SGPC President Advocate Dhami Condemns Rejection of Prof. Bhullar’s Release Petition

Prof. Devinderpal Singh Bhullar Parole Rejected Again

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਖਾਰਜ ਹੋਣ ‘ਤੇ ਸਖ਼ਤ ਨਿੰਦਾ

10 ਫਰਵਰੀ 2026, ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਰਕਾਰ ਵੱਲੋਂ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੇ ਫੈਸਲੇ ਦੀ ਕੜੀ ਨਿੰਦਾ ਕੀਤੀ ਹੈ। ਉਨ੍ਹਾਂ ਇਸ ਨੂੰ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਅਤੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਵੀ ਕਈ ਵਾਰ ਪਟੀਸ਼ਨ ਰੱਦ ਕੀਤੀ ਗਈ ਸੀ ਅਤੇ ਹੁਣ ਭਾਜਪਾ ਦੀ ਸਰਕਾਰ ਵੀ ਉਸੇ ਰਸਤੇ ‘ਤੇ ਚੱਲ ਰਹੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਜ਼ਾ ਸਮੀਖਿਆ ਬੋਰਡ ਵੱਲੋਂ ਕਈ ਕੈਦੀਆਂ ਦੀ ਸਜ਼ਾ ਮੁਆਫ਼ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ ਪਰ 33 ਸਾਲ ਤੋਂ ਵੱਧ ਸਜ਼ਾ ਭੁਗਤ ਚੁੱਕੇ ਪ੍ਰੋ. ਭੁੱਲਰ ਦੇ ਮਾਮਲੇ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਇਸ ਨਾਲ ਸਿੱਖ ਜਗਤ ਅੰਦਰ ਨਿਰਾਸ਼ਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇੱਕ ਪਾਸੇ ਸਿੱਖ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ ਪਰ ਸਿੱਖਾਂ ਨਾਲ ਜੁੜੇ ਮਾਮਲਿਆਂ ਵਿੱਚ ਉਸ ਦੀ ਪਹੁੰਚ ਦੋਹਰਾ ਚਿਹਰਾ ਵਿਖਾਉਂਦੀ ਹੈ।

ਐਡਵੋਕੇਟ ਧਾਮੀ ਨੇ ਯਾਦ ਕਰਵਾਇਆ ਕਿ ਸਿੱਖਾਂ ਨੇ ਦੇਸ਼ ਲਈ ਹਮੇਸ਼ਾ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਪਰ ਸਰਕਾਰਾਂ ਵੱਲੋਂ ਨਕਾਰਾਤਮਕ ਪਹੁੰਚ ਨੇ ਹਮੇਸ਼ਾ ਨਿਰਾਸ਼ਾ ਦਿੱਤੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਆਪਣੀ ਸਜ਼ਾ ਤੋਂ ਵੱਧ ਸਮਾਂ ਜੇਲ੍ਹ ਵਿੱਚ ਬਿਤਾ ਚੁੱਕੇ ਪ੍ਰੋ. ਭੁੱਲਰ ਨੂੰ ਤੁਰੰਤ ਰਿਹਾਈ ਦੇ ਆਦੇਸ਼ ਜਾਰੀ ਕੀਤੇ ਜਾਣ।

ਇਸ ਫੈਸਲੇ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਮੁੜ ਗਰਮਾ ਦਿੱਤਾ ਹੈ ਅਤੇ ਸਿੱਖ ਜਥੇਬੰਦੀਆਂ ਵੱਲੋਂ ਇਸ ਨੂੰ ਲੈ ਕੇ ਅੰਦੋਲਨ ਤੇਜ਼ ਕਰਨ ਦੀ ਗੱਲ ਕਹੀ ਜਾ ਰਹੀ ਹੈ।