Punjab: Miscreants arrive to open fire at a house after a demand for a ₹50 lakh ransom is not met; one killed in retaliatory firing
ਪੰਜਾਬ: 50 ਲੱਖ ਦੀ ਫਿਰੌਤੀ ਨਾ ਦਿੱਤੀ ਤਾਂ ਘਰ ਫਾਇਰਿੰਗ ਕਰਨ ਪੁੱਜੇ ਗਏ ਬਦਮਾਸ਼, ਜਵਾਬੀ ਗੋਲੀਬਾਰੀ ‘ਚ ਇਕ ਦੀ ਮੌਤ
ਤਰਨਤਾਰਨ (ਆਵਾਜ਼ਿ ਕੌਮ ਬਿਊਰੋ)-ਜ਼ਿਲਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਮੰਡੀ ਦਾਸੂਵਾਲ ਵਿਖੇ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਇਕ ਵਿਅਕਤੀ ਦੇ ਘਰ ਉਪਰ ਫਾਇਰਿੰਗ ਕਰਨ ਪੁੱਜੇ ਦੋ ਹਥਿਆਰਬੰਦ ਬਦਮਾਸ਼ਾਂ ਵਿਚੋਂ ਇਕ ਦੀ ਘਰ ਦੇ ਮਾਲਕ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਣ ਉਪਰੰਤ ਇਲਾਜ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਦੌਰਾਨ ਮੋਟਰਸਾਈਕਲ ਸਵਾਰ ਦੂਸਰਾ ਬਦਮਾਸ਼ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਪੱਟੀ ਦੀ ਪੁਲਸ ਵੱਲੋਂ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਸਬੰਧੀ ਪੁਲਸ ਨੇ ਗੈਂਗਸਟਰ ਮੰਨਾ ਵਲਟੋਹਾ ਸਮੇਤ ਕੁੱਲ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸਿਮਰਨਪਾਲ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਮੰਡੀ ਦਾਸੂਵਾਲ ਨੇ ਦੱਸਿਆ ਕਿ ਬੀਤੀ 6 ਨਵੰਬਰ ਨੂੰ ਉਸ ਦੇ ਮੋਬਾਈਲ ਫੋਨ ਉਪਰ ਵਟਸਐਪ ਰਾਹੀਂ ਇਕ ਅਣਪਛਾਤੇ ਨੰਬਰ ਤੋਂ ਕਾਲ ਆਈ ਸੀ। ਫੋਨ ਕਰਨ ਵਾਲੇ ਵਿਅਕਤੀ ਨੇ ਆਪਣੀ ਪਛਾਣ ਮੰਨਾ ਵਲਟੋਹਾ ਵਜੋਂ ਦੱਸਦਿਆਂ ਕਿਹਾ ਕਿ ਉਹ ਉਸ ਬਾਰੇ ਪਤਾ ਕਰ ਲਵੇ ਕਿ ਉਹ ਕੌਣ ਹੈ। ਉਕਤ ਵਿਅਕਤੀ ਨੇ ਉਸ ਪਾਸੋਂ 50 ਲੱਖ ਰੁਪਏ ਦੀ ਫਿਰੌਤੀ ਮੰਗਦਿਆਂ ਧਮਕੀ ਦਿੱਤੀ ਕਿ ਜੇਕਰ ਉਸ ਨੇ ਪੈਸੇ ਨਾ ਦਿੱਤੇ ਤਾਂ ਉਸ ਨੂੰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਇੰਨਾ ਹੀ ਨਹੀਂ, ਫੋਨ ਕਰਨ ਵਾਲੇ ਨੇ ਇਹ ਵੀ ਧਮਕੀ ਦਿੱਤੀ ਕਿ ਪੈਸੇ ਨਾ ਦੇਣ ਦੀ ਸੂਰਤ ਵਿਚ ਅਗਲੇ ਦਿਨ ਉਸ ਨੂੰ ਇਸ ਦਾ ਟ੍ਰੇਲਰ ਵੀ ਵਿਖਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਫੋਨ ਕੱਟ ਦਿੱਤਾ ਗਿਆ। ਸਿਮਰਨਪਾਲ ਸਿੰਘ ਨੇ ਦੱਸਿਆ ਕਿ ਅਗਲੇ ਦਿਨ 7 ਨਵੰਬਰ ਨੂੰ ਦੁਪਹਿਰ ਸਮੇਂ ਉਸ ਦੇ ਮੋਬਾਈਲ ਉਪਰ ਦੁਬਾਰਾ ਕਰੀਬ 6 ਵਟਸਐਪ ਕਾਲਾਂ ਆਈਆਂ, ਜਿਨ੍ਹਾਂ ਨੂੰ ਉਸ ਵੱਲੋਂ ਅਟੈਂਡ ਨਹੀਂ ਕੀਤਾ ਗਿਆ। ਇਸੇ ਦਿਨ ਸ਼ਾਮ ਕਰੀਬ 