The entire leadership of the Shiromani Akali Dal, along with its workers, has reached Delhi to stage a protest in front of the Lok Sabha
ਲੋਕ ਸਭਾ ਅੱਗੇ ਰੋਸ ਪ੍ਰਦਰਸ਼ਨ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਦੀ ਸਮੁੱਚੀ ਲੀਡਰਸ਼ਿਪ ਵਰਕਰਾਂ ਸਮੇਤ ਦਿੱਲੀ ਪਹੁੰਚੀ *ਐੱਸਜੀਪੀਸੀ ਚੋਣਾਂ ਜਲਦ ਕਰਵਾਉਣ, ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਉਠਾਈ ਜਾਵੇਗੀ ਮੰਗ
ਦਿੱਲੀ (ਆਵਾਜ਼ਿ ਕੌਮ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਪੁਨਰ ਦੀ ਸਮੁੱਚੀ ਲੀਡਰਸ਼ਿਪ ਅੱਜ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਸਮੇਤ ਦਿੱਲੀ ਪਹੁੰਚੀ। ਪਾਰਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀਆਂ ਚੋਣਾਂ ਜਲਦ ਕਰਵਾਉਣ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਅਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲੋਕ ਸਭਾ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਇਕੱਤਰ ਹੋਏ। ਇਸ ਮੌਕੇ ਸ. ਪਰਮਿੰਦਰ ਸਿੰਘ ਢੀਂਡਸਾ, ਸ. ਸੁੱਚਾ ਸਿੰਘ ਛੋਟੇਪੁਰ, ਸ. ਸਰਵਣ ਸਿੰਘ ਫਿਲੌਰ, ਸ. ਗਗਨਜੀਤ ਸਿੰਘ ਬਰਨਾਲਾ, ਸ. ਕਰਨੈਲ ਸਿੰਘ ਪੀਰਮੁਹੰਮਦ, ਸ. ਅਜੇਪਾਲ ਸਿੰਘ ਮੀਰਾਂਕੋਟ, ਸ. ਰਣਧੀਰ ਸਿੰਘ ਰੱਖੜਾ, ਸ. ਭੁਪਿੰਦਰ ਸਿੰਘ ਸ਼ੇਖੂਪੁਰ, ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ, ਬਾਬਾ ਹਰਦੀਪ ਸਿੰਘ, ਮਿੱਠੂ ਸਿੰਘ ਕਾਹਨੇਕੇ, ਸ. ਤੇਜਿੰਦਰ ਸਿੰਘ ਪੰਨੂੰ (ਮੀਡੀਆ ਇੰਚਾਰਜ), ਸ. ਜਗਜੀਤ ਸਿੰਘ ਕੋਹਲੀ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਵੀ ਆਪਣੀ ਸਮੁੱਚੀ ਟੀਮ ਸਮੇਤ ਮੌਜੂਦ ਰਹੇ। ਇੱਥੋਂ ਜਲਦੀ ਹੀ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਰੋਸ ਮਾਰਚ ਸ਼ੁਰੂ ਹੋਵੇਗਾ। ਇਸ ਮਾਰਚ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਦੀ ਸਮੁੱਚੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਸ਼ਮੂਲੀਅਤ ਕਰਨਗੇ।

