Punjab bandh: Buses closed, markets shuttered and traffic disrupted in Bathinda
ਪੰਜਾਬ ਬੰਦ : ਬਠਿੰਡਾ ‘ਚ ਬੱਸਾਂ ਬੰਦ, ਬਜ਼ਾਰਾਂ ਦੇ ਸ਼ਟਰ ਡਾਊਨ ਅਤੇ ਆਵਾਜਾਈ ਠੱਪ
ਬਠਿੰਡਾ (ਆਵਾਜ਼ਿ ਕੌਮ ਬਿਊਰੋ)-ਕੌਮੀ ਇਨਸਾਫ਼ ਮੋਰਚੇ ਵੱਲੋਂ ਸਿੱਖ ਜੱਥੇਬੰਦੀਆਂ ਅਤੇ ਕਿਸਾਨ ਜੱਥੇਬੰਦੀਆਂ ਦੇ ਸਹਿਯੋਗ ਨਾਲ ‘ਪੰਜਾਬ ਬੰਦ’ ਦੇ ਸੱਦੇ ਦਾ ਅਸਰ ਅੱਜ ਸੂਬੇ ਭਰ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਦਾ ਅਸਰ ਸੜਕਾਂ ਤੋਂ ਲੈ ਕੇ ਬਜ਼ਾਰਾਂ ਅਤੇ ਵਿੱਦਿਅਕ ਅਦਾਰਿਆਂ ਤੱਕ ਸਾਫ਼ ਦਿਖਾਈ ਦੇ ਰਿਹਾ ਹੈ। ਕਈ ਥਾਵਾਂ ’ਤੇ ਦੁਕਾਨਾਂ ਦੇ ਸ਼ਟਰ ਬੰਦ ਹਨ ਅਤੇ ਆਮ ਦਿਨਾਂ ਦੇ ਮੁਕਾਬਲੇ ਸੜਕਾਂ ’ਤੇ ਆਵਾਜਾਈ ਬਹੁਤ ਘੱਟ ਦਿਖਾਈ ਦੇ ਰਹੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਬੱਸ ਅੱਡਿਆਂ ’ਤੇ ਬੱਸਾਂ ਦੀ ਆਵਾਜਾਈ ਠੱਪ ਹੈ ਅਤੇ ਸੜਕੀ ਜਨਤਕ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਬੱਸ ਅੱਡਿਆਂ ’ਤੇ ਸਵਾਰੀਆਂ ਦੀ ਭੀੜ ਦੀ ਥਾਂ ਸੁੰਨਸਾਨ ਮਾਹੌਲ ਦਿਖਾਈ ਦੇ ਰਿਹਾ ਹੈ। ਕਈ ਰੂਟਾਂ ’ਤੇ ਬੱਸ ਸੇਵਾ ਬੰਦ ਰਹਿਣ ਕਾਰਨ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਜ਼ਾਰਾਂ ‘ਚ ਵੀ ਬੰਦ ਦਾ ਵੱਡਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਵਪਾਰਕ ਅਦਾਰਿਆਂ ਅਤੇ ਦੁਕਾਨਾਂ ਦੇ ਸ਼ਟਰ ਬੰਦ ਹੋਣ ਕਾਰਨ ਮੁੱਖ ਬਾਜ਼ਾਰਾਂ ‘ਚ ਕਾਰੋਬਾਰੀ ਗਤੀਵਿਧੀਆਂ ਲਗਭਗ ਠੱਪ ਹਨ। ਸੜਕਾਂ ’ਤੇ ਵੀ ਆਮ ਦਿਨਾਂ ਦੇ ਮੁਕਾਬਲੇ ਕਾਫ਼ੀ ਘੱਟ ਰੌਣਕ ਹੈ। ਬੰਦ ਦੇ ਮੱਦੇਨਜ਼ਰ ਕਈ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ, ਜਿਸ ਕਾਰਨ ਵਿਦਿਆਰਥੀਆਂ ਦੀ ਆਵਾਜਾਈ ਵੀ ਨਹੀਂ ਹੋ ਰਹੀ। ਹਾਲਾਂਕਿ ਸਰਕਾਰੀ ਦਫ਼ਤਰਾਂ ਅਤੇ ਸਰਕਾਰੀ ਅਦਾਰਿਆਂ ਨੂੰ ਖੋਲ੍ਹਣ ਦੀ ਗੱਲ ਕਹੀ ਗਈ ਹੈ, ਜਿਸ ਕਾਰਨ ਇਨ੍ਹਾਂ ਥਾਵਾਂ ’ਤੇ ਆਮ ਸਰਕਾਰੀ ਕੰਮਕਾਜ ਜਾਰੀ ਰਹਿਣ ਦੀ ਉਮੀਦ ਹੈ। ਪੰਜਾਬ ਬੰਦ ਦੇ ਬਾਵਜੂਦ ਰੇਲ ਆਵਾਜਾਈ ਅਜੇ ਤੱਕ ਜਾਰੀ ਹੈ। ਰੇਲਗੱਡੀਆਂ ਦੀ ਆਵਾਜਾਈ ’ਤੇ ਫਿਲਹਾਲ ਵੱਡਾ ਅਸਰ ਦਿਖਾਈ ਨਹੀਂ ਦੇ ਰਿਹਾ। ਇਸ ਕਾਰਨ ਸੜਕੀ ਆਵਾਜਾਈ ਬੰਦ ਹੋਣ ਦੇ ਬਾਵਜੂਦ ਰੇਲ ਰਾਹੀਂ ਯਾਤਰਾ ਕਰਨ ਵਾਲੇ ਲੋਕਾਂ ਲਈ ਇੱਕ ਵਿਕਲਪ ਮੌਜੂਦ ਹੈ। ਬੰਦ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁੱਖ ਚੌਂਕਾਂ, ਸੰਵੇਦਨਸ਼ੀਲ ਥਾਵਾਂ ਅਤੇ ਆਵਾਜਾਈ ਵਾਲੇ ਮਾਰਗਾਂ ’ਤੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਕਈ ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਲਗਾਤਾਰ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਬੰਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਫਿਲਹਾਲ ਬੰਦ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ ਪਰ ਸੁਰੱਖਿਆ ਏਜੰਸੀਆਂ ਵੱਲੋਂ ਹਾਲਾਤ ਨੂੰ ਕਾਬੂ ‘ਚ ਰੱਖਣ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਕੁੱਲ ਮਿਲਾ ਕੇ ਪੰਜਾਬ ਬੰਦ ਦਾ ਸੂਬੇ ‘ਚ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ, ਬਾਜ਼ਾਰ ਬੰਦ, ਬੱਸ ਸੇਵਾ ਅਤੇ ਸੜਕੀ ਆਵਾਜਾਈ ਠੱਪ, ਸਕੂਲ ਬੰਦ ਹਨ, ਜਦੋਂ ਕਿ ਰੇਲ ਸੇਵਾ ਜਾਰੀ ਹੈ ਅਤੇ ਸਰਕਾਰੀ ਅਦਾਰਿਆਂ ਦੇ ਕੰਮਕਾਜ ਨੂੰ ਚਲਾਉਣ ਦੀ ਤਿਆਰੀ ਹੈ।

