Protest at Bhago Majra toll plaza during the shutdown; appeal made to people not to step out of their homes
ਬੰਦ ਦੌਰਾਨ ਭਾਗੋ ਮਾਜਰਾ ਟੋਲ ਪਲਾਜ਼ਾ ‘ਤੇ ਧਰਨਾ, ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ
ਖਰੜ (ਆਵਾਜ਼ਿ ਕੌਮ ਬਿਊਰੋ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਖਰੜ ਇਲਾਕੇ ਵਿਚ ਵੀ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਖਰੜ-ਰੋਪੜ ਰੋਡ ’ਤੇ ਪਿੰਡ ਸਹੌੜਾਂ ਤੇ ਯੂਥ ਕਿਸਾਨ ਆਗੂ ਸਰਪੰਚ ਟਿੰਕੂ ਸੈਣੀ ਜਕੜ ਮਾਜਰਾ ਅਤੇ ਬਜੇਹੜੀ ਟੋਲ ਪਲਾਜ਼ਾ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਅਤੇ ਭਾਗੋ ਮਾਜਰਾ ਟੋਲ ਪਲਾਜ਼ਾ ‘ਤੇ ਕਿਸਾਨ ਆਗੂ ਸੁਰਮੁਖ ਸਿੰਘ ਛੱਜੂ ਮਾਜਰਾ ਦੀ ਅਗਵਾਈ ਵਿਚ ਰੋਸ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਯੂਥ ਕਿਸਾਨ ਆਗੂ ਅਤੇ ਸਰਪੰਚ ਟਿੰਕੂ ਸੈਣੀ, ਨਿਆਮੀਆਂ ਅਤੇ ਛੱਜੂ ਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਅਨੁਸਾਰ ਸੂਬੇ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਸਰਕਾਰ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਵਿਅਕਤੀ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਂਦੇ ਹਨ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ’ਤੇ ਰੋਸ ਪ੍ਰਗਟ ਕਰਦਿਆਂ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਲੋਕਾਂ ਨੂੰ ਬੰਦ ਦੇ ਸੱਦੇ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਇਸ ਰੋਸ ਵਿਚ ਆਪਣਾ ਸਹਿਯੋਗ ਦੇਣ। ਜ਼ਿਕਰਯੋਗ ਹੈ ਕਿ ਇਸ ਬੰਦ ਦਾ ਸੱਦਾ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਅਤੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਰੋਸ ਪ੍ਰਗਟਾਉਣ ਲਈ ਦਿੱਤਾ ਗਿਆ ਹੈ।

