SFJ announces financial aid of ₹5 lakh for Gulzar Singh’s family
SFJ ਵੱਲੋਂ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਮਦਦ ਦਾ ਐਲਾਨ
ਲੰਡਨ (ਸਰਬਜੀਤ ਸਿੰਘ ਬਨੂੜ/ਆਵਾਜ਼ਿ ਕੌਮ ਬਿਊਰੋ)- – ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਸੁਨਾਮ ਦੇ ਸ਼ਹੀਦ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ’ਤੇ ‘ਗੁਲਜ਼ਾਰ ਹਲ ਖਾਲਿਸਤਾਨ’ ਦੇ ਨਾਅਰੇ ਲਿਖੇ ਜਾਣ ਨਾਲ ਮਾਮਲਾ ਹੋਰ ਗਰਮਾ ਗਿਆ ਹੈ। ਸਿੱਖਸ ਫਾਰ ਜਸਟਿਸ (SFJ) ਨੇ ਇਸ ਸਬੰਧੀ ਵੀਡੀਓ ਜਾਰੀ ਕਰਦਿਆਂ ਨਾਅਰੇ ਲਿਖਣ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ। ਜਥੇਬੰਦੀ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਲਈ 5 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਵੀ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਰੇਲਵੇ ਸਟੇਸ਼ਨ ਦੀਆਂ ਕੰਧਾਂ ’ਤੇ ਲਿਖੇ ਨਾਅਰਿਆਂ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਸ ਅਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਸੂਤਰਾਂ ਮੁਤਾਬਕ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਨਾਅਰਿਆਂ ’ਤੇ ਰੰਗ ਫੇਰ ਦਿੱਤਾ ਗਿਆ ਅਤੇ ਮਾਮਲੇ ਸਬੰਧੀ ਅਗਲੀ ਜਾਂਚ ਸ਼ੁਰੂ ਕੀਤੀ ਗਈ। ਇਸ ਪੂਰੇ ਮਾਮਲੇ ਦੀ ਪਿਛੋਕੜ ਗੁਲਜ਼ਾਰ ਸਿੰਘ ਵੱਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਾਹਮਣੇ ‘ਚਿੱਟੇ’ ਦੀ ਕਥਿਤ ਸ਼ਰੇਆਮ ਵਿਕਰੀ ਅਤੇ ਆਪਣੇ ਪੁੱਤਰ ਦੇ ਨਸ਼ੇ ਦੀ ਲਪੇਟ ਵਿੱਚ ਆਉਣ ਸਬੰਧੀ ਚੁੱਕੇ ਗਏ ਸਵਾਲਾਂ ਨਾਲ ਜੁੜੀ ਹੋਈ ਹੈ। ਮੰਤਰੀ ਸਾਹਮਣੇ ਇਹ ਮੁੱਦਾ ਚੁੱਕਣ ਤੋਂ ਮਹਿਜ਼ ਇਕ ਦਿਨ ਬਾਅਦ ਗੁਲਜ਼ਾਰ ਸਿੰਘ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਦੀ ਘਟਨਾ ਸਾਹਮਣੇ ਆਈ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਮੌਤ ਤੋਂ ਪਹਿਲਾਂ ਸਾਹਮਣੇ ਆਏ ਇਕ ਵੀਡੀਓ ਬਿਆਨ ਵਿੱਚ ਗੁਲਜ਼ਾਰ ਸਿੰਘ ਨੇ ਦੋਸ਼ ਲਾਇਆ ਸੀ ਕਿ ਮੰਤਰੀ ਸਾਹਮਣੇ ਨਸ਼ਿਆਂ ਦਾ ਮੁੱਦਾ ਚੁੱਕਣ ਤੋਂ ਬਾਅਦ ਉਸ ’ਤੇ ਪੁਲਸ ਅਤੇ ਕੁਝ ਸਿਆਸੀ ਵਿਅਕਤੀਆਂ ਵੱਲੋਂ ਦਬਾਅ ਪਾਇਆ ਜਾ ਰਿਹਾ ਸੀ ਅਤੇ ਉਸ ਨੂੰ ਧਮਕੀਆਂ ਮਿਲ ਰਹੀਆਂ ਸਨ। ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਹੁਣ SFJ ਵੱਲੋਂ ਰੇਲਵੇ ਸਟੇਸ਼ਨ ’ਤੇ ਨਾਅਰੇ ਲਿਖਣ ਦਾ ਦਾਅਵਾ ਅਤੇ ਪਰਿਵਾਰ ਲਈ 5 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤੇ ਜਾਣ ਨਾਲ ਇਹ ਮਾਮਲਾ ਇਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ।

