Security increased in Punjab! Special instructions issued to police officers
ਪੰਜਾਬ ‘ਚ ਵਧਾ ‘ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼ ਹਦਾਇਤਾਂ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਭਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਪੁਲਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਹਨ। ਏ. ਡੀ. ਜੀ. ਪੀ. ਲਾਅ ਐਂਡ ਆਰਡਰ ਸੁਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਲਾਅ ਐਂਡ ਆਰਡਰ ਨੂੰ ਹੋਰ ਮਜ਼ਬੂਤ ਕਰਨ ਲਈ ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ ਸੀਨੀਅਰ ਅਧਿਕਾਰੀਆਂ, ਪੁਲਸ ਕਮਿਸ਼ਨਰਾਂ, ਐੱਸ. ਐੱਸ. ਪੀਜ਼ ਅਤੇ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਸਾਰੇ ਸੀਨੀਅਰ ਅਧਿਕਾਰੀਆਂ ਨੂੰ ‘ਨਾਈਟ ਡੋਮੀਨੇਸ਼ਨ’ ਨੂੰ ਹੋਰ ਮਜ਼ਬੂਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਨਾਲ ਹੀ ਸੂਬੇ ਭਰ ਦੇ ਸਾਰੇ ਅਧਿਕਾਰੀਆਂ ਨੂੰ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸ਼ੱਕੀ ਵਿਅਕਤੀਆਂ ਤੇ ਅਪਰਾਧੀਆਂ ਨੂੰ ਠੱਲ੍ਹ ਪਾਉਣ ਲਈ ਰਾਤ ਨੂੰ ਖ਼ੁਦ ਫ਼ੀਲਡ ਵਿਚ ਨਿਕਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਭਰ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸੀਨੀਅਰ ਅਧਿਕਾਰੀਆਂ ਨਾਲ ਖ਼ੁਦ ਫ਼ੀਲਡ ਵਿਚ ਨਿਕਲ ਕੇ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਸ ਅਤੇ ਜਨਤਾ ਦੇ ਸਹਿਯੋਗ ਨਾਲ ਹੀ ਜੁਰਮਾਂ ਅਤੇ ਨਸ਼ੇ ਦਾ ਖ਼ਾਤਮਾ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਨਸ਼ਾ ਸਮੱਗਲਰ ਦੀ ਸੂਚਨਾ ਤੁਰੰਤ ਪੁਲਸ ਨੂੰ ਦੇਣ, ਤਾਂ ਜੋ ਪੁਲਸ ਉਸ ’ਤੇ ਤੁਰੰਤ ਕਾਰਵਾਈ ਕਰ ਸਕੇ। ਏ. ਡੀ. ਜੀ. ਪੀ. ਪਰਮਾਰ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਭਰ ਵਿਚ ਰਾਤ ਨੂੰ ਲੱਗਣ ਵਾਲੇ ਨਾਕਿਆਂ ਵਿਚ ਵਾਧਾ ਕਰਨ ਦੇ ਹੁਕਮ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਰਾਤ ਨੂੰ ਦੂਜੇ ਸੂਬਿਆਂ ਤੋਂ ਆਉਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਸ਼ਹਿਰ ਦੇ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਦੇਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਦੇਰ ਰਾਤ ਸੜਕਾਂ ’ਤੇ ਬਿਨਾਂ ਵਜ੍ਹਾ ਘੁੰਮਣ ਵਾਲਿਆਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਭਰ ਦੇ ਪੁਲਸ ਕਮਿਸ਼ਨਰਾਂ, ਐੱਸ. ਐੱਸ. ਪੀਜ਼ ਅਤੇ ਹੋਰ ਅਧਿਕਾਰੀਆਂ ਨੂੰ ਪੀ. ਸੀ. ਆਰ. ਦਸਤੇ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੀ ਦੇਖ-ਰੇਖ ਵਿਚ ਸਾਰੇ ਥਾਣਾ ਮੁਖੀਆਂ ਤੋਂ ਇਲਾਵਾ ਪੀ. ਸੀ. ਆਰ. ਕਰਮਚਾਰੀਆਂ ਨੂੰ ਰਾਤ ਨੂੰ ਪੈਟਰੋਲਿੰਗ ਕਰਨ ਅਤੇ ਸ਼ੱਕੀ ਲੋਕਾਂ ‘ਤੇ ਨਜ਼ਰ ਰੱਖ ਕੇ ਉਨ੍ਹਾਂ ‘ਤੇ ਸ਼ਿਕੰਜਾ ਕੱਸਣ ਦੇ ਹੁਕਮ ਦਿੱਤੇ ਗਏ ਹਨ। ਏ. ਡੀ. ਜੀ. ਪੀ. ਪਰਮਾਰ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਭਰ ਦੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ’ਤੇ ਵੀ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਤੋਂ ਆਉਣ-ਜਾਣ ਵਾਲੀਆਂ ਬੱਸਾਂ ਅਤੇ ਟ੍ਰੇਨਾਂ ਵਿਚ ਯਾਤਰੀਆਂ ਦੇ ਸਾਮਾਨ ਅਤੇ ਸ਼ੱਕੀ ਲੋਕਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਦੇ ਆਲੇ-ਦੁਆਲੇ ਹੋਟਲਾਂ ਅਤੇ ਗੈਸਟ ਹਾਊਸਾਂ ਵਿਚ ਵੀ ਵਿਸ਼ੇਸ਼ ਚੈਕਿੰਗ ਕਰਨ ਅਤੇ ਉਨ੍ਹਾਂ ਦਾ ਰਿਕਾਰਡ ਚੈੱਕ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਸਫ਼ਾਈ ਦਿੱਤੀ ਕਿ ਜੇਕਰ ਬਿਨਾਂ ਆਈ. ਡੀ. ਪਰੂਫ਼ ਦੇ ਕਿਸੇ ਵੀ ਹੋਟਲ ਜਾਂ ਗੈਸਟ ਹਾਊਸ ਦਾ ਕੋਈ ਕਰਮਚਾਰੀ ਕਿਸੇ ਨੂੰ ਕਮਰਾ ਦਿੰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਪਾਰਕਿੰਗ ਸਥਾਨਾਂ ਦੇ ਬਾਹਰ ਤੇ ਅੰਦਰ ਅਤੇ ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਅਤੇ ਧਾਰਮਿਕ ਸਥਾਨਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਅਤੇ ਨਾਈਟ ਵਿਜ਼ਨ ਕੈਮਰਿਆਂ ਨੂੰ ਠੀਕ ਰੱਖਣ ਦੇ ਹੁਕਮ ਜਾਰੀ ਕੀਤੇ।

