Calling Punjabis ‘Emotional Bloody Fools’ is Gross Insult: Karnail Singh Peer Mohammad
‘ਪੰਜਾਬੀਆਂ ਨੂੰ ਇਮੋਸ਼ਨਲ ਬਲੱਡੀ ਫੂਲਜ਼ ਕਹਿਣਾ ਘੋਰ ਅਪਮਾਨ ਹੈ, ਜਤਿੰਦਰ ਪਾਲ ਤੁਰੰਤ ਅਸਤੀਫਾ ਦੇਵੇ’

ਚੰਡੀਗੜ੍ਹ, 18 ਜੂਨ 2026 – ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਭਾਜਪਾ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਜਤਿੰਦਰ ਪਾਲ ਵੱਲੋਂ ਪੰਜਾਬੀਆਂ ਬਾਰੇ ਕੀਤੀ ਗਈ ਕਥਿਤ ਟਿੱਪਣੀ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ “ਇਮੋਸ਼ਨਲ ਬਲੱਡੀ ਫੂਲਜ਼” ਕਹਿਣਾ ਸਿਰਫ਼ ਇੱਕ ਬਿਆਨ ਨਹੀਂ, ਸਗੋਂ ਸਮੁੱਚੇ ਪੰਜਾਬ, ਪੰਜਾਬੀਅਤ ਅਤੇ ਗੁਰੂਆਂ ਦੀ ਧਰਤੀ ਦਾ ਘੋਰ ਅਪਮਾਨ ਹੈ।
ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਸਰਹੱਦਾਂ ਦੀ ਰਾਖੀ ਅਤੇ ਦੇਸ਼ ਦੇ ਅੰਨ ਭੰਡਾਰ ਭਰਨ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਅਜਿਹੇ ਮਾਣਮੱਤੇ ਇਤਿਹਾਸ ਵਾਲੇ ਲੋਕਾਂ ਲਈ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨਾ ਬਿਲਕੁਲ ਅਸਵੀਕਾਰਯੋਗ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਇਹ ਟਿੱਪਣੀ ਭਾਜਪਾ ਦੀ ਪੰਜਾਬ ਪ੍ਰਤੀ ਸੋਚ ਨੂੰ ਦਰਸਾਉਂਦੀ ਹੈ। ਉਨ੍ਹਾਂ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਤੋਂ ਮੰਗ ਕੀਤੀ ਕਿ ਜਤਿੰਦਰ ਪਾਲ ਤੋਂ ਤੁਰੰਤ ਅਸਤੀਫ਼ਾ ਲਿਆ ਜਾਵੇ ਅਤੇ ਪਾਰਟੀ ਸਮੁੱਚੇ ਪੰਜਾਬੀਆਂ ਕੋਲੋਂ ਜਨਤਕ ਤੌਰ ‘ਤੇ ਮੁਆਫ਼ੀ ਮੰਗੇ।
ਅਕਾਲੀ ਆਗੂ ਨੇ ਕਿਹਾ ਕਿ ਜੇਕਰ ਭਾਜਪਾ ਨੇ ਇਸ ਮਾਮਲੇ ‘ਤੇ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਪੰਜਾਬ ਦੇ ਲੋਕ ਇਸ ਦਾ ਸਿਆਸੀ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬੀ ਆਪਣੇ ਸਵੈ-ਮਾਣ, ਅਣਖ ਅਤੇ ਸਨਮਾਨ ਨਾਲ ਕਦੇ ਵੀ ਸਮਝੌਤਾ ਨਹੀਂ ਕਰਦੇ ਅਤੇ ਨਾ ਹੀ ਅਜਿਹੀਆਂ ਟਿੱਪਣੀਆਂ ਨੂੰ ਭੁੱਲਦੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਲਈ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਦੀ ਤੌਹੀਨ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਮਾਮਲੇ ‘ਤੇ ਭਾਜਪਾ ਹਾਈਕਮਾਂਡ ਨੂੰ ਤੁਰੰਤ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
