀ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐੱਨ. ਡੀ. ਏ.) ਦੇ ਨਾਲ ਨਹੀਂ ਹਨ। ਸੂਤਰਾਂ ਅਨੁਸਾਰ, ਸ਼ਨੀਵਾਰ ਨੂੰ ਸਵੇਰੇ 11:30 ਵਜੇ ਖੜਗੇ ਦੇ 10, ਰਾਜਾਜੀ ਮਾਰਗ ਸਥਿਤ ਨਿਵਾਸ ’ਤੇ ਇਹ ਮੀਟਿੰਗ ਹੋਵੇਗੀ। ਹੱਦਬੰਦੀ ਸਬੰਧੀ ਬਿੱਲ ’ਤੇ ਦ੍ਰਵਿੜ ਮੁਨੇਤਰ ਕਸ਼ਗਮ (ਡੀ. ਐੱਮ. ਕੇ.) ਦੇ ਰੁਖ਼ ਨੂੰ ਲੈ ਕੇ ਚੱਲ ਰਹੀਆਂ ਕਿਆਸ-ਅਰਾਈਆਂ ਦਰਮਿਆਨ ਪਾਰਟੀ ਪ੍ਰਧਾਨ ਐੱਮ. ਕੇ. ਸਟਾਲਿਨ ਨੇ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਦੁਹਰਾਇਆ ਕਿ ਕਿਸੇ ਵੀ ਸਥਿਤੀ ਵਿਚ ਲੋਕ ਸਭਾ ਵਿਚ ਤਾਮਿਲਨਾਡੂ ਦੀ ਮੌਜੂਦਾ 7.18 ਫੀਸਦੀ ਸੀਟਾਂ ਦੀ ਹਿੱਸੇਦਾਰੀ ਨੂੰ ਘੱਟ ਨਹੀਂ ਕੀਤਾ ਜਾਣਾ ਚਾਹੀਦਾ। ਕਾਂਗਰਸ ਨੇ ਦੋਸ਼ ਲਗਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਰਾਸ਼ ਹਨ ਅਤੇ ਲੋਕ ਸਭਾ ਵਿਚ ਧੋਖਾਦੇਹੀ ਨਾਲ ਦੋ-ਤਿਹਾਈ ਬਹੁਮਤ ਹਾਸਲ ਕਰਨਾ ਚਾਹੁੰਦੇ ਹਨ।

