SGPC Organizes 100th Martyrdom Centenary of S. Teja Singh Samundri
ਸ਼੍ਰੋਮਣੀ ਕਮੇਟੀ ਨੇ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ
ਅੰਮ੍ਰਿਤਸਰ, 17 ਜੁਲਾਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਮਹਾਨ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ ਅਤੇ ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਸ. ਤਰਨਜੀਤ ਸਿੰਘ ਸੰਧੂ ਸਮੇਤ ਕਈ ਧਾਰਮਿਕ, ਪੰਥਕ ਅਤੇ ਸਮਾਜਿਕ ਸ਼ਖ਼ਸੀਅਤਾਂ ਹਾਜ਼ਰ ਸਨ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਆਪਣਾ ਸਾਰਾ ਜੀਵਨ ਪੰਥ ਅਤੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਅੱਜ ਵੀ ਸਿੱਖ ਪੰਥ ਲਈ ਰਾਹ ਦਸੇਰਾ ਹਨ ਅਤੇ ਮੌਜੂਦਾ ਸਮੇਂ ਵਿੱਚ ਪੰਥਕ ਏਕਤਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਨੇ ਸੁਤੰਤਰ ਪੰਥਕ ਮੀਡੀਆ ਦੀ ਲੋੜ ਉੱਤੇ ਵੀ ਜ਼ੋਰ ਦਿੱਤਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਅੰਗਰੇਜ਼ ਹਕੂਮਤ ਅਤੇ ਮਹੰਤਵਾਦ ਦੇ ਵਿਰੁੱਧ ਡਟ ਕੇ ਸੰਘਰਸ਼ ਕੀਤਾ ਅਤੇ ਕਦੇ ਵੀ ਜ਼ੁਲਮ ਅੱਗੇ ਝੁਕਣਾ ਸਵੀਕਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸ. ਸਮੁੰਦਰੀ ਦਾ ਸੰਘਰਸ਼, ਕੁਰਬਾਨੀ ਅਤੇ ਨਿਰਸਵਾਰਥ ਸੇਵਾ ਅੱਜ ਵੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ।

ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਸ. ਤਰਨਜੀਤ ਸਿੰਘ ਸੰਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਦੇ ਦਾਦਾ ਜੀ ਨੇ ਆਪਣਾ ਜੀਵਨ ਪੰਥ, ਸਮਾਜ ਅਤੇ ਸਿੱਖਿਆ ਦੇ ਪ੍ਰਸਾਰ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਪਣੀ ਵਿਰਾਸਤ ਅਤੇ ਇਤਿਹਾਸ ਨਾਲ ਜੋੜਨਾ ਸਮੇਂ ਦੀ ਲੋੜ ਹੈ।
ਸਮਾਗਮ ਦੌਰਾਨ ਸ. ਤੇਜਾ ਸਿੰਘ ਸਮੁੰਦਰੀ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ, ਧਾਰਮਿਕ ਵਿਦਵਾਨ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਰਹੀਆਂ।
