‘Punjab Bandh’ has an impact on Doaba! Buses closed, silence on the roads, see the latest situation in pictures
‘ਪੰਜਾਬ ਬੰਦ’ ਦਾ ਦੋਆਬੇ ‘ਚ ਅਸਰ! ਬੱਸਾਂ ਬੰਦ, ਸੜਕਾਂ ‘ਤੇ ਪਸਰਿਆ ਸੰਨਾਟਾ, ਤਸਵੀਰਾਂ ‘ਚ ਵੇਖੋ ਤਾਜ਼ਾ ਹਾਲਾਤ
ਜਲੰਧਰ/ਹੁਸ਼ਿਆਰਪੁਰ/ਕਪੂਰਥਲਾ/ਨਵਾਂਸ਼ਹਿਰ (ਆਵਾਜ਼ਿ ਕੌਮ ਬਿਊਰੋ)-ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ। ਅੱਜ ਸਵੇਰੇ 7 ਵਜੇ ਤੋਂ ਲੈ ਕੇ 2 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਪੰਜਾਬ ਬੰਦ ਦਾ ਅਸਰ ਜਲੰਧਰ ਸਮੇਤ ਪੂਰੇ ਦੋਆਬੇ ਵਿਚ ਵੇਖਣ ਨੂੰ ਮਿਲਿਆ। ਜਲੰਧਰ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ਦੇ ਮੈਂਬਰਾਂ ਨੇ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿਚ ਧਰਨਾ ਦਿੱਤਾ ਅਤੇ ਇਥੇ ਦਰੀਆਂ ਵਿਚ ਕੇ ਰੋਸ ਪ੍ਰਦਰਸ਼ਨ ਕੀਤਾ। ਸ਼ਹਿਰ ਵਿਚ ਥਾਂ-ਥਾਂ ‘ਤੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਬੱਸਾਂ ਬੰਦ ਹੋਣ ਕਾਰਨ ਜਲੰਧਰ ਬੱਸ ਸਟੈਂਡ ‘ਤੇ ਕਈ ਯਾਤਰੀ ਫਸੇ ਰਹੇ। ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਰਫ਼ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਜਦਕਿ ਬਾਜ਼ਾਰ, ਦੁਕਾਨਾਂ ਸਭ ਬੰਦ ਹਨ। ਭੋਗਪੁਰ ਵਿਚ ਹੀ ਪੰਜਾਬ ਬੰਦ ਦਾ ਅਸਰ ਵੇਖਣ ਨੂੰ ਮਿਲਿਆ ਹੈ। ਇਸੇ ਤਰ੍ਹਾਂ ਪੰਜਾਬ ਬੰਦ ਦਾ ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ ‘ਚ ਵੀ ਮਿਲਿਆ-ਜੁਲਿਆ ਅਸਰ ਵੇਖਣ ਨੂੰ ਮਿਲਿਆ ਹੈ।
ਨਕੋਦਰ ‘ਚ ਦਿਸਿਆ ਪੰਜਾਬ ਬੰਦ ਦਾ ਅਸਰ -ਪੰਜਾਬ ਬੰਦ ਦਾ ਅਸਰ ਨਕੋਦਰ ਵਿਚ ਵੀ ਵੇਖਿਆ ਗਿਆ। ਦੌਰਾਨ ਨਕੋਦਰ ਵਿਖੇ ਧਰਨੇ ‘ਤੇ ਬੈਠੇ ਕੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ,ਨਿਹੰਗ ਸਿੰਘ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਜ਼ਾਹਰ ਕੀਤਾ। ਇਸ ਦੌਰਾਨ ਨਕੋਦਰ ਵਾਸੀਆਂ ਨੇ ਬੰਦ ਨੂੰ ਭਰਪੂਰ ਸਮਰਥਨ ਦਿੱਤਾ।
ਹੁਸ਼ਿਆਰਪੁਰ ‘ਚ ਬੰਦੀ ਸਿੰਘਾਂ ਦੀ ਰਿਹਾਈ ਲਈ ‘ਪੰਜਾਬ ਬੰਦ’ ਦਾ ਅਸਰ, ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ-ਲੰਮੇ ਸਮੇਂ ਤੋਂ ਜੇਲ੍ਹਾਂ ‘ਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਅੱਜ ਹੁਸ਼ਿਆਰਪੁਰ ‘ਚ ਵਿਆਪਕ ਅਸਰ ਵੇਖਣ ਨੂੰ ਮਿਲਿਆ। ਸ਼ਹਿਰ ‘ਚ ਜਥੇਬੰਦੀਆਂ ਦੇ ਇਕੱਠੇ ਹੋਣ ਤੋਂ ਪਹਿਲਾਂ ਹੀ ਸਵੇਰ ਤੋਂ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਮਨੋਂ-ਮਨੀ ਬੰਦ ਰੱਖੇ ਗਏ।
ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਪਹਿਲਾਂ ਇਹ ਬੰਦ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖਣ ਦਾ ਐਲਾਨ ਕੀਤਾ ਗਿਆ ਸੀ ਪਰ ਬਾਅਦ ‘ਚ ਸੰਗਤਾਂ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਦਾ ਸਮਾਂ ਬਦਲ ਕੇ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ। ਕਰਨੈਲ ਸਿੰਘ ਲਵਲੀ ਨੇ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਸਿੱਖ ਅਤੇ ਭਾਈਚਾਰਕ ਜਥੇਬੰਦੀਆਂ ਦੇ ਨੁਮਾਇੰਦੇ ਹੁਸ਼ਿਆਰਪੁਰ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਇਕੱਤਰ ਹੋਏ। ਗੁਰਦੁਆਰਾ ਸਾਹਿਬ ਤੋਂ ਲੈ ਕੇ ਸ਼ਹਿਰ ਦੇ ਵੱਖ-ਵੱਖ ਮੁੱਖ ਬਾਜ਼ਾਰਾਂ ਅਤੇ ਮਾਰਗਾਂ ਵਿੱਚ ਜਥੇਬੰਦੀਆਂ ਵੱਲੋਂ ਇਕ ਸ਼ਾਂਤਮਈ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਕੇਂਦਰ ਅਤੇ ਰਾਜ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ। ਪੰਜਾਬ ਬੰਦ ਦਾ ਭਰਪੂਰ ਅਸਰ ਦਸੂਹਾ ਵਿਚ ਵੀ ਵੇਖਿਆ ਗਿਆ।
ਕਪੂਰਥਲਾ ‘ਚ ਬੰਦ ਦਾ ਵਿਆਪਕ ਅਸਰ, ਬਾਜ਼ਾਰ ਅਤੇ ਪ੍ਰਾਈਵੇਟ ਸਕੂਲ ਪੂਰੀ ਤਰ੍ਹਾਂ ਰਹੇ ਬੰਦ-ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਬੰਦ ਦਾ ਅੱਜ ਕਪੂਰਥਲਾ ‘ਚ ਵਿਆਪਕ ਅਤੇ ਮਹੱਤਵਪੂਰਨ ਪ੍ਰਭਾਵ ਪਿਆ ਹੈ। ਬੰਦ ਦੇ ਸਮਰਥਨ ‘ਚ ਸ਼ਹਿਰ ਦੇ ਸਾਰੇ ਪ੍ਰਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ ਅਤੇ ਪ੍ਰਾਈਵੇਟ ਸਕੂਲ ਵੀ ਬੰਦ ਰੱਖੇ ਗਏ। ਬੰਦ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਸਿੱਖ ਅਤੇ ਕਿਸਾਨ ਸੰਗਠਨਾਂ ਦੇ ਕਾਰਕੁੰਨ ਸ਼ਹਿਰ ਦੇ ਇਤਿਹਾਸਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਵਾਰਿਸ ਪੰਜਾਬ ਦੇ ਅਤੇ ਵੱਖ-ਵੱਖ ਕਿਸਾਨ ਸੰਗਠਨਾਂ ਨੇ ਦੇਸ਼ ਵਿਆਪੀ ਬੰਦ ਦੇ ਸੱਦੇ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਹੈ। ਇਨ੍ਹਾਂ ਸਾਰੀਆਂ ਸੰਗਠਨਾਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਸਟੇਟ ਗੁਰਦੁਆਰਾ ਸਾਹਿਬ ਪਹੁੰਚੇ ਹਨ। ਸੰਗਠਨਾਂ ਦੇ ਆਗੂਆਂ ਮੁਤਾਬਕ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਣ ਤੋਂ ਤੁਰੰਤ ਬਾਅਦ ਸਾਰੇ ਪ੍ਰਦਰਸ਼ਨਕਾਰੀ ਬੰਦੀ ਸਿੰਘਾਂ ਦੀ ਰਿਹਾਈ ਦੇ ਸਮਰਥਨ ਵਿੱਚ ਅਤੇ ਸਰਕਾਰ ਵਿਰੁੱਧ ਆਪਣਾ ਗੁੱਸਾ ਪ੍ਰਗਟ ਕਰਨ ਲਈ ਸ਼ਹਿਰ ‘ਚ ਇਕ ਵਿਸ਼ਾਲ ਮਾਰਚ ਕੱਢਣਗੇ। ਸਥਾਨਕ ਪ੍ਰਸ਼ਾਸਨ ਅਤੇ ਪੁਲਸ ਫੋਰਸ ਸ਼ਹਿਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਤਿਆਰ ਹੈ।

