SGPC Pays Tribute to Former Head Granthi Giani Mohan Singh with Akhand Path Bhog

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

SGPC Pays Tribute to Former Head Granthi Giani Mohan Singh with Akhand Path Bhog

26 ਫ਼ਰਵਰੀ 2026, ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਜੀ, ਜੋ ਬੀਤੇ ਸਮੇਂ ਕੈਨੇਡਾ ਵਿਖੇ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਯਾਦ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਸੀਨੀਅਰ ਅਕਾਲੀ ਆਗੂ ਸ. ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਗਿਆਨੀ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ।

ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਮਾ ਸਮਾਂ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਦੀ ਰਹਿਣੀ ਤੇ ਕਥਨੀ ਇਕ ਹੋ ਜਾਵੇ ਇਹ ਗੁਰੂ ਦੀ ਬਖ਼ਸ਼ਿਸ਼ ਹੁੰਦੀ ਹੈ ਅਤੇ ਗਿਆਨੀ ਜੀ ਦੇ ਜੀਵਨ ਵਿੱਚੋਂ ਇਸ ਦੀ ਝਲਕ ਹਮੇਸ਼ਾ ਝਲਕਦੀ ਰਹੀ। ਉਨ੍ਹਾਂ ਨੇ ਆਪਣੀ ਰਿਹਾਇਸ਼ ਵੀ ਗੁਰੂ ਘਰ ਦੇ ਨਾਂ ਲਗਵਾ ਕੇ ਸੰਗਤ ਲਈ ਵੱਡੀ ਪ੍ਰੇਰਣਾ ਬਣੇ। ਐਡਵੋਕੇਟ ਧਾਮੀ ਨੇ ਗਿਆਨੀ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਏ ਜਾਣ ਅਤੇ ਉਨ੍ਹਾਂ ਦੇ ਜੀਵਨ ਬਾਰੇ ਇੱਕ ਕਿਤਾਬਚਾ ਛਾਪਣ ਦਾ ਐਲਾਨ ਕੀਤਾ। ਇਹ ਕਿਤਾਬਚਾ ਲਿਖਣ ਦੀ ਸੇਵਾ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਨਿਭਾਉਣ ਲਈ ਆਖਿਆ ਗਿਆ ਹੈ।

ਇਹ ਸਮਾਗਮ ਗਿਆਨੀ ਮੋਹਣ ਸਿੰਘ ਜੀ ਦੀ ਸੇਵਾ ਅਤੇ ਗੁਰੂ ਘਰ ਪ੍ਰਤੀ ਉਨ੍ਹਾਂ ਦੀ ਨਿਸ਼ਠਾ ਨੂੰ ਯਾਦ ਕਰਨ ਵਾਲਾ ਰਿਹਾ।