Punjab gets a regular DGP; government issues notification
ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਪੰਜਾਬ ਦੇ ਨਿਯਮਤ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਬਕਾਇਦਾ ਸਿਧਾਂਤਕ ਪ੍ਰਵਾਨਗੀ ਵੀ ਦੇ ਦਿੱਤੀ ਗਈ ਹੈ। ਗੌਰਵ ਯਾਦਵ 1992 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਹਨ। ਪੰਜਾਬ ਸਾਰਕਾਰ ਦੇ ਇਸ ਫੈਸਲੇ ਨਾਲ ਚਾਰ ਸਾਲਾਂ ਦੇ ਵੱਧ ਸਮੇਂ ਤੋਂ ਵਾਧੂ ਚਾਰਜ ਦੇ ਪ੍ਰਬੰਧ ਤੋਂ ਬਾਅਦ ਸੂਬੇ ਨੂੰ ਅੰਤ ਵਿਚ ਪੱਕਾ ਡੀ. ਜੀ. ਪੀ. ਮਿਲ ਗਿਆ ਹੈ। ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਪੰਜਾਬ-ਹਰਿਆਣਾ ਹਾਈ ਕੋਰਟ ’ਚ ਇਸ ਮਾਮਲੇ ’ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਸੀ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਰੈਗੂਲਰ ਡੀ. ਜੀ. ਪੀ. ਵਜੋਂ ਗੌਰਵ ਯਾਦਵ ਨੂੰ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਆਈ. ਪੀ. ਐੱਸ. ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਪੰਜਾਬ ਪੁਲਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ’ਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਵੀ ਸ਼ਾਮਲ ਹਨ। ਇਥੇ ਇਹ ਵੀ ਦੱਸ ਦਈਏ ਕਿ ਗੌਰਵ ਯਾਦਵ ਦੀ ਸੇਵਾਮੁਕਤੀ 30 ਅਪ੍ਰੈਲ 2029 ਨੂੰ ਹੋਣੀ ਹੈ। ਪੱਕੇ ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਵਿਰੋਧੀ ਧਿਰ ਵੀ ਅਕਸਰ ਸਰਕਾਰ ਨੂੰ ਘੇਰਦੇ ਰਹੇ ਹਨ। ਹੁਣ ਜਦੋਂ ਹਾਈਕੋਰਟ ਵੀ ਇਸ ਮਾਮਲੇ ‘ਤੇ 13 ਅਕਤੂਬਰ ਨੂੰ ਸੁਣਵਾਈ ਕਰਨ ਜਾ ਰਿਹਾ ਸੀ ਤਾਂ ਸੁਣਵਾਈ ਤੋਂ ਮਹਿਜ਼ 5 ਦਿਨ ਪਹਿਲਾਂ ਸਰਕਾਰ ਵੱਲੋਂ ਪੱਕਾ ਡੀ. ਜੀ. ਪੀ. ਨਿਯੁਕਤ ਕਰ ਦਿੱਤਾ ਹੈ।

