School roof collapses! 17 children and 1 teacher lose their lives; chaos erupts in Peshawar
ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ ‘ਚ ਮਚੀ ਤੜਥੱਲੀ
Islamabad, (ਆਵਾਜ਼ਿ ਕੌਮ ਬਿਊਰੋ)-ਭਾਰਤ ਦੇ ਗੁਆਂਢੀ ਮੁਲਕ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਖੈਬਰ ਪਖਤੂਨਖਵਾ ਸੂਬੇ ਦੀ ਰਾਜਧਾਨੀ ਪੇਸ਼ਾਵਰ ਸ਼ਹਿਰ ਦੇ ਅੰਦਰੂਨੀ ਇਲਾਕੇ ‘ਦਿਰ ਕਲੋਨੀ’ ‘ਚ ਸਥਿਤ ਇੱਕ ਨਿੱਜੀ ਸਕੂਲ ਦੀ ਛੱਤ ਡਿੱਗ ਗਈ। ਇਸ ਹਾਦਸੇ ‘ਚ ਘੱਟੋ-ਘੱਟ 17 ਬੱਚਿਆਂ ਅਤੇ ਇੱਕ ਮਹਿਲਾ ਅਧਿਆਪਕ ਦੀ ਮੌਤ ਹੋ ਗਈ, ਜਦਕਿ 40 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਪੇਸ਼ਾਵਰ ਕੈਪੀਟਲ ਸਿਟੀ ਪੁਲਸ ਦੇ ਚੀਫ਼ ਮੀਆਂ ਸਈਦ ਨੇ ਇਸ ਹਾਦਸੇ ਤੇ ਜਾਨੀ ਨੁਕਸਾਨ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਕੀਤੀ ਹੈ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਤੇ ਰੈਸਕਿਊ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਤੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। ਲੇਡੀ ਰੀਡਿੰਗ ਹਸਪਤਾਲ ਦੇ ਬੁਲਾਰੇ ਮੁਹੰਮਦ ਆਸਿਮ ਨੇ ਦੱਸਿਆ ਕਿ ਮਾਰੇ ਗਏ ਸਾਰੇ ਬੱਚਿਆਂ ਦੀ ਉਮਰ 13 ਸਾਲ ਜਾਂ ਇਸ ਤੋਂ ਘੱਟ ਸੀ। ਹਾਦਸੇ ਮਗਰੋਂ ਹਸਪਤਾਲ ‘ਚ ਤੁਰੰਤ ਐਮਰਜੈਂਸੀ ਐਲਾਨ ਦਿੱਤੀ ਗਈ ਹੈ ਤਾਂ ਜੋ ਜ਼ਖਮੀਆਂ ਦਾ ਬਿਨਾਂ ਦੇਰੀ ਇਲਾਜ ਕੀਤਾ ਜਾ ਸਕੇ। ਰੇਸਕਿਊ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਮਲਬਾ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕੁਝ ਹੋਰ ਬੱਚੇ ਜਾਂ ਸਕੂਲ ਸਟਾਫ਼ ਅਜੇ ਵੀ ਮਲਬੇ ਹੇਠ ਦੱਬੇ ਹੋ ਸਕਦੇ ਹਨ। ਹੁਣ ਤੱਕ 25 ਤੋਂ ਵੱਧ ਗੰਭੀਰ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਨੇੜਲੇ ਮੈਡੀਕਲ ਸੈਂਟਰਾਂ ਵਿੱਚ ਇਲਾਜ ਲਈ ਭੇਜ ਦਿੱਤਾ ਗਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਸ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਖਮੀ ਬੱਚਿਆਂ ਨੂੰ ਬਿਹਤਰ ਤੋਂ ਬਿਹਤਰ ਮੁਫ਼ਤ ਮੈਡੀਕਲ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ। ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

