Damdami Taksal Supports Punjab Bandh on 21 August for Release of Bandi Singhs
ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਦੇ ਪੰਜਾਬ ਬੰਦ ਦੀ ਦਮਦਮੀ ਟਕਸਾਲ ਵੱਲੋਂ ਪੁਰਜ਼ੋਰ ਹਮਾਇਤ
ਅੰਮ੍ਰਿਤਸਰ, 20 ਅਗਸਤ – ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026, ਦਿਨ ਸ਼ੁੱਕਰਵਾਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੀ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਪੁਰਜ਼ੋਰ ਹਮਾਇਤ ਕੀਤੀ ਗਈ ਹੈ।

ਦਮਦਮੀ ਟਕਸਾਲ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੰਜਾਬ ਬੰਦ ਦੀ ਕਾਲ ਨੂੰ ਅਮਨ-ਸ਼ਾਂਤੀ ਅਤੇ ਸੰਜਮ ਨਾਲ ਸਫ਼ਲ ਬਣਾਉਣ। ਟਕਸਾਲ ਵੱਲੋਂ ਕਿਹਾ ਗਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਸਰਕਾਰਾਂ ਨੂੰ ਇਸ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕਰਨੀ ਚਾਹੀਦੀ ਹੈ।
ਦਮਦਮੀ ਟਕਸਾਲ ਨੇ ਸਰਕਾਰਾਂ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲਟਕਾਉਣ ਦੀ ਬਜਾਏ ਬਿਨਾਂ ਸ਼ਰਤ ਜਲਦ ਰਿਹਾਈ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਇਸ ਦੇ ਨਾਲ ਹੀ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ 21 ਅਗਸਤ ਦੇ ਬੰਦ ਦੌਰਾਨ ਪੂਰਨ ਸ਼ਾਂਤੀ, ਸੰਜਮ ਅਤੇ ਭਾਈਚਾਰਕ ਸਦਭਾਵਨਾ ਬਣਾਈ ਰੱਖੀ ਜਾਵੇ। ਟਕਸਾਲ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੀ ਕਾਰਵਾਈ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।
ਦਮਦਮੀ ਟਕਸਾਲ ਨੇ ਕਿਹਾ ਕਿ ਬੰਦੀ ਸਿੰਘਾਂ ਨਾਲ ਸਬੰਧਤ ਮਸਲੇ ਦਾ ਸਥਾਈ ਹੱਲ ਕਰਦਿਆਂ ਸਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਸਬੰਧੀ ਜਲਦ ਫ਼ੈਸਲਾ ਲੈਣਾ ਚਾਹੀਦਾ ਹੈ।
