Sachkhand Sri Harmandir Sahib illuminated for the 557th Parkash Purab; a massive influx of devotees arrives
557ਵੇਂ ਪ੍ਰਕਾਸ਼ ਪੁਰਬ ‘ਤੇ ਰੁਸ਼ਨਾਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਉਮੜਿਆ ਸੰਗਤਾਂ ਦਾ ਸੈਲਾਬ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਮੰਗਲਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਦਾ ਅਲੌਕਿਕ ਮਾਹੌਲ ਦੇਖਣ ਨੂੰ ਮਿਲਿਆ। ਦੇਸੀ ਘਿਓ ਦੇ ਦੀਵਿਆਂ, ਮੋਮਬੱਤੀਆਂ ਦੀ ਜਗਮਗਾਉਂਦੀ ਦੀਪਮਾਲਾ ਅਤੇ ਆਸਮਾਨ ਵਿੱਚ ਹੋਈ ਰੰਗ-ਬਿਰੰਗੀ ਆਤਿਸ਼ਬਾਜ਼ੀ ਨੇ ਪੂਰੇ ਦਰਬਾਰ ਸਾਹਿਬ ਕੰਪਲੈਕਸ ਨੂੰ ਰੁਸ਼ਨਾ ਦਿੱਤਾ। ਸ਼ਾਮ ਸਮੇਂ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੀ ਸਮਾਪਤੀ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਸ਼ਾਨਦਾਰ ਦੀਪਮਾਲਾ ਕੀਤੀ ਗਈ। ਸੰਗਤਾਂ ਨੇ ਬੜੀ ਸ਼ਰਧਾ ਨਾਲ ਦੇਸੀ ਘਿਓ ਦੇ ਦੀਵੇ ਜਗਾ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਰਾਤ ਹੁੰਦਿਆਂ ਹੀ ਹੋਈ ਸ਼ਾਨਦਾਰ ਆਤਿਸ਼ਬਾਜ਼ੀ ਦੇ ਨਜ਼ਾਰੇ ਨੇ ਦੇਸ਼-ਵਿਦੇਸ਼ ਤੋਂ ਪਹੁੰਚੇ ਸ਼ਰਧਾਲੂਆਂ ਨੂੰ ਮੰਤਰ-ਮੁਗਧ ਕਰ ਦਿੱਤਾ। ਇਸ ਦੌਰਾਨ ਪੂਰਾ ਕੰਪਲੈਕਸ ਇਲਾਹੀ ਗੁਰਬਾਣੀ ਕੀਰਤਨ ਅਤੇ ‘ਸਤਿਨਾਮ ਵਾਹਿਗੁਰੂ’ ਦੇ ਜਾਪ ਨਾਲ ਗੂੰਜਦਾ ਰਿਹਾ। ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਇਲਾਵਾ ਦੇਸ਼ ਦੇ ਹੋਰਨਾਂ ਸੂਬਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ। ਮਾਲੇਰਕੋਟਲਾ ਤੋਂ ਆਏ ਸ਼ਰਧਾਲੂ ਦਲਜੀਤ ਸਿੰਘ ਨੇ ਇਸ ਦਿਨ ਨੂੰ ਆਪਣੀ ਜ਼ਿੰਦਗੀ ਦਾ ਸਭ ਤੋਂ ਭਾਗਾਂ ਵਾਲਾ ਦਿਨ ਦੱਸਦਿਆਂ ਕਿਹਾ ਕਿ ਇੱਥੋਂ ਦੀ ਦੀਪਮਾਲਾ ਅਤੇ ਆਤਿਸ਼ਬਾਜ਼ੀ ਦੇਖ ਕੇ ਮਨ ਨੂੰ ਅਥਾਹ ਸਕੂਨ ਮਿਲਿਆ ਹੈ। ਐਡਵੋਕੇਟ ਅਮਨਦੀਪ ਕੌਰ ਨੇ ਸਮੁੱਚੀ ਲੋਕਾਈ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਸ਼ਵ ਸ਼ਾਂਤੀ ਦਾ ਕੇਂਦਰ ਹੈ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਹੀ ਸਮਾਜ ਵਿੱਚੋਂ ਵੈਰ-ਵਿਰੋਧ ਖ਼ਤਮ ਕੀਤਾ ਜਾ ਸਕਦਾ ਹੈ। ਕੋਲਕਾਤਾ ਤੋਂ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੀ ਅਰਪਿਤਾ ਘੋਸ਼ ਨੇ ਕਿਹਾ ਕਿ ਇੱਥੋਂ ਦੀ ਲੰਗਰ ਸੇਵਾ, ਦੀਪਮਾਲਾ ਅਤੇ ਸੰਗਤਾਂ ਦੇ ਨਿਮਰ ਸੁਭਾਅ ਨੇ ਉਨ੍ਹਾਂ ਨੂੰ ਬੇਹੱਦ ਪ੍ਰਭਾਵਿਤ ਕੀਤਾ ਹੈ ਅਤੇ ਉਨ੍ਹਾਂ ਦਾ ਹਰ ਸਾਲ ਗੁਰੂ ਘਰ ਆਉਣ ਨੂੰ ਦਿਲ ਕਰਦਾ ਹੈ।

