Punjab Governor Gulab Chand Kataria pays obeisance at Sachkhand Sri Harmandir Sahib
ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੱਜ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਅੰਮ੍ਰਿਤਸਰ ਵਿਖੇ ਸਥਿਤ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਪਾਵਨ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪਾਲਕੀ ਸਾਹਿਬ ਨੂੰ ਕੰਧਾ ਵੀ ਦਿੱਤਾ। ਗੁਰੂ ਘਰ ਦੀ ਰੂਹਾਨੀ ਫ਼ਿਜ਼ਾ ਵਿੱਚ ਗਵਰਨਰ ਦੀ ਹਾਜ਼ਰੀ ਨੇ ਇਸ ਪਲ ਨੂੰ ਹੋਰ ਵੀ ਸ਼ਰਧਾ ਅਤੇ ਆਸਥਾ ਨਾਲ ਭਰਪੂਰ ਕਰ ਦਿੱਤਾ।
ਦਰਬਾਰ ਸਾਹਿਬ ਵਿਖੇ ਦਰਸ਼ਨ ਉਪਰਾਂਤ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੇ ਭਾਵ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਹੀ ਸੁਭਾਗਸ਼ਾਲੀ ਸਮਝਦੇ ਹਨ ਕਿ ਅੱਜ ਉਨ੍ਹਾਂ ਨੂੰ ਗੁਰੂ ਘਰ ਵਿੱਚ ਮੱਥਾ ਟੇਕਣ ਅਤੇ ਪਾਲਕੀ ਸਾਹਿਬ ਨੂੰ ਕੰਧਾ ਦੇਣ ਦਾ ਸੁਨਹਿਰਾ ਮੌਕਾ ਮਿਲਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਇੱਕ ਵਾਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ, ਜਦੋਂ ਉਹ ਸਵੇਰੇ ਦੇ ਸਮੇਂ ਪਾਲਕੀ ਸਾਹਿਬ ਦੇ ਦਰਸ਼ਨ ਲਈ ਪਹੁੰਚੇ ਸਨ, ਪਰ ਅੱਜ ਰਾਤ ਦੇ ਸਮੇਂ ਇੱਥੇ ਆ ਕੇ ਉਨ੍ਹਾਂ ਨੂੰ ਇਕ ਅਲੌਕਿਕ ਅਨੁਭਵ ਪ੍ਰਾਪਤ ਹੋਇਆ।
ਗਵਰਨਰ ਕਟਾਰੀਆ ਨੇ ਕਿਹਾ ਕਿ ਉਹ ਜਿਸ ਜ਼ਿੰਮੇਵਾਰੀ ਅਤੇ ਕੰਮ ਲਈ ਅੱਗੇ ਵੱਧ ਰਹੇ ਹਨ, ਉਸ ਤੋਂ ਪਹਿਲਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਾ ਉਨ੍ਹਾਂ ਲਈ ਬਹੁਤ ਜ਼ਰੂਰੀ ਸੀ। ਉਨ੍ਹਾਂ ਨੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਸਮਾਜ ਨੂੰ ਸਹੀ ਦਿਸ਼ਾ ਵਿੱਚ ਲੈ ਕੇ ਜਾਣਾ ਹੈ ਤਾਂ ਗੁਰੂ ਸਾਹਿਬ ਦੀ ਬਾਣੀ ਅਤੇ ਉਪਦੇਸ਼ਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤਿ ਆਵਸ਼ਕ ਹੈ।
ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਮਨੁੱਖ ਨੂੰ ਸੱਚਾਈ, ਸੇਵਾ, ਸਬਰ ਅਤੇ ਚੰਗੀ ਜੀਵਨ-ਸ਼ੈਲੀ ਦੀ ਸਿੱਖਿਆ ਦਿੰਦੀ ਹੈ। ਜੇਕਰ ਅਸੀਂ ਇਸ ਗਿਆਨ ਨੂੰ ਆਮ ਲੋਕਾਂ ਤੱਕ ਪਹੁੰਚਾ ਕੇ ਆਪਣੇ ਜੀਵਨ ਵਿੱਚ ਅਮਲ ਕਰੀਏ, ਤਾਂ ਸਮਾਜ ਤੋਂ ਕਈ ਬੁਰਾਈਆਂ ਆਪਣੇ ਆਪ ਦੂਰ ਹੋ ਸਕਦੀਆਂ ਹਨ। ਗਵਰਨਰ ਦੀ ਇਹ ਯਾਤਰਾ ਰੂਹਾਨੀਤਾ, ਸਮਾਜਿਕ ਜ਼ਿੰਮੇਵਾਰੀ ਅਤੇ ਲੋਕ-ਹਿੱਤ ਦੇ ਸੰਦੇਸ਼ ਨਾਲ ਭਰਪੂਰ ਰਹੀ।
