Security stepped up in Punjab! Strict orders issued to officials
ਪੰਜਾਬ ‘ਚ ਵਧਾਈ ਗਈ ਸੁਰੱਖਿਆ! ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਸਖ਼ਤ ਹੁਕਮ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਆਗਾਮੀ ਵਿਧਾਨ ਸਭਾ ਚੋਣਾਂ ਅਤੇ ਸੁਰੱਖਿਆ ਵਿਵਸਥਾ ਨੂੰ ਧਿਆਨ ਵਿਚ ਰੱਖਦਿਆਂ ਜਲੰਧਰ ਰੇਂਜ ਦੇ ਡੀ. ਆਈ. ਜੀ. ਨਵੀਨ ਸਿੰਗਲਾ ਨੇ ਪੁਲਸ ਅਧਿਕਾਰੀਆਂ ਨੂੰ ਚੌਕਸੀ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਵੀਰਵਾਰ ਹੁਸ਼ਿਆਰਪੁਰ ਵਿਖੇ ਜਲੰਧਰ ਰੇਂਜ ਦੇ ਸੀਨੀਅਰ ਪੁਲਸ ਅਧਿਕਾਰੀਆਂ ਅਤੇ ਹਿਮਾਚਲ ਪ੍ਰਦੇਸ਼ ਦੇ ਹੁਸ਼ਿਆਰਪੁਰ ਨਾਲ ਲੱਗਦੇ ਸਰਹੱਦੀ ਜ਼ਿਲ੍ਹਿਆਂ ਦੇ ਪੁਲਸ ਅਧਿਕਾਰੀਆਂ ਨਾਲ ਵਿਸ਼ੇਸ਼ ਤਾਲਮੇਲ ਮੀਟਿੰਗ ਕੀਤੀ। ਸਥਾਨਕ ਪੁਲਸ ਲਾਈਨ ਵਿਖੇ ਆਯੋਜਿਤ ਇਸ ਮੀਟਿੰਗ ਦੌਰਾਨ ਡੀ. ਆਈ. ਜੀ. ਨਵੀਨ ਸਿੰਗਲਾ ਨੇ ਦੋਵਾਂ ਸੂਬਿਆਂ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਸੁਰੱਖਿਆ ਵਿਵਸਥਾ ਨੂੰ ਹੋਰ ਪੁਖ਼ਤਾ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਅੰਤਰ-ਰਾਜੀ ਨਾਕਿਆਂ ’ਤੇ ਪੁਲਸ ਦੀ ਚੌਕਸੀ ਵਧਾਉਣ ਦੇ ਨਾਲ-ਨਾਲ ਵਾਧੂ ਪੁਲਸ ਫੋਰਸ ਤਾਇਨਾਤ ਕੀਤੀ ਜਾਵੇ, ਤਾਂ ਜੋ ਕਿਸੇ ਵੀ ਸ਼ੱਕੀ ਸਰਗਰਮੀ ’ਤੇ ਸਮਾਂ ਰਹਿੰਦੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਹਿਮਾਚਲ ਪ੍ਰਦੇਸ਼ ਦੇ ਹੁਸ਼ਿਆਰਪੁਰ ਨਾਲ ਲੱਗਦੇ ਜ਼ਿਲ੍ਹਿਆਂ ਦੇ ਪੁਲਸ ਅਧਿਕਾਰੀਆਂ ਅਤੇ ਹੁਸ਼ਿਆਰਪੁਰ ਪੁਲਸ ਵਿਚਕਾਰ ਲਗਾਤਾਰ ਸੰਪਰਕ ਅਤੇ ਬਿਹਤਰ ਤਾਲਮੇਲ ਬਣਾਈ ਰੱਖਿਆ ਜਾਵੇ। ਦੋਵਾਂ ਸੂਬਿਆਂ ਦੀ ਪੁਲਸ ਮਹੱਤਵਪੂਰਨ ਸੂਚਨਾਵਾਂ ਦਾ ਤੁਰੰਤ ਆਦਾਨ-ਪ੍ਰਦਾਨ ਕਰੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਮਾਂ ਰਹਿੰਦੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ। ਡੀ. ਆਈ. ਜੀ. ਨੇ ਅੰਤਰ-ਰਾਜੀ ਨਾਕਿਆਂ ਦੀ ਨਿਯਮਿਤ ਜਾਂਚ ਕਰਨ, ਉੱਥੇ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਉੱਚਿਤ ਵਿਵਸਥਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਵਿਚੋਂ ਲੰਘਣ ਵਾਲੇ ਵਾਹਨਾਂ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇ ਅਤੇ ਦੋਵਾਂ ਸੂਬਿਆਂ ਦੇ ਪੁਲਸ ਅਧਿਕਾਰੀ ਸਾਂਝੇ ਤੌਰ ’ਤੇ ਨਾਕਿਆਂ ਦਾ ਮੁਆਇਨਾ ਕਰਨ। ਉਨ੍ਹਾਂ ਗੁਆਂਢੀ ਸੂਬੇ ਦੇ ਪੁਲਸ ਅਧਿਕਾਰੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲਗਾਤਾਰ ਸੰਪਰਕ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਗੈਰ-ਕਾਨੂੰਨੀ ਸਰਗਰਮੀਆਂ ਵਿਚ ਸ਼ਾਮਲ ਲੋਕਾਂ ਖ਼ਿਲਾਫ਼ ਆਪਸੀ ਸਹਿਯੋਗ ਨਾਲ ਸਮਾਂ ਰਹਿੰਦੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ, ਕਪੂਰਥਲਾ ਦੇ ਐੱਸ. ਐੱਸ. ਪੀ. ਗੌਰਵ ਤੂਰਾ, ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਅਤੇ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਜ਼ਿਲ੍ਹਿਆਂ ਦੇ ਸੀਨੀਅਰ ਪੁਲਸ ਅਧਿਕਾਰੀਆਂ ਤੋਂ ਇਲਾਵਾ ਹੁਸ਼ਿਆਰਪੁਰ ਜ਼ਿਲੇ ਦੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

