Punjab on high alert! Additional checkpoints to be set up; Strict instructions issued for all districts
ਹਾਈ ਅਲਰਟ ‘ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ
ਜਲੰਧਰ/ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-79ਵੇਂ ਸੁਤੰਤਰਤਾ ਦਿਵਸ ਦੇ ਸਮਾਰੋਹਾਂ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਪੰਜਾਬ ਪੁਲਸ ਨੇ ਪੂਰੇ ਸੂਬੇ ਵਿਚ ਸੁਰੱਖਿਆ ਵਿਵਸਥਾ ਕਰੜੀ ਕਰ ਦਿੱਤੀ ਹੈ। ਡੀ. ਜੀ. ਪੀ. ਪੰਜਾਬ ਨੇ ਸਾਰੇ ਪੁਲਸ ਕਮਿਸ਼ਨਰਾਂ, ਰੇਂਜ ਆਈ. ਜੀ./ਡੀ. ਆਈ. ਜੀ. ਅਤੇ ਐੱਸ. ਐੱਸ. ਪੀਜ਼ ਨੂੰ ਵਿਸ਼ੇਸ਼ ਸੁਰੱਖਿਆ ਮੁਹਿੰਮਾਂ ਚਲਾਉਣ ਅਤੇ ਕਾਨੂੰਨ-ਵਿਵਸਥਾ ’ਤੇ ਕਰੜੀ ਨਜ਼ਰ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਦੇ ਮੌਕੇ ’ਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੁੱਖ ਮੰਤਰੀ, ਮੰਤਰੀ, ਵਿਧਾਇਕ, ਪ੍ਰਸ਼ਾਸਨਿਕ ਅਧਿਕਾਰੀ ਅਤੇ ਹੋਰ ਪਤਵੰਤੇ ਸੱਜਣ ਤਿਰੰਗਾ ਲਹਿਰਾਉਣਗੇ। ਅਜਿਹੇ ਵਿਚ ਸਾਰੇ ਸਮਾਰੋਹ ਸਥਾਨਾਂ ’ਤੇ ਬਹੁ-ਪੱਧਰੀ ਸੁਰੱਖਿਆ ਵਿਵਸਥਾ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਖਾਮੀ ਦੀ ਕੋਈ ਗੁੰਜਾਇਸ਼ ਨਾ ਰਹੇ। ਉਨ੍ਹਾਂ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੂਰੇ ਸੂਬੇ ਵਿਚ ਵਿਸ਼ੇਸ਼ ਤਲਾਸ਼ੀ ਅਤੇ ਚੈਕਿੰਗ ਮੁਹਿੰਮਾਂ ਤੁਰੰਤ ਪ੍ਰਭਾਵ ਨਾਲ ਸ਼ੁਰੂ ਕੀਤੀਆਂ ਜਾਣ। ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰ ਕੇ ਉੱਥੇ ਵਾਧੂ ਪੁਲਸ ਫੋਰਸ ਤਾਇਨਾਤ ਕੀਤੀ ਜਾਵੇ। ਇਸ ਦੇ ਨਾਲ ਹੀ ਸਾਰੇ ਐੱਸ. ਐੱਸ. ਪੀਜ਼ ਰੋਜ਼ਾਨਾ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਅਤੇ ਕਿਸੇ ਵੀ ਇਨਪੁੱਟ ’ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ। ਉਨ੍ਹਾਂ ਸਰਹੱਦੀ ਖੇਤਰਾਂ ਵਿਚ ਗਸ਼ਤ ਵਧਾਉਣ, ਅੰਤਰਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ’ਤੇ ਕਰੜੀ ਨਜ਼ਰ ਰੱਖਣ ਅਤੇ ਖੁਫੀਆ ਤੰਤਰ ਨੂੰ ਪੂਰੀ ਤਰ੍ਹਾਂ ਸਰਗਰਮ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਸਾਰੀਆਂ ਪੁਲਸ ਇਕਾਈਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰ ਸ਼ੱਕੀ ਗਤੀਵਿਧੀ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਸ ਨੇ ਪੂਰੇ ਸੂਬੇ ਵਿਚ ਨਾਕੇਬੰਦੀ ਅਤੇ ਵਾਹਨ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਹੈ। ਮੁੱਖ ਸੜਕਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਧਾਰਮਿਕ ਸਥਾਨਾਂ, ਭੀੜ-ਭੜੱਕੇ ਵਾਲੇ ਬਾਜ਼ਾਰਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਅੰਤਰਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ’ਤੇ ਆਉਣ-ਜਾਣ ਵਾਲੇ ਵਾਹਨਾਂ ਦੀ ਗੰਭੀਰਤਾ ਨਾਲ ਚੈਕਿੰਗ ਕੀਤੀ ਜਾ ਰਹੀ ਹੈ, ਜਦਕਿ ਸ਼ੱਕੀ ਵਿਅਕਤੀਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਬੰਬ ਨਕਾਰਾ ਕਰਨ ਵਾਲੇ ਦਸਤਿਆਂ, ਡਾਗ ਸਕੁਐਡ, ਕੁਇੱਕ ਰਿਸਪਾਂਸ ਟੀਮਾਂ ਅਤੇ ਹਥਿਆਰਬੰਦ ਪੁਲਸ ਫੋਰਸ ਨੂੰ ਵੀ ਪੂਰੀ ਤਰ੍ਹਾਂ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਐੱਸ. ਐੱਸ. ਪੀਜ਼ ਨੂੰ ਸੁਰੱਖਿਆ ਵਿਵਸਥਾ ਵਿਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤਣ ਅਤੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਪੂਰੀ ਚੌਕਸੀ ਨਾਲ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

