Shiromani Gurdwara Parbandhak Committee delegation reaches Nepal to help flood victims, reviews affected areas
ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਵਿਚ ਆਏ ਭਿਆਨਕ ਹੜਾਂ ਨਾਲ ਆਈ ਤ੍ਰਾਸਦੀ ਦੇ ਪੀੜਤਾਂ ਦੀ ਮਦਦ ਲਈ ਨੇਪਾਲ ਪੁੱਜ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਇਸ ਕੁਦਰਤੀ ਆਫ਼ਤ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿੱਚ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਅਜਾਦ ਦੀਪ ਸਿੰਘ ਸ਼ਾਮਲ ਹਨ। ਨੇਪਾਲ ਵਿਚ ਵਫ਼ਦ ਦਾ ਸਹਿਯੋਗ ਕਰਨ ਲਈ ਸਥਾਨਕ ਸੰਗਤ ਵੱਲੋਂ ਅੰਗਦ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਬੰਧ ਵਾਲੇ ਸਿੱਖ ਮਿਸ਼ਨ ਤੋ ਅਮਰਜੀਤ ਸਿੰਘ ਵੀ ਮੌਜੂਦ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲਵੇਗਾ ਅਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਤੁਰੰਤ ਲੋੜਾਂ ਬਾਰੇ ਜਾਣਕਾਰੀ ਹਾਸਲ ਕਰੇਗਾ। ਇਸ ਤੋਂ ਬਾਅਦ ਪ੍ਰਭਾਵਿਤ ਲੋਕਾਂ ਨੂੰ ਲੋੜ ਅਨੁਸਾਰ ਰਾਸ਼ਨ, ਜ਼ਰੂਰੀ ਵਸਤਾਂ ਅਤੇ ਹੋਰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਸਮੇਤ ਲੋੜੀਂਦੇ ਰਾਹਤ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਦੇਸ਼-ਵਿਦੇਸ਼ ਵਿੱਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਕੀਤੇ ਜਾਂਦੇ ਰਹੇ ਹਨ ਅਤੇ ਹੁਣ ਵੀ ਨੇਪਾਲ ਦੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਫ਼ਦ ਵੱਲੋਂ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਰਾਹਤ ਕਾਰਜਾਂ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ, ਤਾਂ ਜੋ ਸਹਾਇਤਾ ਸਹੀ ਲੋੜਵੰਦਾਂ ਤੱਕ ਪਹੁੰਚ ਸਕੇ।

