Subhan Rangriz, who performed Hajj in the Sarovar of Darbar Sahib, appeared in the Amritsar court.
ਦਰਬਾਰ ਸਾਹਿਬ ਦੇ ਸਰੋਵਰ ਵਿੱਚ ਹਜੂ ਕਰਨ ਵਾਲਾ ਸੁਬਹਾਨ ਰੰਗਰੀਜ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼

ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਹਜੂ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਸੁਬਹਾਨ ਰੰਗਰੀਜ ਨੂੰ ਅੱਜ ਅੰਮ੍ਰਿਤਸਰ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਨਯੋਗ ਅਦਾਲਤ ਵੱਲੋਂ ਪੁਲਿਸ ਦੀ ਅਰਜ਼ੀ ‘ਤੇ ਸੁਣਵਾਈ ਕਰਨ ਉਪਰਾਂਤ ਸੁਬਹਾਨ ਰੰਗਰੀਜ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਇੱਕ ਨੌਜਵਾਨ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਹਜੂ ਕਰਦਾ ਹੋਇਆ ਨਜ਼ਰ ਆ ਰਿਹਾ ਸੀ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਥਾਣਾ ਕਤਵਾਲੀ ਪੁਲਿਸ ਨੂੰ ਲਿਖਤੀ ਦਰਖ਼ਾਸਤ ਦਿੱਤੀ ਗਈ ਸੀ। ਇਸ ਦਰਖ਼ਾਸਤ ਦੇ ਆਧਾਰ ‘ਤੇ ਕਤਵਾਲੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਪੁਲਿਸ ਨੇ ਸੁਬਹਾਨ ਰੰਗਰੀਜ ਨੂੰ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕੀਤਾ। ਬਾਅਦ ਵਿੱਚ ਗਾਜ਼ੀਆਬਾਦ ਦੀ ਮਾਨਯੋਗ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕਰਕੇ ਅੱਜ ਉਸਨੂੰ ਅੰਮ੍ਰਿਤਸਰ ਲਿਆਂਦਾ ਗਿਆ, ਜਿੱਥੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਰਿਮਾਂਡ ਦੌਰਾਨ ਨੌਜਵਾਨ ਤੋਂ ਮਾਮਲੇ ਸਬੰਧੀ ਹੋਰ ਪੁੱਛਗਿੱਛ ਕੀਤੀ ਜਾਵੇਗੀ।
