Sri Akal Takht Sahib imposes one-month ban on Kirtani jathas of Bhai Jagjit Singh Babiha and Bhai Kulwinder Singh Kharar
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ’ਤੇ ਇੱਕ ਮਹੀਨੇ ਦੀ ਰੋਕ
*ਗੁਰਮਤਿ ਦੀ ਸਿੱਖਿਆ ਲੈਣ ਅਤੇ ਲੰਗਰ ਹਾਲ ਵਿੱਚ ਸੇਵਾ ਕਰਨ ਦੇ ਆਦੇਸ਼; ਇੱਕ ਮਹੀਨੇ ਬਾਅਦ ਪ੍ਰਮਾਣ ਪੱਤਰਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਾ ਪਵੇਗਾ ਪੇਸ਼
ਸ੍ਰੀ ਅੰਮ੍ਰਿਤਸਰ, (ਆਵਾਜ਼ਿ ਕੌਮ ਬਿਊਰੋ)- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ਨੂੰ ਸੰਗਤ ਵਿੱਚ ਕੀਰਤਨ ਕਰਨ ਤੋਂ ਇੱਕ ਮਹੀਨੇ ਲਈ ਰੋਕ ਦਿੱਤੀ ਗਈ ਹੈ। ਇਹ ਪਾਬੰਦੀ 13 ਨਵੰਬਰ 2026 ਤੋਂ 12 ਦਸੰਬਰ 2026 ਤੱਕ ਲਾਗੂ ਰਹੇਗੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ਾਂ ਅਨੁਸਾਰ ਇਹ ਕਾਰਵਾਈ ਦੋਵਾਂ ਕੀਰਤਨੀ ਜਥਿਆਂ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਆਪਸੀ ਵਿਵਾਦ ਅਤੇ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਕੀਤੀ ਗਈ ਹੈ।
ਸਕੱਤਰੇਤ ਵੱਲੋਂ ਜਾਰੀ ਆਦੇਸ਼ ਅਨੁਸਾਰ ਭਾਈ ਜਗਜੀਤ ਸਿੰਘ ਬਬੀਹਾ ਇੱਕ ਮਹੀਨੇ ਲਈ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਗੁਰਮਤਿ ਸੰਗੀਤ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਮਤਿ ਦੀ ਸਿੱਖਿਆ ਪ੍ਰਾਪਤ ਕਰਨਗੇ। ਇਸ ਦੌਰਾਨ ਉਨ੍ਹਾਂ ਨੂੰ ਸਿੱਖ ਰਹਿਤ ਮਰਯਾਦਾ, ਸੰਗਤ ਵਿੱਚ ਵਿਚਰਨ ਦੇ ਢੰਗ ਅਤੇ ਗੁਰਮਤਿ ਸੰਗੀਤ ਦੀ ਸੂਝ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਦੋਵਾਂ ਨੂੰ ਮਨ ਵਿੱਚ ਨਿਮਰਤਾ ਅਤੇ ਸੇਵਾ ਭਾਵਨਾ ਪੈਦਾ ਕਰਨ ਲਈ ਲੰਗਰ ਹਾਲ ਵਿੱਚ ਸਵੇਰੇ ਅਤੇ ਸ਼ਾਮ ਸੇਵਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਇੱਕ ਮਹੀਨੇ ਦੀ ਸਿੱਖਿਆ ਅਤੇ ਸੇਵਾ ਪੂਰੀ ਕਰਨ ਉਪਰੰਤ ਦੋਵੇਂ ਕੀਰਤਨੀਏ ਆਪੋ-ਆਪਣੀਆਂ ਸੰਸਥਾਵਾਂ ਤੋਂ ਪ੍ਰਮਾਣ ਪੱਤਰ ਪ੍ਰਾਪਤ ਕਰਕੇ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਣਗੇ।
ਸਕੱਤਰੇਤ ਵੱਲੋਂ ਜਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਗੁਰਬਾਣੀ ਕੀਰਤਨ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਅਨਮੋਲ ਦਾਤ ਹੈ ਅਤੇ ਇਹ ਰੂਹ ਦੀ ਖੁਰਾਕ ਹੈ। ਗੁਰਬਾਣੀ ਕੀਰਤਨ ਕਰਨ ਵਾਲੇ ਵਿਅਕਤੀ ਅੰਦਰ ਗੁਰੂ ਪ੍ਰਤੀ ਭੈਅ-ਭਾਵਨੀ, ਨਿਮਰਤਾ, ਸਿੱਖ ਰਹਿਤ ਮਰਯਾਦਾ ਦੀ ਜਾਣਕਾਰੀ ਅਤੇ ਗੁਰਬਾਣੀ ਦੀ ਪਰੰਪਰਾਗਤ ਸੰਗੀਤ ਪ੍ਰਣਾਲੀ ਦਾ ਗਿਆਨ ਹੋਣਾ ਬੇਹੱਦ ਜ਼ਰੂਰੀ ਹੈ।
ਆਦੇਸ਼ ਵਿੱਚ ਦੋਵਾਂ ਕੀਰਤਨੀ ਜਥਿਆਂ ਵੱਲੋਂ ਪਿਛਲੇ ਸਮੇਂ ਦੌਰਾਨ ਗੁਰਬਾਣੀ ਕੀਰਤਨ ਦੀ ਮਰਯਾਦਾ ਦੀ ਉਲੰਘਣਾ ਕਰਨ ਅਤੇ ਇੱਕ-ਦੂਜੇ ਵਿਰੁੱਧ ਸੋਸ਼ਲ ਮੀਡੀਆ ’ਤੇ ਕਥਿਤ ਤੌਰ ’ਤੇ ਹਲਕੇ ਪੱਧਰ ਦੀ ਬਿਆਨਬਾਜ਼ੀ ਕਰਨ ’ਤੇ ਵੀ ਇਤਰਾਜ਼ ਜਤਾਇਆ ਗਿਆ ਹੈ। ਇੱਥੋਂ ਤੱਕ ਕਿ ਗੁਰਦੁਆਰਾ ਸਾਹਿਬਾਨ ਦੇ ਦੀਵਾਨ ਹਾਲ ਵਿੱਚੋਂ ਵੀ ਇੱਕ-ਦੂਜੇ ਵਿਰੁੱਧ ਦੂਸ਼ਣਬਾਜ਼ੀ ਕੀਤੇ ਜਾਣ ਦਾ ਜ਼ਿਕਰ ਕੀਤਾ ਗਿਆ ਹੈ।
ਸਕੱਤਰੇਤ ਅਨੁਸਾਰ ਅਜਿਹੇ ਵਰਤਾਰੇ ਨਾਲ ਪੁਰਾਤਨ ਕੀਰਤਨੀਆਂ ਅਤੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਇਸੇ ਦੇ ਮੱਦੇਨਜ਼ਰ ਦੋਵਾਂ ਜਥਿਆਂ ਨੂੰ ਗੁਰਮਤਿ ਦੀ ਸਿੱਖਿਆ, ਨਿਮਰਤਾ ਅਤੇ ਸੇਵਾ ਭਾਵਨਾ ਨਾਲ ਜੋੜਨ ਲਈ ਇਹ ਆਦੇਸ਼ ਜਾਰੀ ਕੀਤੇ ਗਏ ਹਨ।



