350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ

ਅੰਮ੍ਰਿਤਸਰ, 6 ਅਗਸਤ 2025 ਬੀਤੇ ਦਿਨ (5 ਅਗਸਤ) ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਦੀ ਅਗਵਾਈ ’ਚ ਇਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ’ਤੇ ਵਿਚਾਰ-ਚਰਚਾ ਲਈ ਕੀਤੀ ਗਈ।
ਮੁਲਾਕਾਤ ਦੌਰਾਨ ਸ. ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ 31 ਅਗਸਤ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਇਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਝਾੜਖੰਡ, ਬੰਗਾਲ, ਕਲਕੱਤਾ, ਆਸਣਸੋਹਲ, ਉੜੀਸਾ, ਬਨਾਰਸ, ਕਾਨ੍ਹਪੁਰ, ਲਖਨਊ, ਉੱਤਰਾਖੰਡ, ਦਿੱਲੀ, ਅਤੇ ਹਰਿਆਣਾ ਰਾਹੀਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਇਸ ਮੌਕੇ ਉਨ੍ਹਾਂ ਨੇ ਐਡਵੋਕੇਟ ਧਾਮੀ ਨੂੰ ਇਸ ਨਗਰ ਕੀਰਤਨ ’ਚ ਸ਼ਮੂਲੀਅਤ ਲਈ ਸੱਦਾ ਦਿੱਤਾ ਅਤੇ ਸਿੱਖ ਸੰਸਥਾਵਾਂ ਤੋਂ ਸਹਿਯੋਗ ਦੀ ਅਪੀਲ ਕੀਤੀ। ਵਫ਼ਦ ’ਚ ਸ. ਜਸਬੀਰ ਸਿੰਘ ਧਾਮ (ਮੁੰਬਈ), ਜਨਰਲ ਸਕੱਤਰ ਸ. ਇੰਦਰਜੀਤ ਸਿੰਘ, ਅਤੇ ਮੀਤ ਪ੍ਰਧਾਨ ਸ. ਗੁਰਵਿੰਦਰ ਸਿੰਘ ਵੀ ਸ਼ਾਮਲ ਸਨ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੁਲਾਕਾਤ ’ਚ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਇਸ ਨਗਰ ਕੀਰਤਨ ਲਈ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਜਾਹ-ਜਲਾਲ ਨਾਲ ਮਨਾਏਗੀ ਅਤੇ ਇਸ ਲਈ ਸੰਯੁਕਤ ਯਤਨ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਸਨਮਾਨਿਤ ਵੀ ਕੀਤਾ।