Spectacular illumination and fireworks at Sachkhand Sri Darbar Sahib on the occasion of Diwali and Bandi Chhor Divas
ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਦੀਪਮਾਲਾ ਤੇ ਆਤਿਸ਼ਬਾਜ਼ੀ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਗਈ, ਜਿਸ ਦਾ ਅਲੌਕਿਕ ਅਤੇ ਅਦਭੁਤ ਨਜ਼ਾਰਾ ਦੇਖਣ ਵਾਲਾ ਸੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ, ਜਿਨ੍ਹਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਦੇ ਹੋਏ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਇੰਗਲੈਂਡ ਤੋਂ ਆਏ ਇੱਕ ਸ਼ਰਧਾਲੂ ਨੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਸੱਤ ਸਾਲ ਬਾਅਦ ਇੱਥੇ ਦਰਸ਼ਨ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬੜੀ ਬਖਸ਼ਿਸ਼ ਹੋਈ ਹੈ ਕਿ ਉਨ੍ਹਾਂ ਨੂੰ ਅੱਜ ਦੇ ਪਵਿੱਤਰ ਦਿਹਾੜੇ ‘ਤੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਜਿਹੇ ਮੌਕੇ ਬਾਰ-ਬਾਰ ਮਿਲਦੇ ਰਹਿਣ। ਇਸ ਮੌਕੇ ਇਕ ਹੋਰ ਸ਼ਰਧਾਲੂ ਨੇ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਇੱਥੇ ਹੋਣ ਵਾਲੀ ਆਤਿਸ਼ਬਾਜ਼ੀ ਅਤੇ ਦੀਪਮਾਲਾ ਦਾ ਅਨੰਦ ਬਹੁਤ ਹੀ ਅਲੌਕਿਕ ਹੈ। ਇੱਥੇ ਆ ਕੇ ਮਨ ਨੂੰ ਅਪਾਰ ਸ਼ਾਂਤੀ ਅਤੇ ਆਤਮਿਕ ਆਨੰਦ ਮਿਲਦਾ ਹੈ, ਜੋ ਕਿ ਸਿੱਖ ਮਰਿਆਦਾ ਅਤੇ ਅਟੱਲ ਸ਼ਰਧਾ ਦਾ ਪ੍ਰਤੀਕ ਹੈ। ਵਿਦੇਸ਼ੀ ਸੰਗਤ ਨੇ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਆਉਣਾ ਚਾਹੀਦਾ ਹੈ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ।

