Punjab: Sunita Bawa, SHO of Kot Ise Khan police station, arrested; read why the Vigilance Bureau took action
ਪੰਜਾਬ : ਕੋਟ ਈਸੇ ਖਾਂ ਥਾਣੇ ਦੀ SHO ਸੁਨੀਤਾ ਬਾਵਾ ਗ੍ਰਿਫ਼ਤਾਰ, ਪੜ੍ਹੋ ਵਿਜੀਲੈਂਸ ਨੇ ਕਿਉਂ ਕੀਤੀ ਕਾਰਵਾਈ
ਮੋਗਾ (ਆਵਾਜ਼ਿ ਕੌਮ ਬਿਊਰੋ)-ਵਿਜੀਲੈਂਸ ਬਿਊਰੋ ਵੱਲੋਂ ਦੇਰ ਰਾਤ ਕੀਤੀ ਗਈ ਕਾਰਵਾਈ ਦੌਰਾਨ ਥਾਣਾ ਕੋਟ ਈਸੇ ਖਾਂ ਦੀ ਮੁੱਖ ਅਫ਼ਸਰ ਇੰਸਪੈਕਟਰ ਸੁਨੀਤਾ ਬਾਵਾ ਅਤੇ ਉਸਦੇ ਸਰਕਾਰੀ ਗੰਨਮੈਨ ਹੋਮਗਾਰਡ ਜਵਾਨ ਗੁਰਅਵਤਾਰ ਸਿੰਘ ਨੂੰ ਕਥਿਤ ਤੌਰ ’ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਵਿਜੀਲੈਂਸ ਬਿਊਰੋ ਦੇ ਕਿਸੇ ਅਧਿਕਾਰੀ ਵੱਲੋਂ ਇਸ ਕਾਰਵਾਈ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਨੂਰਪੁਰ ਹਕੀਮਾਂ ਵਾਸੀ ਰਾਜਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਨੇ ਵਿਜੀਲੈਂਸ ਬਿਊਰੋ ਮੋਗਾ ਨੂੰ ਸ਼ਿਕਾਇਤ ਦਿੱਤੀ ਸੀ ਕਿ ਇੱਕ ਮਾਮਲੇ ਨੂੰ ਰਫਾ-ਦਫਾ ਕਰਨ ਦੇ ਬਦਲੇ ਥਾਣਾ ਮੁਖੀ ਵੱਲੋਂ ਕਥਿਤ ਤੌਰ ’ਤੇ ਰਿਸ਼ਵਤ ਦੀ ਮੰਗ ਕੀਤੀ ਗਈ। ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਕਥਿਤ ਤੌਰ ’ਤੇ ਜਾਲ ਵਿਛਾਇਆ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਕਰੀਬ 9 ਵਜੇ ਜੀਰਾ ਰੋਡ ’ਤੇ ਇੱਕ ਨਿਰਧਾਰਤ ਸਥਾਨ ’ਤੇ ਥਾਣਾ ਮੁਖੀ ਦੇ ਗੰਨਮੈਨ ਗੁਰਅਵਤਾਰ ਸਿੰਘ ਨੂੰ 50 ਹਜ਼ਾਰ ਰੁਪਏ ਦੀ ਕਥਿਤ ਰਿਸ਼ਵਤ ਲੈਂਦਿਆਂ ਵਿਜੀਲੈਂਸ ਟੀਮ ਨੇ ਗਵਾਹਾਂ ਦੀ ਹਾਜ਼ਰੀ ਵਿੱਚ ਕਾਬੂ ਕੀਤਾ। ਇਸ ਤੋਂ ਬਾਅਦ ਮਾਮਲੇ ਵਿੱਚ ਥਾਣਾ ਮੁਖੀ ਸੁਨੀਤਾ ਬਾਵਾ ਦੀ ਭੂਮਿਕਾ ਦੀ ਵੀ ਜਾਂਚ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਵਿੱਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਗੰਨਮੈਨ ਵੱਲੋਂ ਸੁਨੀਤਾ ਬਾਵਾ ਨਾਲ ਫੋਨ ’ਤੇ ਗੱਲ ਕਰਵਾਈ ਗਈ ਅਤੇ ਕਥਿਤ ਤੌਰ ’ਤੇ ਪੈਸੇ ਦੇਣ ਸਬੰਧੀ ਗੱਲਬਾਤ ਹੋਈ। ਇਸ ਤੋਂ ਬਾਅਦ ਵਿਜੀਲੈਂਸ ਅਧਿਕਾਰੀਆਂ ਵੱਲੋਂ ਸੁਨੀਤਾ ਬਾਵਾ ਨੂੰ ਵੀ ਕਾਬੂ ਕੀਤੇ ਜਾਣ ਦੀ ਜਾਣਕਾਰੀ ਹੈ। ਮਾਮਲੇ ਸਬੰਧੀ ਅਧਿਕਾਰਤ ਵੇਰਵੇ ਅਤੇ ਕੇਸ ਦੀਆਂ ਧਾਰਾਵਾਂ ਵਿਜੀਲੈਂਸ ਬਿਊਰੋ ਵੱਲੋਂ ਅਧਿਕਾਰਤ ਤੌਰ ’ਤੇ ਜਾਰੀ ਕੀਤੇ ਜਾਣ ਤੋਂ ਬਾਅਦ ਹੀ ਸਪੱਸ਼ਟ ਹੋ ਸਕਣਗੀਆਂ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਸੰਪਰਕ ਨਹੀਂ ਹੋ ਸਕਿਆ।

