Sukhbir Badal appears in court in Kotkapura firing case
ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ਸੁਖਬੀਰ ਬਾਦਲ ਅਦਾਲਤ ‘ਚ ਪੇਸ਼
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੀਰਵਾਰ ਨੂੰ 11 ਸਾਲ ਪੁਰਾਣੇ ਕੋਟਕਪੂਰਾ ਗੋਲੀਬਾਰੀ ਮਾਮਲੇ ਦੇ ਸਬੰਧ ਵਿਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਏ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਇਹ ਕੇਸ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ। ਸੂਤਰਾਂ ਮੁਤਾਬਕ ਸੁਖਬੀਰ ਬਾਦਲ ਹਾਲ ਹੀ ਵਿਚ ਅਦਾਲਤ ਦੀ ਇਜਾਜ਼ਤ ਲੈਣ ਮਗਰੋਂ ਵਿਦੇਸ਼ ਗਏ ਸਨ, ਵਾਪਸ ਆਉਣ ‘ਤੇ, ਉਹ ਆਪਣੀ ਹਾਜ਼ਰੀ ਲਵਾਉਣ ਲਈ ਅਦਾਲਤ ਵਿਚ ਪੇਸ਼ ਹੋਏ। ਉਨ੍ਹਾਂ ਦੇ ਵਕੀਲ ਰਾਜੇਸ਼ ਕੁਮਾਰ ਰਾਏ ਵੀ ਕਾਰਵਾਈ ਦੌਰਾਨ ਮੌਜੂਦ ਸਨ। ਦੱਸਣਯੋਗ ਹੈ ਕਿ 14 ਅਕਤੂਬਰ 2015 ਨੂੰ ਫਰੀਦਕੋਟ ਜ਼ਿਲ੍ਹੇ ਵਿਚ ਬਰਗਾੜੀ ਬੇਅਦਬੀ ਘਟਨਾ ਖ਼ਿਲਾਫ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਚ ਵੱਡੀ ਗਿਣਤੀ ਲੋਕ ਪ੍ਰਦਰਸ਼ਨ ਕਰ ਰਹੇ ਸਨ। ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕੀਤੀ। ਗੋਲੀਬਾਰੀ ਦੌਰਾਨ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ, ਜਦੋਂ ਕਿ ਕੋਟਕਪੂਰਾ ਵਿਚ ਕਈ ਲੋਕ ਜ਼ਖਮੀ ਹੋਏ ਸਨ। ਅਦਾਲਤ ਨੇ ਸੁਣਵਾਈ ਦੀ ਅਗਲੀ ਤਾਰੀਖ਼ 17 ਅਕਤੂਬਰ ਨਿਰਧਾਰਤ ਕੀਤੀ ਹੈ।