7 ਵਜੇ ਜਦੋਂ ਉਹ ਆਪਣੀ ਪਤਨੀ ਸਮੇਤ ਘਰ ਦੀ ਪਹਿਲੀ ਮੰਜ਼ਿਲ ਉਪਰ ਟਹਿਲ ਰਿਹਾ ਸੀ ਤਾਂ ਉਸ ਨੇ ਇਕ ਮੋਟਰਸਾਈਕਲ ਉਪਰ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਆਪਣੇ ਘਰ ਵੱਲ ਆਉਂਦੇ ਵੇਖਿਆ। ਕਿਸੇ ਅਣਸੁਖਾਵੀਂ ਘਟਨਾ ਦਾ ਖ਼ਦਸ਼ਾ ਹੋਣ ਕਾਰਨ ਉਹ ਤੁਰੰਤ ਸੁਚੇਤ ਹੋ ਗਿਆ ਅਤੇ ਆਪਣੀ ਲਾਇਸੈਂਸੀ ਸਪਰਿੰਗਫੀਲਡ ਰਾਈਫਲ ਲੈ ਆਇਆ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵਿਚੋਂ ਇਕ ਹੇਠਾਂ ਉਤਰਿਆ ਅਤੇ ਆਪਣੀ ਡੱਬ ਵਿਚੋਂ ਪਿਸਤੌਲ ਕੱਢ ਕੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ। ਹਮਲਾਵਰ ਵੱਲੋਂ ਕਰੀਬ 6 ਰੌਂਦ ਫਾਇਰ ਕੀਤੇ ਗਏ। ਇਸ ਗੋਲੀਬਾਰੀ ਦੌਰਾਨ ਸਿਮਰਨਪਾਲ ਸਿੰਘ ਅਤੇ ਉਸ ਦੀ ਪਤਨੀ ਨੇ ਹੇਠਾਂ ਬੈਠ ਕੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਸਿਮਰਨਪਾਲ ਸਿੰਘ ਨੇ ਆਪਣੀ ਅਤੇ ਪਤਨੀ ਦੀ ਜਾਨ ਬਚਾਉਣ ਲਈ ਉਸ ਨੇ ਆਪਣੀ ਲਾਇਸੈਂਸੀ ਰਾਈਫਲ ਨਾਲ ਜਵਾਬੀ ਫਾਇਰਿੰਗ ਕੀਤੀ। ਇਸ ਦੌਰਾਨ ਇਕ ਗੋਲੀ ਫਾਇਰਿੰਗ ਕਰ ਰਹੇ ਹਮਲਾਵਰ ਨੂੰ ਜਾ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਕੇ ਜ਼ਮੀਨ ਉਪਰ ਡਿੱਗ ਪਿਆ। ਆਪਣੇ ਸਾਥੀ ਨੂੰ ਗੋਲੀ ਲੱਗਦੀ ਵੇਖ ਮੋਟਰਸਾਈਕਲ ਉਪਰ ਸਵਾਰ ਦੂਸਰਾ ਬਦਮਾਸ਼ ਮੌਕੇ ਤੋਂ ਫਰਾਰ ਹੋ ਗਿਆ। ਇਸ ਵਾਰਦਾਤ ਤੋਂ ਤੁਰੰਤ ਬਾਅਦ ਸਿਮਰਨਪਾਲ ਸਿੰਘ ਵੱਲੋਂ ਥਾਣਾ ਸਦਰ ਪੱਟੀ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ ’ਤੇ ਪੁੱਜੀ ਪੁਲਸ ਨੇ ਜ਼ਖ਼ਮੀ ਹਮਲਾਵਰ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪੱਟੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਸਿਮਰਨਪਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਦਰ ਪੱਟੀ ਵਿਖੇ ਕੁੱਲ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਚ ਮੰਨਾ ਵਲਟੋਹਾ ਵਾਸੀ ਵਲਟੋਹਾ, ਜਸਕਰਨ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ ਆਕਾਸ਼ਦੀਪ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀਆਨ ਪੱਟੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਘਰ ਦੇ ਮਾਲਕ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਜਸਕਰਨ ਸਿੰਘ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

