Punjab Bandh: Mohali-Kharar flyover completely closed, schools closed!
ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ ‘ਚ ਛੁੱਟੀ!
ਮੋਹਾਲੀ (ਆਵਾਜ਼ਿ ਕੌਮ ਬਿਊਰੋ)-ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ 21 ਅਗਸਤ ਨੂੰ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਦਾ ਮੋਹਾਲੀ ‘ਚ ਅਸਰ ਦਿਖਾਈ ਦੇਣ ਲੱਗਾ ਹੈ। ਸਵੇਰੇ ਰੋਜ਼ਾਨਾ ਵਾਂਗ ਆਮ ਜਨਜੀਵਨ ਸ਼ੁਰੂ ਹੋਣ ਦੇ ਬਾਵਜੂਦ ਕਈ ਥਾਵਾਂ ’ਤੇ ਬੰਦ ਦਾ ਪ੍ਰਭਾਵ ਨਜ਼ਰ ਆਇਆ। ਜ਼ਿਲ੍ਹੇ ਦੇ ਵਧੇਰੇ ਨਿੱਜੀ ਸਕੂਲਾਂ ਵੱਲੋਂ ਪਹਿਲਾਂ ਹੀ ਸਕੂਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਤੋਂ ਇਲਾਵਾ ਬਾਜ਼ਾਰਾਂ, ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਜਨਤਕ ਆਵਾਜਾਈ ’ਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ। ਕਰੀਬ ਪੌਣੇ 8 ਵਜੇ ਖਰੜ-ਮੋਹਾਲੀ ਫਲਾਈਓਵਰ ’ਤੇ ਦੇਸੂਮਾਜਰਾ ਨੇੜੇ ਪ੍ਰਦਰਸ਼ਨਕਾਰੀਆਂ ਵੱਲੋਂ ਖਰੜ ਤੋਂ ਚੰਡੀਗੜ੍ਹ-ਮੋਹਾਲੀ ਜਾਣ ਵਾਲੀ ਆਵਾਜਾਈ ਮੁਕੰਮਲ ਤੌਰ ’ਤੇ ਰੋਕ ਦਿੱਤੀ ਗਈ, ਜਿਸ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ। ਮੋਰਚੇ ਦੇ ਆਗੂਆਂ ਅਤੇ ਸਮਰਥਕਾਂ ਵੱਲੋਂ ਕੇ. ਐੱਫ,. ਸੀ., ਸੰਨੀ ਐਨਕਲੇਵ, ਦੇਸੂਮਾਜਰਾ ਬੱਸ ਸਟੈਂਡ ਅਤੇ ਭਾਗੋਮਾਜਰਾ ਟੋਲ ਪਲਾਜ਼ਾ ਵੱਲ ਜਾਣ ਵਾਲੇ ਰਸਤੇ ਵੀ ਬੰਦ ਕਰ ਦਿੱਤੇ ਗਏ, ਜਿਸ ਕਾਰਨ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਕੌਮੀ ਇਨਸਾਫ਼ ਮੋਰਚੇ ਦੇ ਖਰੜ ਨਾਲ ਸਬੰਧਿਤ ਆਗੂਆਂ ਨੇ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਗੰਭੀਰਤਾ ਨਹੀਂ ਦਿਖਾ ਰਹੀ। ਉਨ੍ਹਾਂ ਕਿਹਾ ਕਿ ਕਈ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਜਗਾਉਣ ਅਤੇ ਆਪਣੀਆਂ ਮੰਗਾਂ ਵੱਲ ਧਿਆਨ ਦਿਵਾਉਣ ਲਈ ਉਨ੍ਹਾਂ ਨੂੰ ਇਹ ਰਾਹ ਅਪਣਾਉਣਾ ਪਿਆ ਹੈ। ਬੰਦ ਕਾਰਨ ਖਰੜ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਆਵਾਜਾਈ ’ਤੇ ਵੱਡਾ ਅਸਰ ਪਿਆ। ਲੋਕਾਂ ਨੂੰ ਆਪਣੇ ਮੰਜ਼ਿਲ ਤੱਕ ਪਹੁੰਚਣ ਲਈ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸਥਿਤੀ ਨੂੰ ਕਾਬੂ ‘ਚ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

