Sunil Jakhar’s major statement on discussions regarding an Akali-BJP alliance
ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ ‘ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀਆਂ ਚੱਲ ਰਹੀਆਂ ਚਰਚਾਵਾਂ ‘ਤੇ ਸੁਨੀਲ ਜਾਖੜ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਨੇ ਆਪਣੀ ਰਾਏ ਕੇਂਦਰੀ ਹਾਈਕਮਾਂਡ ਨਾਲ ਸਾਂਝੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਖ਼ਰੀ ਫ਼ੈਸਲਾ ਕੇਂਦਰੀ ਲੀਡਰਸ਼ਿਪ ਦੁਆਰਾ ਲਿਆ ਜਾਵੇਗਾ ਅਤੇ ਉਦੋਂ ਤੱਕ ਇਹ ਚਰਚਾਵਾਂ ਚੱਲਦੀਆਂ ਰਹਿਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਇਸ ਅਨਿਸ਼ਚਿਤਤਾ ਕਾਰਨ ਵਿਰੋਧੀਆਂ ਦੀਆਂ ਰਾਤਾਂ ਦੀ ਨੀਂਦ ਉੱਡੀ ਹੋਈ ਹੈ। ਇਥੇ ਦੱਸ ਦੇਈਏ ਕਿ ਨਿਤਿਨ ਨਬੀਨ ਦੇ ਪੰਜਾਬ ਦੌਰੇ ਮੌਕੇ ‘ਤੇ ਭਾਜਪਾ ਆਗੂਆਂ ਦੀ ਨਿੱਜੀ ਹੋਟਲ ਵਿਚ ਇਕ ਮੀਟਿੰਗ ਹੋਈ। ਇਸ ਦੌਰਾਨ ਪਰਨੀਤ ਕੌਰ ਵੀ ਮੌਜੂਦ ਰਹੇ। ਭਾਜਪਾ ਆਗੂ ਸੁਨੀਲ ਜਾਖੜ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਇਕ ਵਿਆਪਕ ‘ਚਾਰਜਸ਼ੀਟ’ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਜਾਖੜ ਅਨੁਸਾਰ ਇਹ ਚਾਰਜਸ਼ੀਟ ਸਿਰਫ਼ ਕਾਗਜ਼ਾਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਹਰ ਬੂਥ ਪੱਧਰ ‘ਤੇ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਚਾਲਾਨ ਪੇਸ਼ ਕੀਤੇ ਜਾਣਗੇ ਅਤੇ ਦੋਸ਼ੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਜਾਖੜ ਨੇ ਕਿਹਾ ਕਿ ਭਾਜਪਾ ਦੀ ਚਾਰਜਸ਼ੀਟ ਮੁਹਿੰਮ ਦਾ ਪਹਿਲਾ ਪ੍ਰੋਗਰਾਮ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਹਲਕੇ ਤੋਂ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਇਕ ਵਿਸ਼ੇਸ਼ ਵੈੱਬਸਾਈਟ ਵੀ ਲਾਂਚ ਕਰਨ ਜਾ ਰਹੀ ਹੈ, ਜਿਸ ਰਾਹੀਂ ਆਮ ਲੋਕ ਸਰਕਾਰ ਖ਼ਿਲਾਫ਼ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ। ਸੁਨੀਲ ਜਾਖੜ ਨੇ ਸੂਬੇ ‘ਚ ਭ੍ਰਿਸ਼ਟਾਚਾਰ, ਨਸ਼ਾ, ਖ਼ਰਾਬ ਕਾਨੂੰਨ-ਵਿਵਸਥਾ, ਗੈਂਗਸਟਰਵਾਦ, ਫਿਰੌਤੀਆਂ, ਬੇਰੋਜ਼ਗਾਰੀ ਅਤੇ ਇੰਡਸਟਰੀ ਦੇ ਪਲਾਇਨ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਿਆ। ਉਨ੍ਹਾਂ ਜ਼ਿਮਨੀ ਚੋਣਾਂ ਦਾ ਹਵਾਲਾ ਦਿੰਦੇ ਦੋਸ਼ ਲਾਇਆ ਕਿ ਪੁਲਸ ਦੀ ਧੱਕੇਸ਼ਾਹੀ ਨਾਲ ਭਾਜਪਾ ਉਮੀਦਵਾਰਾਂ ਨੂੰ ਫਾਰਮ ਤੱਕ ਨਹੀਂ ਭਰਨ ਦਿੱਤੇ ਗਏ, ਜਿਸ ਤੋਂ ਬਾਅਦ ਹਾਈਕੋਰਟ ਦੇ ਦਖ਼ਲ ਨਾਲ ਦੋਬਾਰਾ ਚੋਣਾਂ ਹੋ ਰਹੀਆਂ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ‘ਤੇ ਚੁਟਕੀ ਲੈਂਦਿਆਂ ਜਾਖੜ ਨੇ ਕਿਹਾ ਚਰਨਜੀਤ ਸਿੰਘ ਚੰਨੀ ਤਾਂ ਮੁੰਗੇਰੀ ਲਾਲ ਦੇ ਸੁਫ਼ਨੇ ਵੇਖ ਰਹੇ ਹਨ। ਚੰਨੀ ਨੂੰ ਆਪਣੀ ਸਰਕਾਰ ਵੇਲੇ ਹੋਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਸਹਿਮਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਨੀ ਦੇ ਆਪਣੇ ਹੀ ਕੈਬਨਿਟ ਮੰਤਰੀਆਂ ਨੇ ਐੱਸ. ਐੱਸ. ਪੀ. ਅਤੇ ਏ. ਡੀ. ਜੀ. ਪੀ. ਰੈਂਕ ਦੀਆਂ ਪ੍ਰਮੋਸ਼ਨਾਂ ਵਿੱਚ ਪੈਸੇ ਦੇ ਲੈਣ-ਦੇਣ ਦੇ ਗੰਭੀਰ ਦੋਸ਼ ਲਾਏ ਸਨ। ਇਸ ਤੋਂ ਇਲਾਵਾ ਉਨ੍ਹਾਂ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਵੱਲੋਂ ਐੱਸ. ਆਈ. ਆਰ. ਮੁੱਦੇ ‘ਤੇ ਪੰਜਾਬ ਆ ਕੇ ਗੱਲ ਨਾ ਕਰਨ ਅਤੇ ਬਾਹਰ ਜਾ ਕੇ ਬਿਆਨਬਾਜ਼ੀ ਕਰਨ ਦੀ ਆਲੋਚਨਾ ਕੀਤੀ। ਪਰਾਲੀ ਦੇ ਮੁੱਦੇ ‘ਤੇ ਜਾਖੜ ਨੇ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਕੇਂਦਰ ਨੇ ਲਗਭਗ 350 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ‘ਸਹਿਕਾਰੀ ਸੰਘਵਾਦ’ (Cooperative Federalism) ਤਹਿਤ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੇ ਕੇਂਦਰ ਵਿਰੋਧੀ ਰਵੱਈਏ ਕਾਰਨ ਪੰਜਾਬ ਦੇ ਸਿਹਤ, ਸਿੱਖਿਆ ਅਤੇ ਸੜਕੀ ਢਾਂਚੇ ਦੀ ਮੰਦੀ ਹਾਲਤ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿਰਫ਼ ਕੇਂਦਰ ਦੀ ਐੱਨ. ਡੀ. ਏ. ਸਰਕਾਰ ਨਾਲ ਮਿਲ ਕੇ ਕੰਮ ਕਰਨ ਵਾਲੀ ਸਰਕਾਰ ਹੀ ਪੰਜਾਬ ਨੂੰ ਇਸ ਸੰਕਟ ਵਿੱਚੋਂ ਕੱਢ ਸਕਦੀ ਹੈ। ਦਲਿਤ ਵਰਗ ਨੂੰ ਨਾਲ ਜੋੜਨ ਬਾਰੇ ਪੁੱਛੇ ਸਵਾਲ ‘ਤੇ ਜਾਖੜ ਨੇ ਕਿਹਾ ਕਿ ਭਾਜਪਾ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਅਨੁਸਾਰ ‘ਸਭ ਕਾ ਸਾਥ, ਸਭ ਕਾ ਵਿਕਾਸ’ ਦੇ ਸਿਧਾਂਤ ‘ਤੇ ਚੱਲਦਿਆਂ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ।

