Shiromani Akali Dal will support BJP! Sukhbir Badal posts
BJP ਦਾ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ! ਸੁਖਬੀਰ ਬਾਦਲ ਨੇ ਪਾਈ ਪੋਸਟ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਅੱਜ ਚੰਡੀਗੜ੍ਹ ‘ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਹਿਲਾ ਰਾਖਵਾਂਕਰਨ ਬਿੱਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਸੁਖਬੀਰ ਸਿੰਘ ਬਾਦਲ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਇਥੇ ਇਹ ਦੱਸਣਯੋਗ ਹੈ ਕੀ ਬੀਤੇ ਦਿਨ ਹੀ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ ਅਤੇ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹੁਣ ਕੇਂਦਰ ਸਰਕਾਰ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਹੈ। ਸੁਖਬੀਰ ਬਾਦਲ ਨੇ ਟਵੀਟ ਕਰਦੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਾ ਹੈ, ਜਿਨ੍ਹਾਂ ਨੇ ਔਰਤਾਂ ਦੇ ਸਨਮਾਨ, ਬਰਾਬਰੀ ਅਤੇ ਸਮਾਨ ਅਧਿਕਾਰਾਂ ਦੀ ਵਕਾਲਤ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (@SGPCAmritsar) ਨੇ ਆਪਣੇ ਹਾਊਸ ‘ਚ ਔਰਤਾਂ ਲਈ ਰਾਖਵੇਂਕਰਨ ਦੀ ਵਿਵਸਥਾ ਕਰਕੇ ਪਹਿਲਾਂ ਹੀ ਇਕ ਮਿਸਾਲ ਕਾਇਮ ਕੀਤੀ ਹੈ। ਸੰਸਦ ਦੇ ਸਾਹਮਣੇ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਇਕ ਨਿਰਪੱਖ ਅਤੇ ਨਿਆਂਪੂਰਨ ਹੱਦਬੰਦੀ (Delimitation) ਦੀ ਵੀ ਮੰਗ ਕੀਤੀ ਹੈ ਜੋ ਸਾਰੇ ਰਾਜਾਂ ਨੂੰ ਬਰਾਬਰ ਦੀ ਪ੍ਰਤੀਨਿਧਤਾ ਯਕੀਨੀ ਬਣਾਵੇ। ਮੀਟਿੰਗ ‘ਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ। ਮੀਟਿੰਗ ਦੌਰਾਨ ਪਾਰਟੀ ਨਾਲ ਸਬੰਧਤ ਅਹਿਮ ਮਸਲਿਆਂ ਤੋਂ ਇਲਾਵਾ ਸੂਬੇ ਅਤੇ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਔਰਤਾਂ ਲਈ ਰਾਖਵੇਂਕਰਨ ਅਤੇ ਹੱਦਬੰਦੀ ਦੀ ਪ੍ਰਕਿਰਿਆ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਰਾਜਨੀਤਿਕ ਪ੍ਰਤੀਨਿਧਤਾ ਦੇਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪਹਿਲਾਂ ਹੀ ਔਰਤਾਂ ਲਈ ਰਾਖਵੇਂਕਰਨ ਦੀ ਵਿਵਸਥਾ ਕਰਕੇ ਮਿਸਾਲ ਕਾਇਮ ਕਰ ਚੁੱਕੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਔਰਤਾਂ ਨੂੰ ਉਨ੍ਹਾਂ ਦਾ ਬਣਦਾ ਰਾਜਨੀਤਿਕ ਹੱਕ ਮਿਲਣਾ ਚਾਹੀਦਾ ਹੈ ਅਤੇ ਇਸ ਲਈ ਰਾਖਵੇਂਕਰਨ ਦੀ ਵਿਵਸਥਾ ਨੂੰ ਬਿਨਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੱਦਬੰਦੀ ਦੀ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਨਿਆਂਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹੱਦਬੰਦੀ ਕਿਸੇ ਵੀ ਸੂਬੇ ਜਾਂ ਖੇਤਰ ਨਾਲ ਬੇਇਨਸਾਫ਼ੀ ਕੀਤੇ ਬਿਨਾਂ ਸੰਵਿਧਾਨਕ ਅਤੇ ਲੋਕਤੰਤਰਿਕ ਮਾਪਦੰਡਾਂ ਅਨੁਸਾਰ ਹੋਣੀ ਚਾਹੀਦੀ ਹੈ। ਮੀਟਿੰਗ ਨੂੰ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਰਣਨੀਤੀ ਅਤੇ ਸਿਆਸੀ ਮੁੱਦਿਆਂ ਨੂੰ ਲੈ ਕੇ ਅਹਿਮ ਮੰਨਿਆ ਜਾ ਰਿਹਾ ਹੈ। ਪਾਰਟੀ ਨੇ ਸਪਸ਼ਟ ਕੀਤਾ ਕਿ ਉਹ ਮਹਿਲਾ ਰਾਖਵਾਂਕਰਨ ਬਿੱਲ ਦੇ ਨਾਲ-ਨਾਲ ਹੱਦਬੰਦੀ ਬਿੱਲ ਫੌਰੀ ਪਾਸ ਕੀਤੇ ਜਾਣ ਦੇ ਹੱਕ ਵਿਚ ਹੈ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਰਾਜਾਂ ਵਿਚ ਸੰਸਦੀ ਸੀਟਾਂ ਵਿਚ 50 ਫ਼ੀਸਦੀ ਵਾਧਾ ਕਰਨ ਦੀ ਕੇਂਦਰ ਸਰਕਾਰ ਦੀ ਤਜਵੀਜ਼ ਦਾ ਉਹ ਲੋਕ ਸਭਾ ਵਿਚ ਸਮਰਥਨ ਕਰੇਗੀ। ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਹੱਦਬੰਦੀ ਦੇ ਮਾਮਲੇ ਵਿਚ ਵੀ ਇਹੀ ਮਾਡਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਕ ਨਿਰਪੱਖ ਅਤੇ ਬਰਾਬਰਤਾ ਵਾਲੀ ਹੱਦਬੰਦੀ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ ਤਾਂ ਜੋ ਸਾਰੇ ਰਾਜਾਂ ਨੂੰ ਬਰਾਬਰ ਪ੍ਰਤੀਨਿਧਤਾ ਮਿਲ ਸਕੇ ਅਤੇ ਇਹ ਲਾਗੂ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਹੀ ਯਕੀਨੀ ਬਣਾਇਆ ਜਾ ਸਕਦਾ ਹੈ ਕਿ ਸਾਰੇ ਰਾਜਾਂ ਨੂੰ ਨਿਆਂ ਮਿਲੇ।

