The birth anniversary of the Fourth Guru is being celebrated with great fervor at Sri Harmandir Sahib; magnificent displays (jalau) have been set up
ਸ੍ਰੀ ਹਰਿਮੰਦਰ ਸਾਹਿਬ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਚੌਥੇ ਪਾਤਸ਼ਾਹ ਦਾ ਪ੍ਰਕਾਸ਼ ਪੁਰਬ, ਸਜੇ ਅਲੌਕਿਕ ਜਲੌਅ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)- ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਦਿਹਾੜੇ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌਅ ਸਾਹਿਬ ਸਜਾਏ ਗਏ, ਜਿਨ੍ਹਾਂ ਦੇ ਦਰਸ਼ਨ ਕਰਕੇ ਸੰਗਤਾਂ ਨਿਹਾਲ ਹੋ ਰਹੀਆਂ ਹਨ। ਗੁਰੂ ਘਰ ਦੀ ਫੁੱਲਾਂ ਨਾਲ ਕੀਤੀ ਗਈ ਸਜਾਵਟ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਪ੍ਰਕਾਸ਼ ਪੁਰਬ ਮੌਕੇ ਜਲੌਅ ਸਾਹਿਬ ਵਿੱਚ ਬੇਸ਼ਕੀਮਤੀ ਹੀਰੇ-ਜਵਾਹਰਾਤ, ਸੁਨਹਿਰੀ ਕਹੀਆਂ, ਬਾਟੇ ਅਤੇ ਹੋਰ ਕੀਮਤੀ ਵਸਤਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ। ਇਹ ਵਸਤਾਂ ਗੁਰੂ ਘਰ ਨਾਲ ਸੰਗਤਾਂ ਦੀ ਅਥਾਹ ਸ਼ਰਧਾ ਅਤੇ ਪਿਆਰ ਦੀ ਗਵਾਹੀ ਭਰਦੀਆਂ ਹਨ। ਇਸ ਦੌਰਾਨ ਸੰਗਤਾਂ ਨੇ ਗੁਰੂ ਸਾਹਿਬ ਦੇ ਦਰਸ਼ਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮਨਜੀਤ ਸਿੰਘ ਜੱਜੇਆਣੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸਿੱਖ ਸੰਗਤਾਂ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਜਲੌਅ ਸਾਹਿਬ ਦੇ ਦਰਸ਼ਨ ਸੰਗਤਾਂ ਦੇ ਮਨਾਂ ਵਿੱਚ ਸ਼ਰਧਾ ਅਤੇ ਵੈਰਾਗ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਅਤੇ ਹੋਰ ਸ਼ਰਧਾਲੂਆਂ ਵੱਲੋਂ ਗੁਰੂ ਘਰ ਵਿਖੇ ਭੇਟ ਕੀਤੀਆਂ ਗਈਆਂ ਕੀਮਤੀ ਵਸਤਾਂ ਗੁਰੂ ਸਾਹਿਬ ਪ੍ਰਤੀ ਅਥਾਹ ਪਿਆਰ ਦਾ ਪ੍ਰਤੀਕ ਹਨ। ਇਸ ਮੌਕੇ ਭਾਈ ਸੁਖਮੀਨ ਸਿੰਘ ਜੀ, ਕਵੀਸ਼ਰ ਜਥਾ ਅੰਮ੍ਰਿਤਸਰ, ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤ ਛਕ ਕੇ ਗੁਰਸਿੱਖੀ ਜੀਵਨ ਅਪਣਾਉਣ ਅਤੇ ਗੁਰਬਾਣੀ ਨਾਲ ਜੁੜਨ। ਉਨ੍ਹਾਂ ਕਿਹਾ ਕਿ ਸ਼ਾਮ ਸਮੇਂ ਦੀਪਮਾਲਾ ਅਤੇ ਆਤਿਸ਼ਬਾਜ਼ੀ ਨਾਲ ਗੁਰੂ ਨਗਰੀ ਦੀ ਰੌਣਕ ਹੋਰ ਵਧੇਗੀ। ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਨੌਜਵਾਨ ਪੀੜ੍ਹੀ ਨੂੰ ਆਪਸੀ ਝਗੜਿਆਂ ਤੋਂ ਦੂਰ ਰਹਿਣ, ਜਾਤ-ਪਾਤ ਤੋਂ ਉੱਪਰ ਉੱਠਣ ਅਤੇ ਗੁਰਸਿੱਖੀ ਦੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਰ ਘਰ ਵਿੱਚ ਗੁਰਸਿੱਖੀ ਦਾ ਬੂਟਾ ਲਗਾਉਣਾ ਅਤੇ ਬਾਣੀ ਨਾਲ ਪ੍ਰੀਤ ਪਾਉਣਾ ਸਮੇਂ ਦੀ ਲੋੜ ਹੈ। ਉੱਥੇ ਹੀ ਬਜ਼ੁਰਗ ਸ਼ਰਧਾਲੂ ਅਤੇ ਵਿਦਵਾਨ ਸੱਜਣ ਨੇ ਕਿਹਾ ਕਿ ਜਲੌਅ ਸਾਹਿਬ ਵਿੱਚ ਸਜਾਈਆਂ ਗਈਆਂ ਵਸਤਾਂ ਸਿੱਖ ਇਤਿਹਾਸ ਅਤੇ ਗੁਰੂ ਘਰ ਦੀਆਂ ਸੇਵਾਵਾਂ ਦੀ ਯਾਦ ਦਿਵਾਉਂਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰ ਵਿਖੇ ਦਰਸ਼ਨਾਂ ਦੇ ਨਾਲ-ਨਾਲ ਇਕਾਗਰ ਚਿੱਤ ਹੋ ਕੇ ਗੁਰਬਾਣੀ ਅਤੇ ਕੀਰਤਨ ਦਾ ਆਨੰਦ ਮਾਣਿਆ ਜਾਵੇ। ਇਸ ਤਰ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਆਤਮਿਕਤਾ ਦਾ ਮਾਹੌਲ ਬਣਿਆ ਹੋਇਆ ਹੈ। ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨ ਕਰਕੇ ਗੁਰਬਾਣੀ ਨਾਲ ਜੁੜਨ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕਰਨ ਦਾ ਸੁਨੇਹਾ ਲੈ ਰਹੀਆਂ ਹਨ।

