ਜਲੰਧਰ ਕਤਲ ਕਾਂਡ ‘ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਪੰਜਾਬ ਸਰਕਾਰ ‘ਤੇ ਤੀਖਾ ਹਮਲਾ

6 ਫਰਵਰੀ 2026, ਜਲੰਧਰ – ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਲੱਕੀ ਓਬਰਾਏ ਦੀ ਗੁਰਦੁਆਰੇ ਬਾਹਰ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਪੰਜਾਬ ਸਰਕਾਰ ਖ਼ਿਲਾਫ਼ ਤੀਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਦਿਨ-ਦਿਹਾੜੇ ਹੋਈ ਇਹ ਹੱਤਿਆ ਪੰਜਾਬ ਵਿੱਚ ਪੂਰੀ ਤਰ੍ਹਾਂ ਢਹਿ ਚੁੱਕੀ ਕਾਨੂੰਨ-ਵਿਵਸਥਾ ਦੀ ਭਿਆਨਕ ਤਸਵੀਰ ਪੇਸ਼ ਕਰਦੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, “ਲੱਗੀ ਜੇ ਤੇਰੇ ਕਾਲਜੇ ਹਾਲੇ ਛੁਰੀ ਨਹੀਂ, ਇਹ ਨਾ ਸਮਝ ਕਿ ਸ਼ਹਿਰ ਦੀ ਹਾਲਤ ਬੁਰੀ ਨਹੀਂ।” ਉਨ੍ਹਾਂ ਨੇ ਆਖਿਆ ਕਿ ਜਦੋਂ ਸੱਤਾਧਾਰੀ ਪਾਰਟੀ ਦੇ ਆਪਣੇ ਆਗੂ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਪੰਜਾਬੀ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਅਪਰਾਧੀਆਂ ਦੇ ਹੌਸਲੇ ਬੁਲੰਦ ਹੋ ਚੁੱਕੇ ਹਨ ਅਤੇ ਸਰਕਾਰ ਦੀ ਚੁੱਪ ਖਾਮੋਸ਼ੀ ਲੋਕਾਂ ਦੇ ਮਨਾਂ ਵਿੱਚ ਡਰ ਅਤੇ ਅਣਭਰੋਸਾ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਵਾਪਰ ਰਹੀਆਂ ਅਪਰਾਧਕ ਘਟਨਾਵਾਂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਮੰਗ ਕੀਤੀ ਕਿ ਲੱਕੀ ਓਬਰਾਏ ਦੇ ਕਤਲ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਕੜੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਤੁਰੰਤ ਸਖ਼ਤ ਕਦਮ ਨਾ ਚੁੱਕੇ ਤਾਂ ਲੋਕਾਂ ਦਾ ਸਰਕਾਰ ਤੋਂ ਭਰੋਸਾ ਪੂਰੀ ਤਰ੍ਹਾਂ ਉਠ ਜਾਵੇਗਾ। ਇਸ ਬਿਆਨ ਨਾਲ ਪੰਜਾਬੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ ਅਤੇ ਵਿਰੋਧੀ ਪਾਰਟੀਆਂ ਵੀ ਇਸ ਨੂੰ ਲੈ ਕੇ ਸਰਕਾਰ ਨੂੰ ਘੇਰ ਰਹੀਆਂ ਹਨ।

